ਮੁੱਖ ਮੰਤਰੀ ਸਿਹਤ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ : ਢੋਟ
ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਰਜਿਸਟ੍ਰੇਸ਼ਨ ਆਰੰਭ, ਕਰੋੜਾਂ ਲੋਕਾਂ ਨੂੰ ਵੱਡੀ ਰਾਹਤ
Publish Date: Sun, 01 Feb 2026 09:29 PM (IST)
Updated Date: Sun, 01 Feb 2026 09:31 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੁੱਖ ਮੰਤਰੀ ਸਿਹਤ ਯੋਜਨਾ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਯੋਜਨਾ ਅਧੀਨ ਪੰਜਾਬ ਦੇ 3 ਕਰੋੜ ਤੋਂ ਵੱਧ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਪਰਵਿੰਦਰ ਢੋਟ, ਜ਼ਿਲ੍ਹਾ ਪ੍ਰਧਾਨ ਵਿਰਾਸਤ ਸੇਵਾ ਸੰਗਠਨ ਵਿੰਗ ਕਪੂਰਥਲਾ ਨੇ ਕੀਤਾ। ਉਨ੍ਹਾਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨ ਸਰਕਾਰ ਦਾ ਮੁੱਖ ਮਕਸਦ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਗਰੀਬ, ਮੱਧ ਵਰਗ ਅਤੇ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਅੱਗੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਯੂਥ ਸੇਵਾਵਾਂ ਕਲੱਬ ਦੇ ਮੈਂਬਰ, ਵਲੰਟੀਅਰ ਤੇ ਕਾਰਜਕਰਤਾ ਘਰ-ਘਰ ਜਾ ਕੇ ਲੋਕਾਂ ਦੀ ਰਜਿਸਟ੍ਰੇਸ਼ਨ ਕਰਨਗੇ ਤੇ ਹੈਲਥ ਕਾਰਡ ਲਈ ਅਪਾਇੰਟਮੈਂਟ ਸਲਿੱਪ ਪ੍ਰਿੰਟ ਕਰਕੇ ਦਿੱਤੀ ਜਾਵੇਗੀ। ਪਰਵਿੰਦਰ ਢੋਟ ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਵੋਟਰ ਕਾਰਡ ਲਾਜ਼ਮੀ ਹੈ, ਜਦਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਜਨਮ ਸਰਟੀਫਿਕੇਟ ਜ਼ਰੂਰੀ ਹੈ। ਇਸ ਤੋਂ ਇਲਾਵਾ ਆਧਾਰ ਕਾਰਡ ਨਾਲ ਮੋਬਾਈਲ ਨੰਬਰ ਲਿੰਕ ਹੋਣਾ ਤੇ ਪੂਰੇ ਪਰਿਵਾਰ ਦੀ ਪਾਸਪੋਰਟ ਸਾਈਜ਼ ਫ਼ੋਟੋ ਮੌਜੂਦ ਹੋਣਾ ਵੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਘਰ ਤੋਂ ਮਿਲਣ ਵਾਲੀ ਰਜਿਸਟ੍ਰੇਸ਼ਨ ਸਲਿੱਪ ਨਾਲ ਲਾਭਪਾਤਰੀ ਆਪਣੇ ਪਿੰਡ ਜਾਂ ਵਾਰਡ ਦੇ ਮੈਪਡ ਸੀਐੱਸਸੀ ਸੈਂਟਰ ’ਤੇ ਜਾ ਕੇ ਆਈਡੀ ਪਰੂਫ਼ ਤੇ ਫ਼ੋਟੋ ਦੇ ਕੇ ਮੁੱਖ ਮੰਤਰੀ ਸਿਹਤ ਬੀਮਾ ਹੈਲਥ ਕਾਰਡ ਪ੍ਰਾਪਤ ਕਰ ਸਕਣਗੇ। ਅੰਤ ਵਿਚ ਪਰਵਿੰਦਰ ਢੋਟ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਹੈਲਥ ਕਾਰਡ ਬਣਵਾਉਣ ਤੋਂ ਲੈ ਕੇ ਇਲਾਜ ਤੱਕ ਦੀ ਸਾਰੀ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਪੂਰੀ ਤਰ੍ਹਾਂ ਮੁਫ਼ਤ ਹੈ ਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਫ਼ੀਸ ਜਾਂ ਰਕਮ ਨਹੀਂ ਦੇਣੀ ਪਵੇਗੀ।