ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪਿੰਡਾਂ ’ਚ ਰੈਲੀਆਂ
ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡਾਂ ਵਿੱਚ ਰੈਲੀਆਂ
Publish Date: Sat, 24 Jan 2026 09:18 PM (IST)
Updated Date: Sat, 24 Jan 2026 09:19 PM (IST)

--27 ਦੇ ਧਰਨੇ ’ਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਸੱਦਾ ਚੰਨਪ੍ਰੀਤ ਸਿੰਘ ਕੰਗ, ਪੰਜਾਬੀ ਜਾਗਰਣ ਨਡਾਲਾ : ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਰਿਹਾਈ ਲਈ 27 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਸਥਿਤ ਕੋਠੀ ਅੱਗੇ ਕੀਤੇ ਜਾਣ ਵਾਲੇ ਧਰਨੇ ਮੁਜ਼ਾਹਰੇ ਵਿਚ ਪੇਂਡੂ ਮਜ਼ਦੂਰਾਂ ਦੀ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਨੇੜਲੇ ਪਿੰਡ ਜੈਦਾ, ਬੁਲੇਵਾਲ, ਮਾਡਲ ਟਾਊਨ ਤੇ ਪਸੀਏਵਾਲ ਵਿਖੇ ਮਜ਼ਦੂਰ ਰੈਲੀਆਂ ਕੀਤੀਆਂ ਗਈਆਂ, ਜਿਸ ਵਿਚ ਸ਼ਾਮਲ ਹੋਏ ਪੇਂਡੂ ਮਜ਼ਦੂਰਾਂ ਵੱਲੋਂ ਧਰਨੇ-ਮੁਜ਼ਾਹਰੇ ਵਿਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ, ਤਹਿਸੀਲ ਆਗੂ ਅਮਰੀਕ ਸਿੰਘ ਬੁਲੇਵਾਲ ਅਤੇ ਬਚਨ ਜੈਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੀ ਮਜ਼ਦੂਰ ਵਿਰੋਧੀ, ਦਲਿਤ ਵਿਰੋਧੀ ਸਰਕਾਰ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਲੈਂਡ ਸੀਲਿੰਗ ਐਕਟ ਨੂੰ ਲਾਗੂ ਕਰਕੇ ਵਾਧੂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ ਤੇ ਛੋਟੇ ਕਿਸਾਨਾਂ ਨੂੰ ਵੰਡਣ, ਪੰਚਾਇਤੀ ਜ਼ਮੀਨਾਂ ’ਚੋਂ ਰਾਖਵੇਂ ਤੀਜੇ ਹਿੱਸੇ ਦਾ ਹੱਕ ਦਲਿਤਾਂ ਨੂੰ ਅਮਲ ਵਿਚ ਦੇਣ, ਨਜ਼ੂਲ ਤੇ ਪ੍ਰੋਵੈਨਸ਼ਲ ਗੌਰਮਿੰਟ ਦੀਆਂ ਅਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਖ਼ਤਮ ਕਰਕੇ ਦਲਿਤਾਂ ਨੂੰ ਹੱਕ ਦੇਣ ਤੇ ਰਿਹਾਇਸ਼ੀ ਪਲਾਟ ਅਲਾਟ ਕਰਨ ਲਈ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੀ ਪ੍ਰਧਾਨ ਮੁਕੇਸ਼ ਮਲੌਦ ਦੀ ਅਗਵਾਈ ਹੇਠ ਸੰਘਰਸ਼ਸ਼ੀਲ ਹੈ ਪਰ ਉੱਧਰ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਇਹ ਜ਼ਮੀਨਾਂ ਜਗੀਰਦਾਰਾਂ, ਪੇਂਡੂ ਧਨਾਢਾਂ ਤੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਲਈ ਪੱਬਾਂ ਭਾਰ ਹੋਈ ਫਿਰਦੀ ਹੈ। ਸਰਕਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਮੁਕੇਸ਼ ਮਲੌਦ ਨੂੰ ਗ੍ਰਿਫ਼ਤਾਰ ਕਰਕੇ ਸੰਗਰੂਰ ਜੇਲ੍ਹ ’ਚ ਬੰਦ ਕਰ ਦਿੱਤਾ ਗਿਆ ਤੇ ਪੱਤਰਕਾਰਾਂ ਤੇ ਹੋਰ ਵੱਡੇ ਮੀਡੀਆ ਅਦਾਰਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸਦੇ ਖਿਲਾਫ਼ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ 27 ਜਨਵਰੀ ਦੇ ਧਰਨੇ ਵਿਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਯੂਨੀਅਨ ਆਗੂ ਗੁਰਪ੍ਰੀਤ ਸਿੰਘ, ਅਜੇ ਮਾਡਲ ਟਾਊਨ, ਦਲਵੀਰ ਸਿੰਘ ਜੈਦ ਆਦਿ ਹਾਜ਼ਰ ਸਨ।