ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਮਜ਼ਦੂਰਾਂ ਦੇ ਹੱਕਾਂ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਵਲੋ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੱਡੀ ਇਕੱਠ ਦੀ ਅਪੀਲ
Publish Date: Fri, 01 May 2026 09:04 PM (IST)
Updated Date: Fri, 01 May 2026 09:05 PM (IST)
ਪਰਮਜੀਤ ਸਿੰਘ, ਪੰਜਾਬੀ ਜਾਗਰਣ
ਡਡਵਿੰਡੀ : ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੱਡੇ ਪੱਧਰ ’ਤੇ ਇਕੱਠ ਕਰਨ ਦੀ ਅਪੀਲ ਕੀਤੀ ਗਈ ਹੈ। ਯੂਨੀਅਨ ਦੇ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਨੇ ਕਿਹਾ ਕਿ ਦੁਨੀਆ ਭਰ ਦੇ ਮਜ਼ਦੂਰਾਂ ਦੀ ਏਕਤਾ ਹੀ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਕਰ ਸਕਦੀ ਹੈ, ਇਸ ਲਈ 1 ਮਈ ਨੂੰ ਹੋਣ ਵਾਲੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਸਮਾਗਮ ਸਵੇਰੇ 10 ਵਜੇ ਕਪੂਰਥਲਾ ਦੇ ਏਰੀਆ ਬੱਸ ਅੱਡੇ ਅਤੇ ਸੁਲਤਾਨਪੁਰ ਲੋਧੀ ਦੇ ਚੌਕ ਚੇਲਿਆਂ ਵਿਖੇ ਕੀਤਾ ਜਾਵੇਗਾ, ਜਿੱਥੇ ਮਜ਼ਦੂਰ ਆਪਣੀਆਂ ਮੰਗਾਂ ਨੂੰ ਲੈ ਕੇ ਇਕੱਠੇ ਹੋਣਗੇ। ਯੂਨੀਅਨ ਵੱਲੋਂ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਰੱਦ ਕਰਨ, ਘੱਟੋ-ਘੱਟ 30 ਹਜ਼ਾਰ ਰੁਪਏ ਮਹੀਨਾਵਾਰ ਤਨਖਾਹ, 8 ਘੰਟੇ ਦੀ ਦਿਹਾੜੀ, ਸਮੇਂ ਸਿਰ ਤਨਖਾਹ ਅਤੇ ਓਵਰਟਾਈਮ ਦਾ ਦੁਗਣਾ ਮਿਹਨਤਾਨਾ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਆਸ਼ਾ ਵਰਕਰਾਂ, ਮਿਡ-ਡੇ ਮੀਲ ਕਰਮਚਾਰੀਆਂ ਅਤੇ ਹੋਰ ਕੱਚੇ ਮਜ਼ਦੂਰਾਂ ਨੂੰ ਪੱਕਾ ਕਰਨ, ਮਨਰੇਗਾ ਕਾਨੂੰਨ ਨੂੰ ਬਹਾਲ ਕਰਨ ਅਤੇ ਨੋਇਡਾ ਸਮੇਤ ਗ੍ਰਿਫ਼ਤਾਰ ਮਜ਼ਦੂਰਾਂ ਦੀ ਰਿਹਾਈ ਅਤੇ ਝੂਠੇ ਕੇਸ ਰੱਦ ਕਰਨ ਦੀ ਵੀ ਮੰਗ ਉਠਾਈ ਗਈ ਹੈ। ਆਗੂਆਂ ਨੇ ਸਾਰੇ ਮਜ਼ਦੂਰ ਵਰਗ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਇਕੱਠੇ ਹੋ ਕੇ ਸੰਘਰਸ਼ ਨੂੰ ਮਜ਼ਬੂਤ ਬਣਾਉਣ ਅਤੇ ਮਜ਼ਦੂਰ ਦਿਵਸ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।