ਸਫ਼ਾਈ ਕਰਮਚਾਰੀ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ : ਸਰਬਜੀਤ ਰਾਜ
ਸਫ਼ਾਈ ਕਰਮਚਾਰੀ ਸਫ਼ਾਈ ਦੇ ਸਿਪਾਹੀ ਹਨ, ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ-ਸਰਬਜੀਤ ਰਾਜ
Publish Date: Sat, 09 May 2026 08:27 PM (IST)
Updated Date: Sat, 09 May 2026 08:30 PM (IST)

ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਆਲ ਇੰਡੀਆ ਕ੍ਰਿਸ਼ਚੀਅਨ ਫੈਲੋਸ਼ਿਪ ਨੇ ਵਿਰਾਸਤੀ ਸ਼ਹਿਰ ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਦਾ ਸਮਰਥਨ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਿਆ। ਆਲ ਇੰਡੀਆ ਕ੍ਰਿਸ਼ਚੀਅਨ ਦੇ ਸੰਸਥਾਪਕ ਸਰਬਜੀਤ ਰਾਜ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਸਫਾਈ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ ਤੇ ਹੜਤਾਲ ਨੂੰ ਤੁਰੰਤ ਖਤਮ ਕਰਨਾ ਚਾਹੀਦਾ ਹੈ ਤੇ ਸ਼ਹਿਰ ਵਿਚ ਬੁਰੀ ਤਰ੍ਹਾਂ ਵਿਗੜੀ ਹੋਈ ਸਫ਼ਾਈ ਪ੍ਰਣਾਲੀ ਨੂੰ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਇਕ ਸਾਫ਼ ਸ਼ਹਿਰ ਦਾ ਮਹੱਤਵਪੂਰਨ ਹਿੱਸਾ ਹਨ ਤੇ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਤੁਰੰਤ ਸਕਾਰਾਤਮਕ ਕਾਰਵਾਈ ਕਰਨੀ ਚਾਹੀਦੀ ਹੈ। ਸਰਬਜੀਤ ਰਾਜ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਇਸ ਸਮੇਂ ਆਪਣੇ ਹੱਕਾਂ ਦੀ ਮੰਗ ਲਈ ਹੜਤਾਲ ’ਤੇ ਹਨ। ਉਨ੍ਹਾਂ ਕਿਹਾ ਕਿ ਉਹ ਕਈ ਜਾਇਜ਼ ਮੰਗਾਂ ਉਠਾ ਰਹੇ ਹਨ, ਜਿਨ੍ਹਾਂ ਵਿਚ ਠੇਕਾ ਕਰਮਚਾਰੀਆਂ ਨੂੰ ਨਿਯਮਤ ਕਰਨਾ, ਠੇਕਾ ਪ੍ਰਣਾਲੀ ਨੂੰ ਖਤਮ ਕਰਨਾ ਤੇ ਘੱਟੋ-ਘੱਟ ਉਜਰਤਾਂ ਤੇ ਮੁਆਵਜ਼ਾ ਵਧਾਉਣਾ ਸ਼ਾਮਲ ਹੈ ਪਰ ਸਰਕਾਰ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਸਰਬਜੀਤ ਰਾਜ ਨੇ ਆਪ ਸਰਕਾਰ ਨੂੰ ਯਾਦ ਦਿਵਾਇਆ ਕਿ ਠੇਕਾ ਕਰਮਚਾਰੀਆਂ ਨੂੰ ਨਿਯਮਤ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਪ ਸਰਕਾਰ ਦੇ ਰਾਜ ਵਿਚ ਕਰਮਚਾਰੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਮੁੱਖ ਸੜਕਾਂ ’ਤੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ ਤੇ ਘਰਾਂ ਵਿਚ ਕੂੜੇਦਾਨ ਕੂੜੇ ਨਾਲ ਭਰੇ ਹੋਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕਈ ਦਿਨਾਂ ਤੋਂ ਸਫਾਈ ਦੀ ਘਾਟ ਕਾਰਨ ਬਿਮਾਰੀਆਂ ਫੈਲ ਰਹੀਆਂ ਹਨ ਤੇ ਜਨਤਾ ਪੀੜਤ ਹੋ ਰਹੀ ਹੈ, ਪਰ ਸਰਕਾਰ ਬੇਪਰਵਾਹ ਜਾਪਦੀ ਹੈ। ਸਰਬਜੀਤ ਰਾਜ ਨੇ ਮੰਗ ਕੀਤੀ ਕਿ ਸਰਕਾਰ ਆਪਣੇ ਅੜੀਅਲ ਰਵਈਏ ਤੇ ਕਰਮਚਾਰੀ ਵਿਰੋਧੀ ਨੀਤੀਆਂ ਨੂੰ ਤਿਆਗ ਕੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਤੁਰੰਤ ਸਵੀਕਾਰ ਕਰੇ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸਫ਼ਾਈ ਦੇ ਸਿਪਾਹੀ ਹਨ। ਇਕ ਸਿਪਾਹੀ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦਾ ਹੈ, ਜਦੋਂ ਕਿ ਦੂਜਾ ਸਫ਼ਾਈ ਸੈਨਿਕ ਦੇਸ਼ ਨੂੰ ਗੰਦਗੀ ਦੇ ਰਾਵਣ ਤੋਂ ਮੁਕਤ ਕਰਦਾ ਹੈ।