ਪੰਜਾਬ ਦੀ ਤਰੱਕੀ ਅਕਾਲੀ ਦਲ ਦੀ ਤਰਜੀਹ : ਠੇਕੇਦਾਰ
ਸੇਵਾ,ਸਮਾਜਿਕ ਨਿਆਂ ਅਤੇ ਪੰਜਾਬ ਦੀ ਤਰੱਕੀ ਸ਼੍ਰੋਮਣੀ ਅਕਾਲੀ ਦਲ ਦੀਆਂ ਤਰਜੀਹਾਂ ਹਨ-ਬਲਜਿੰਦਰ ਠੇਕੇਦਾਰ
Publish Date: Sun, 31 May 2026 10:48 PM (IST)
Updated Date: Sun, 31 May 2026 10:50 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ ਵਿੰਗ ਦੇ ਸੂਬਾਈ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਕਿ ਮਨੁੱਖੀ ਜੀਵਨ ਦੀ ਅਸਲ ਸੁੰਦਰਤਾ ਪੈਸੇ, ਅਹੁਦੇ ਜਾਂ ਰੁਤਬੇ ਵਿਚ ਨਹੀਂ, ਸਗੋਂ ਨਿਰਸਵਾਰਥ ਸੇਵਾ, ਮਨੁੱਖਤਾ ਤੇ ਸਮਾਜ ਦੇ ਕਮਜ਼ੋਰ ਵਰਗਾਂ ਪ੍ਰਤੀ ਸੰਵੇਦਨਸ਼ੀਲਤਾ ਵਿਚ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿਚ ਜਦੋਂ ਪਦਾਰਥਵਾਦ ਤੇ ਦਿਖਾਵਾ ਤੇਜ਼ੀ ਨਾਲ ਵਧ ਰਿਹਾ ਹੈ, ਸਮਾਜ ਨੂੰ ਸੇਵਾ, ਭਾਈਚਾਰੇ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਖਬੀਰ ਸਿੰਘ ਬਾਦਲ ਦੀਆਂ ਲੋਕ ਭਲਾਈ ਨੀਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਥ, ਪੰਜਾਬ ਤੇ ਪੰਜਾਬੀਅਤ ਦੀ ਵਿਚਾਰਧਾਰਾ ’ਤੇ ਚੱਲਦੇ ਹੋਏ ਸਮਾਜ ਦੇ ਹਰ ਵਰਗ ਦੇ ਹੱਕਾਂ ਦੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨਵੀਨਤਮ ਨੀਤੀਆਂ ਕਿਸਾਨਾਂ, ਮਜ਼ਦੂਰਾਂ, ਕਾਰੋਬਾਰੀਆਂ, ਨੌਜਵਾਨਾਂ, ਔਰਤਾਂ ਤੇ ਲੋੜਵੰਦ ਪਰਿਵਾਰਾਂ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਵਿਕਾਸ, ਕਿਸਾਨਾਂ ਨੂੰ ਫਸਲਾਂ ਦੇ ਲਾਹੇਵੰਦ ਭਾਅ ਯਕੀਨੀ ਬਣਾਉਣ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ, ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਸ਼ੁਰੂ ਕਰਨ ਤੇ ਸਿਹਤ ਤੇ ਸਿੱਖਿਆ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਪਾਰਟੀ ਇਸ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸਮਾਜਿਕ ਸਦਭਾਵਨਾ, ਭਾਈਚਾਰਕ ਸਾਂਝ ਤੇ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਚ ਸੱਚੀ ਤਰੱਕੀ ਨੂੰ ਸਿਰਫ਼ ਵੱਡੀਆਂ ਇਮਾਰਤਾਂ, ਸੜਕਾਂ ਤੇ ਪ੍ਰੋਜੈਕਟਾਂ ਤੋਂ ਨਹੀਂ ਮਾਪਿਆ ਜਾ ਸਕਦਾ, ਸਗੋਂ ਇਸ ਗੱਲ ਤੋਂ ਮਾਪਿਆ ਜਾ ਸਕਦਾ ਹੈ ਕਿ ਸਮਾਜ ਆਪਣੇ ਗਰੀਬਾਂ, ਬਿਮਾਰਾਂ, ਬਜ਼ੁਰਗਾਂ ਤੇ ਲੋੜਵੰਦਾਂ ਨਾਲ ਕਿਵੇਂ ਪੇਸ਼ ਆਉਂਦਾ ਹੈ। ਵਿਕਾਸ ਉਦੋਂ ਤੱਕ ਅਸੰਭਵ ਹੈ ਜਦੋਂ ਤੱਕ ਸਮਾਜ ਵਿਚ ਸੇਵਾ, ਸਹਿਯੋਗ ਤੇ ਆਪਸੀ ਵਿਸ਼ਵਾਸ ਦੀ ਭਾਵਨਾ ਮਜ਼ਬੂਤ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਅੱਜ ਸਮਾਜ ਸਮੇਤ ਪੂਰਾ ਪੰਜਾਬ ਕਈ ਸਮਾਜਿਕ ਤੇ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਸਮੇਂ ਵਿੱਚ ਸਮਾਜ ਦੇ ਸਾਰੇ ਵਰਗਾਂ ਨੂੰ ਇਕੱਠੇ ਹੋ ਕੇ ਮਨੁੱਖਤਾ, ਹਮਦਰਦੀ, ਏਕਤਾ ਤੇ ਭਾਈਚਾਰੇ ਦੀ ਭਾਵਨਾ ਨਾਲ ਕੰਮ ਕਰਨਾ ਚਾਹੀਦਾ ਹੈ।