ਪੰਜਾਬ ਦੇ ਹੱਕਾਂ ਲਈ ਅਕਾਲੀ ਦਲ (ਅ) ਨੇ ਦਿੱਤਾ ਮੰਗ ਪੱਤਰ
ਪੰਜਾਬ ਦੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਰਕਾਰ ਨੂੰ ਵਿਸਥਾਰ ਮੰਗ ਪੱਤਰ ਸੌਂਪਿਆ
Publish Date: Thu, 14 May 2026 10:09 PM (IST)
Updated Date: Thu, 14 May 2026 10:12 PM (IST)

ਮੁਖਤਿਆਰ ਸਿੰਘ ਡਡਵਿੰਡੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰਾਹੀਂ ਚੁੱਕੇ ਪੰਜਾਬ ਦੇ ਗੰਭੀਰ ਮਸਲੇ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪੰਜਾਬ ਵਿਚ ਵਧ ਰਹੇ ਆਰਥਿਕ, ਸਮਾਜਿਕ, ਵਾਤਾਵਰਣਕ ਤੇ ਸੰਵਿਧਾਨਕ ਸੰਕਟਾਂ ਸਬੰਧੀ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਰਾਹੀਂ ਸਰਕਾਰ ਨੂੰ ਇਕ ਗ ਪੱਤਰ ਸੌਂਪਿਆ ਗਿਆ। ਇਹ ਮੰਗ ਪੱਤਰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮੁਖਤਿਆਰ ਸਿੰਘ ਡਡਵਿੰਡੀ ਕਪੂਰਥਲਾ ਦੀ ਅਗਵਾਈ ਹੇਠ ਦਿੱਤਾ ਗਿਆ, ਜਿਸ ਵਿਚ ਪੰਜਾਬ ਦੇ ਭਵਿੱਖ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਉਭਾਰਿਆ ਗਿਆ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਪੰਜਾਬ ਇਸ ਸਮੇਂ ਗੰਭੀਰ ਢਾਂਚਾਗਤ ਸੰਕਟ ਵਿਚੋਂ ਲੰਘ ਰਿਹਾ ਹੈ। ਮਹਿੰਗਾਈ, ਬੇਰੁਜ਼ਗਾਰੀ, ਉਦਯੋਗਾਂ ਦਾ ਪੰਜਾਬ ਤੋਂ ਬਾਹਰ ਜਾਣਾ, ਖੇਤੀਬਾੜੀ ਉੱਤੇ ਵਧਦਾ ਬੋਝ, ਡਿੱਗਦਾ ਭੂਜਲ ਪੱਧਰ, ਪਾਣੀ ਤੇ ਵਾਤਾਵਰਣ ਨਾਲ ਜੁੜੇ ਖਤਰੇ, ਨਸ਼ਾ ਤੇ ਗੈਂਗਸਟਰਵਾਦ ਵਰਗੇ ਮਸਲੇ ਪੰਜਾਬ ਦੀ ਜਵਾਨੀ ਤੇ ਭਵਿੱਖ ਲਈ ਵੱਡੀ ਚੁਣੌਤੀ ਬਣ ਚੁੱਕੇ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸੰਵਿਧਾਨਕ ਹੱਕਾਂ, ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਸਰਕਾਰ ਨੂੰ ਤੁਰੰਤ ਤੇ ਗੰਭੀਰ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਲੰਬੇ ਸਮੇਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਨੀਤੀਗਤ ਚਰਚਾ ਸ਼ੁਰੂ ਕੀਤੀ ਜਾਵੇ ਤੇ ਲੋਕਾਂ ਦੀਆਂ ਚਿੰਤਾਵਾਂ ਦਾ ਸਮੇਂ ਸਿਰ ਹੱਲ ਕੀਤਾ ਜਾਵੇ। ਜ਼ਿਲ੍ਹਾ ਪ੍ਰਧਾਨ ਮੁਖਤਿਆਰ ਸਿੰਘ ਡਡਵਿੰਡੀ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸਿਆਸੀ ਇੱਛਾ ਸ਼ਕਤੀ ਤੇ ਲੋਕ ਹਿੱਤਾਂ ਨੂੰ ਪਹਿਲ ਦੇਣ ਦੀ ਲੋੜ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਦੇ ਮੂਲ ਮਸਲਿਆਂ ਵੱਲ ਸਮੇਂ ਸਿਰ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ। ਇਸ ਮੌਕੇ ਸੁਖਜੀਤ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਸੰਤੋਖ ਸਿੰਘ ਜ਼ਿਲ੍ਹਾ ਯੂਥ ਪ੍ਰਧਾਨ, ਬਲਦੇਵ ਸਿੰਘ, ਕੁਲਵੰਤ ਸਿੰਘ, ਸੰਦੀਪ ਸਿੰਘ, ਚਰਨਜੀਤ ਸਿੰਘ ਤੇ ਸੁਖਦੇਵ ਸਿੰਘ ਵੀ ਹਾਜ਼ਰ ਸਨ।