ਸ਼੍ਰੋਮਣੀ ਅਕਾਲੀ ਦਲ ਨੇ ਸਿੱਖ ਗੁਰੂਆਂ ਦਾ ਅਪਮਾਨ ਕਰਨ ਲਈ ਆਪ ਆਗੂ ਆਤਿਸ਼ੀ ਦੀ ਕੀਤੀ ਨਿੰਦਾ

--ਆਤਿਸ਼ੀ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ
--ਸਿੱਖ ਗੁਰੂਆਂ ਦਾ ਅਪਮਾਨ ਕਰਨ ਲਈ ਆਪ ਆਗੂ ’ਤੇ ਵਰ੍ਹੇ ਅਕਾਲੀ
ਅਮਰੀਕ ਸਿੰਘ ਮੱਲ੍ਹੀ\ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ
ਕਪੂਰਥਲਾ : ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਦਿੱਲੀ ਦੀ ਵਿਧਾਇਕ ਆਤਿਸ਼ੀ ਸਿੱਖ ਗੁਰੂਆਂ ਦੇ ਕਥਿਤ ਅਪਮਾਨ ਦੇ ਮਾਮਲੇ ਵਿਚ ਘਿਰਦੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ ਦਿੱਲੀ ਵਿਧਾਨ ਸਭਾ ਸੈਸ਼ਨ ਦੌਰਾਨ ਉਨ੍ਹਾਂ ਦੀਆਂ ਕਥਿਤ ਅਪਮਾਨਜਨਕ ਟਿੱਪਣੀਆਂ ਵਿਰੁੱਧ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ ਵਿਰੁੱਧ ਪ੍ਰਦਰਸ਼ਨ ਕੀਤਾ। ਵਿਰੋਧ ਪ੍ਰਦਰਸ਼ਨ ਦੌਰਾਨ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਆਪ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਐੱਸਡੀਐੱਮ ਕਪੂਰਥਲਾ ਇਰਵਿਨ ਕੌਰ ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ ਵਿਚ ਆਪ ਆਗੂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਵਿਚ ਹਲਕਾ ਕਪੂਰਥਲਾ, ਭੁਲੱਥ, ਫਗਵਾੜਾ ਤੇ ਸੁਲਤਾਨਪੁਰ ਲੋਧੀ ਤੋਂ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਆਪ ਆਗੂ ਨੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਹ ਮੁੱਦਾ ਹੁਣ ਸਿਰਫ਼ ਸਿਆਸੀ ਬਹਿਸ ਤੱਕ ਸੀਮਤ ਨਹੀਂ ਹੈ, ਸਗੋਂ ਧਾਰਮਿਕ ਸੰਗਠਨਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵੀ ਜੁੜਿਆ ਹੋਇਆ ਹੈ। ਇਸ ਲਈ ਸਾਰੀਆਂ ਸੰਸਥਾਵਾਂ ਨੂੰ ਇਕਜੁੱਟ ਹੋ ਕੇ ਉਦੋਂ ਤੱਕ ਲੜਨਾ ਚਾਹੀਦਾ ਹੈ ਜਦੋਂ ਤੱਕ ਆਪ ਨੇਤਾ ਆਤਿਸ਼ੀ ਵਿਰੁੱਧ ਕੇਸ ਦਰਜ ਨਹੀਂ ਹੋ ਜਾਂਦਾ। ਅਕਾਲੀ ਆਗੂਆਂ ਨੇ ਆਤਿਸ਼ੀ ਦੇ ਬਿਆਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਦਿੱਲੀ ਵਿਧਾਨ ਸਭਾ ਤੋਂ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਆਤਿਸ਼ੀ ਦੇ ਗੁਰੂ ਸਾਹਿਬਾਨ ਬਾਰੇ ਬਿਆਨ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਆਪ ਨੇਤਾ ਦੇ ਬਿਆਨ ਨੇ ਸਿੱਖ ਭਾਈਚਾਰੇ ਵਿਚ ਵਿਆਪਕ ਰੋਸ ਪੈਦਾ ਕਰ ਦਿੱਤਾ ਹੈ। ਆਤਿਸ਼ੀ ਦਾ ਬਿਆਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ, ਜਿਸ ਨੂੰ ਅਕਾਲੀ ਦਲ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਧਰਮ ਦੀ ਰੱਖਿਆ ਲਈ ਦਿੱਲੀ ਵਿਚ ਆਪਣੀ ਜਾਨ ਕੁਰਬਾਨ ਕੀਤੀ। ਸਿੱਧੂ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਵੱਲੋਂ ਗੁਰੂ ਸਾਹਿਬ ਵਿਰੁੱਧ ਬਹੁਤ ਹੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨਾ ਮੰਦਭਾਗਾ ਹੈ,ਪਰ ਇਹ ਆਮ ਆਦਮੀ ਪਾਰਟੀ ਦੀ ਘਟੀਆ ਸੋਚ ਨੂੰ ਵੀ ਦਰਸਾਉਂਦਾ ਹੈ। ਉਨ੍ਹਾਂ ਨੇ ਆਤਿਸ਼ੀ ਨੂੰ ਤੁਰੰਤ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣ ਅਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ ਕਿਹਾ। ਸਿੱਧੂ ਨੇ ਕਿਹਾ ਕਿ ਆਪ ਨੇਤਾ ਨੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸਿੱਧੂ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਮੁੱਦੇ ’ਤੇ ਚੁੱਪ ਹਨ। ਉਨ੍ਹਾਂ ਦੀ ਚੁੱਪੀ ਪੂਰੀ ਪਾਰਟੀ ਲਈ ਮਹਿੰਗੀ ਸਾਬਤ ਹੋਵੇਗੀ। ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਨੇ ਸਿੱਖ ਧਾਰਮਿਕ ਸੰਸਥਾ ਨੂੰ ਤੋੜਨ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ। ਹੁਣ ਆਮ ਆਦਮੀ ਪਾਰਟੀ ਨੇ ਵੀ ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਇਹੀ ਰਾਹ ਅਪਣਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਬਾਰੇ ਵਾਰ-ਵਾਰ ਕੀਤੀਆਂ ਟਿੱਪਣੀਆਂ ਇਸ ਅਹੁਦੇ ’ਤੇ ਬੈਠੇ ਵਿਅਕਤੀ ਲਈ ਅਣਉਚਿਤ ਹਨ। ਉਨ੍ਹਾਂ ਨੂੰ ਇਸ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਜਿਥੇ ਗੁਰੂਆਂ ਨੇ ਸੰਗਤ ਨੂੰ ਵੰਡ ਕੇ ਛੱਕਣ ਅਤੇ ਲੋਕਾਂ ਦੀ ਭਲਾਈ ਲਈ ਦਸਵੰਧ ਕੱਢਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਬਿਆਨਾਂ ਨੇ ਸ਼ਰਧਾਲੂਆਂ ਦੇ ਵਿਸ਼ਵਾਸ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਸ਼੍ਰੋਮਣੀ ਕਮੇਟੀ ਸੰਗਤ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਸੀ। ਸ਼੍ਰੋਮਣੀ ਕਮੇਟੀ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿਚ ਮਹੱਤਵਪੂਰਨ ਕੰਮ ਕਰ ਰਹੀ ਹੈ। ਇਹ ਸਭ ਸੰਗਤ ਵੱਲੋਂ ਦਿੱਤੇ ਗਏ ਦਾਨ ਰਾਹੀਂ ਹੀ ਸੰਭਵ ਹੈ। ਅਜਿਹੀ ਸਥਿਤੀ ਵਿਚ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਿੱਖ ਮਾਮਲਿਆਂ ਵਿਚ ਦਖਲ ਨਾ ਦੇਣ। ਇਸ ਮੌਕੇ ਫਗਵਾੜਾ ਦੇ ਹਲਕਾ ਇੰਚਾਰਜ ਸ਼ਹਿਰੀ ਰਣਜੀਤ ਸਿੰਘ ਖੁਰਾਣਾ, ਹਲਕਾ ਇੰਚਾਰਜ ਫਗਵਾੜਾ ਰੂਰਲ ਰਜਿੰਦਰ ਸਿੰਘ ਚੰਦੀ, ਭੁਲੱਥ ਤੋਂ ਵੱਡੇ ਕਾਫਲੇ ਸਮੇਤ ਪਹੁੰਚੇ ਪਰਮਜੀਤ ਸਿੰਘ, ਸੁਲਤਾਨਪੁਰ ਲੋਧੀ ਤੋਂ ਵੱਡੇ ਕਾਫਲੇ ਨਾਲ ਪਹੁੰਚੇ ਇੰਜੀਨੀਅਰ ਸਵਰਨ ਸਿੰਘ, ਸੁਖਦੇਵ ਸਿੰਘ ਨਾਨਕਪੁਰ, ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਪੀਏਸੀ ਦੇ ਮੈਂਬਰ ਅਜੈ ਬਬਲਾ, ਪੀਏਸੀ ਦੇ ਮੈਂਬਰ ਜਗਜੀਤ ਸਿੰਘ ਸ਼ੰਮੀ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿਚ ਹਲਕਾ ਕਪੂਰਥਲਾ, ਸੁਲਤਾਨਪੁਰ ਲੋਧੀ, ਫਗਵਾੜਾ ਅਤੇ ਭੁਲੱਥ ਤੋਂ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।