ਸ਼੍ਰੋਮਣੀ ਅਕਾਲੀ ਦਲ ਦਾ ਅਣ-ਐਲਾਨੇ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਅੱਜ
ਸ਼੍ਰੋਮਣੀ ਅਕਾਲੀ ਦਲ ਦਾ ਅਣ-ਐਲਾਨੇ ਬਿਜਲੀ ਕੱਟਾਂ ਦੇ ਰੋਸ ਵਜੋਂ ਪੰਜਾਬ ਸਰਕਾਰ ਖਿਲਾਫ ਧਰਨਾ ਅੱਜ
Publish Date: Wed, 29 Apr 2026 07:51 PM (IST)
Updated Date: Thu, 30 Apr 2026 04:14 AM (IST)

ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਲਗਾਤਾਰ ਹੋ ਰਹੀ ਅਣ-ਐਲਾਨੀ ਬਿਜਲੀ ਕਟੌਤੀ ਦੇ ਵਿਰੋਧ ਵਿੱਚ ਜਿਲ੍ਹਾ ਅਤੇ ਬਲਾਕ ਪੱਧਰ ’ਤੇ ਦਿੱਤੇ ਜਾਣ ਵਾਲੇ ਧਰਨਿਆਂ ਦੀ ਲੜੀ ਤਹਿਤ ਵਿਧਾਨਸਭਾ ਹਲਕਾ ਫਗਵਾੜਾ ਦੇ ਸ਼ਹਿਰੀ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਨੇ ਦੱਸਿਆ ਕੇ ਅੱਜ 30 ਅਪ੍ਰੈਲ ਦਿਨ ਵੀਰਵਾਰ ਨੂੰ ਐਸ.ਡੀ.ਐਮ. ਦਫਤਰ ਫਗਵਾੜਾ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ. ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਗਰਮੀ ਦੇ ਮੌਸਮ ਦੀ ਸ਼ੁਰੂਆਤ ਨਾਲ ਹੀ ਪੰਜਾਬ ਭਰ ਵਿੱਚ ਬਿਨਾਂ ਕਿਸੇ ਸੂਚਨਾ ਦੇ ਲਗਾਤਾਰ ਬਿਜਲੀ ਕੱਟ ਲਗਾਏ ਜਾ ਰਹੇ ਹਨ, ਜਿਸ ਕਾਰਨ ਆਮ ਜਨਤਾ, ਵਪਾਰੀਆਂ, ਕਿਸਾਨਾਂ ਅਤੇ ਛੋਟੇ ਉਦਯੋਗਪਤੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਘਰੇਲੂ ਖਪਤਕਾਰਾਂ ਨੂੰ ਤਪਦੀ ਗਰਮੀ ਵਿੱਚ ਘੰਟਿਆਂ ਬੱਧੀ ਬਿਜਲੀ ਤੋਂ ਵਾਂਝਾ ਰਹਿਣਾ ਪੈਂਦਾ ਹੈ, ਜਦਕਿ ਦੂਜੇ ਪਾਸੇ ਉਦਯੋਗਿਕ ਇਕਾਈਆਂ ਦਾ ਕੰਮਕਾਜ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਸਪਲਾਈ ਬਾਰੇ ਕੋਈ ਢੰਗ ਦੀ ਯੋਜਨਾ ਨਹੀਂ ਬਣਾਈ ਗਈ ਨਾ ਹੀ ਕੋਈ ਬਿਜਲੀ ਪੈਦਾ ਕਰਨ ਬਾਰੇ ਸੋਚਿਆ ਗਿਆ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਤੋਂ ਵੀ ਵਾਂਝਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਇਸ ਸਮੇਂ ਕਿਸਾਨਾਂ ਨੂੰ ਫਸਲਾਂ ਲਈ ਲਗਾਤਾਰ ਬਿਜਲੀ ਦੀ ਲੋੜ ਹੁੰਦੀ ਹੈ, ਪਰ ਸਰਕਾਰ ਦੀ ਨਾਕਾਮੀ ਕਾਰਨ ਕਿਸਾਨਾਂ ਨੂੰ ਵੀ ਕਾਫੀ ਨੁਕਸਾਨ ਝੱਲਣਾ ਪੈ ਰਿਹਾ ਹੈ। ਸ. ਖੁਰਾਣਾ ਨੇ ਕਿਹਾ ਕਿ ਇਸ ਰੋਸ ਧਰਨੇ ਰਾਹੀਂ ਲੋਕਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਈ ਜਾਵੇਗੀ ਅਤੇ ਮੰਗ ਕੀਤੀ ਜਾਵੇਗੀ ਕਿ ਤੁਰੰਤ ਅਣ-ਐਲਾਨੇ ਬਿਜਲੀ ਕੱਟਾਂ ’ਤੇ ਰੋਕ ਲਗਾਈ ਜਾਵੇ ਅਤੇ ਸੂਬੇ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਪਾਰਟੀ ਦੇ ਸਾਰੇ ਵਿੰਗਾਂ, ਆਗੂਆਂ, ਨੋਜਵਾਨਾ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਧਰਨੇ ਵਿੱਚ ਸ਼ਮੂਲੀਅਤ ਕਰਕੇ ਲੋਕਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ ਕਿ ਇਹ ਧਰਨਾ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਕੀਤਾ ਜਾਵੇਗਾ।