ਮੂਰਤੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ’ਤੇ ਹੋਵੇ ਸਖ਼ਤ ਕਾਰਵਾਈ : ਸੋਮ ਪ੍ਰਕਾਸ਼
ਬਾਬਾ ਸਾਹਿਬ ਦੀ ਪ੍ਰਤਿਮਾ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ ਹੋਵੇ ਸਖਤ ਕਾਰਵਾਈ-ਸੋਮ ਪ੍ਰਕਾਸ਼
Publish Date: Tue, 31 Mar 2026 10:39 PM (IST)
Updated Date: Tue, 31 Mar 2026 10:43 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਡਾ. ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਨੂੰ ਨੁਕਸਾਨ ਪਹੁੰਚਾਉਣ ਤੋਂ ਬਾਅਦ ਜਿਥੇ ਆਮ ਜਨਤਾ ਤੇ ਵੱਖ-ਵੱਖ ਦਲਿਤ ਸੰਗਠਨਾਂ ਵਿਚ ਭਾਰੀ ਰੋਸ ਦੇਖਿਆ ਗਿਆ, ਉਥੇ ਹੀ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਕਿਹਾ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ ਸਮਾਜਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੂਬਾ ਸਰਕਾਰ ਕਾਨੂੰਨ ਤੇ ਨਿਆਂ ਵਿਵਸਥਾ ਵਿਚ ਪਹਿਲਾਂ ਹੀ ਫੇਲ੍ਹ ਸਾਬਿਤ ਹੋਈ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੋਮ ਪ੍ਰਕਾਸ਼ ਨੇ ਸਖਤ ਸ਼ਬਦਾਂ ਵਿਚ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਨਹੀਂ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਦੇ ਖਿਲਾਫ ਭਾਰਤੀ ਜਨਤਾ ਪਾਰਟੀ ਪੰਜਾਬ ਤੇ ਆਮ ਜਨਤਾ ਜ਼ਬਰਦਸਤ ਰੋਸ ਪ੍ਰਦਰਸ਼ਨ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਧਾਨ ਐੱਸਸੀ ਮੋਰਚਾ ਐੱਸਆਰ ਲੱਧੜ, ਡਾ. ਦਿਲਬਾਗ ਰਾਏ, ਸ਼ੀਤਲ ਅੰਗੁਰਾਲ, ਅਮਰ ਸਿੰਘ ਡਾਂਡੀਆਂ, ਮੰਡਲ ਪ੍ਰਧਾਨ ਸ਼ਹਿਰੀ ਨਰੇਸ਼ ਕੋਟਰਾਣੀ, ਮੰਡਲ ਪ੍ਰਧਾਨ ਮੌਲ਼ੀ ਰਮੇਸ਼ ਲਾਲ, ਚੰਦਰੇਸ਼ ਕੌਲ਼, ਕੌਂਸਲਰ ਬੀਰਾ ਰਾਮ ਤੇ ਸੂਬੇ ਦੀ ਭਾਜਪਾ ਲੀਡਰਸ਼ਿਪ ਵੀ ਹਾਜ਼ਰ ਸੀ।