ਵਿਦਿਆਰਥੀਆਂ ਦੀ ਪ੍ਰਧਾਨ ਮੰਤਰੀ ਨਾਲ ਸੰਵਾਦ ਲਈ ਚੋਣ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਵਿਦਿਆਰਥੀਆਂ ਦੀ ਪ੍ਰਧਾਨ ਮੰਤਰੀ ਨਾਲ ਸੰਵਾਦ ਲਈ ਚੋਣ
Publish Date: Fri, 10 Apr 2026 08:06 PM (IST)
Updated Date: Fri, 10 Apr 2026 08:08 PM (IST)
ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ
ਫੱਤੂਢੀਂਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰਬੰਧਾਂ ਹੇਠ ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਦੀ ਅਗਵਾਈ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. ਡਾ. ਸਰੋਜ ਅਰੋੜਾ ਦੀ ਅਗਵਾਈ ਵਿੱਚ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਵਿਦਿਆਰਥੀਆਂ ਨੇ ‘ਮਾਈ ਭਾਰਤ ਬਜਟ ਕਵੇਸਟ’ ਵਿੱਚ ਉਤਸ਼ਾਹ ਨਾਲ ਹਿੱਸਾ ਲੈ ਕੇ ਮਹੱਤਵਪੂਰਨ ਉਪਲਬਧੀ ਹਾਸਲ ਕੀਤੀ। ਇਸ ਤਹਿਤ ਆਨਲਾਈਨ ਕੁਇਜ਼ ਮੁਕਾਬਲਾ, ਲੇਖ ਲਿਖਣ ਦੀ ਮੁਕਾਬਲੇਬਾਜ਼ੀ ਅਤੇ ਅਖੀਰ ਵਿੱਚ ਮਾਣਯੋਗ ਪ੍ਰਧਾਨ ਮੰਤਰੀ ਜੀ ਨਾਲ ਸੰਵਾਦ ਸ਼ਾਮਲ ਸੀ। ਇਸ ਪ੍ਰੋਗਰਾਮ ਤਹਿਤ ਫਰਵਰੀ ਮਹੀਨੇ ਵਿੱਚ ਕਾਲਜ ਦੇ 200 ਤੋਂ ਵੱਧ ਵਿਦਿਆਰਥੀਆਂ ਨੇ ਆਨਲਾਈਨ ਕੁਇਜ਼ ਵਿੱਚ ਹਿੱਸਾ ਲਿਆ, ਜਿਸ ਵਿੱਚੋਂ 9 ਵਿਦਿਆਰਥੀ ਲੇਖ ਲਿਖਣ ਲਈ ਚੁਣੇ ਗਏ। ਇਸ ਮੌਕੇ ਨਿੰਮੀ ਅਤੇ ਯੁਵਰਾਜ ਦੀ ਚੋਣ ਪ੍ਰਧਾਨ ਮੰਤਰੀ ਨਾਲ ਸੰਵਾਦ ਲਈ ਹੋਈ, ਜੋ ਕਿ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚੋਂ ਕੀਤੀ ਗਈ। ਐੱਨਐੱਸਐੱਸ ਕੋਆਰਡੀਨੇਟਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਇਹ ਉਪਲਬਧੀ ਕਾਲਜ ਲਈ ਮਾਣ ਦੀ ਗੱਲ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦੇ ਗਿਆਨ, ਸੋਚ ਅਤੇ ਆਤਮ ਵਿਸ਼ਵਾਸ ਨੂੰ ਨਿਖਾਰਦੇ ਹਨ ਅਤੇ ਉਨ੍ਹਾਂ ਨੂੰ ਰਾਸ਼ਟਰੀ ਪੱਧਰ ’ਤੇ ਆਪਣੀ ਪਛਾਣ ਬਣਾਉਣ ਦਾ ਮੌਕਾ ਦਿੰਦੇ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਮਿਹਨਤ ਅਤੇ ਲਗਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮੰਚ ਵਿਦਿਆਰਥੀਆਂ ਨੂੰ ਦੇਸ਼ ਦੀ ਨੀਤੀ ਬਣਾਉਣ ਦੀ ਪ੍ਰਕਿਰਿਆ ਨਾਲ ਜੋੜਦੇ ਹਨ ਅਤੇ ਉਨ੍ਹਾਂ ਵਿੱਚ ਜਾਗਰੂਕ ਨਾਗਰਿਕ ਬਣਨ ਦੀ ਭਾਵਨਾ ਪੈਦਾ ਕਰਦੇ ਹਨ। ਵਿਦਿਆਰਥੀਆਂ ਨਿਮੀ ਅਤੇ ਯੁਵਰਾਜ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਕਿਹਾ ਕਿ ਇਹ ਮੌਕਾ ਉਨ੍ਹਾਂ ਲਈ ਬਹੁਤ ਹੀ ਗੌਰਵਮਈ ਅਤੇ ਪ੍ਰੇਰਣਾਦਾਇਕ ਰਿਹਾ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਨੇ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੱਡੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।