ਹੈਰੋਇਨ ਸਣੇ ਇਕ ਔਰਤ ਤੇ ਇਕ ਮਰਦ ਕਾਬੂ
ਸੁਲਤਾਨਪੁਰ ਲੋਧੀ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਦੋਸ਼ ਹੇਠ ਔਰਤ ਸਮੇਤ ਦੋ ਕਾਬੂ
Publish Date: Sat, 09 May 2026 09:02 PM (IST)
Updated Date: Sat, 09 May 2026 09:05 PM (IST)

--45 ਨਸ਼ੇ ਵਾਲੀਆਂ ਗੋਲੀਆਂ ਤੇ 20,000 ਰੁਪਏ ਡਰੱਗ ਮਨੀ ਬਰਾਮਦ ਦੋਵਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸੁਲਤਾਨਪੁਰ ਲੋਧੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ ਇਕ ਔਰਤ ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 8 ਗ੍ਰਾਮ ਹੈਰੋਇਨ, 45 ਨਸ਼ੇ ਵਾਲੀਆਂ ਗੋਲੀਆਂ ਤੇ 20,250 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਹਰਿੰਦਰ ਸਿੰਘ ਥਾਣਾ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ਾਂ ਤੇ ਐੱਸਪੀ ਇਨਵੈਸਟੀਗੇਸ਼ਨ ਹਰਿੰਦਰ ਸਿੰਘ ਤੇ ਏਐੱਸਪੀ ਧੀਰੇਂਦਰ ਵਰਮਾ ਦੀ ਰਹਿਨੁਮਾਈ ਹੇਠ ਇੰਸਪੈਕਟਰ ਹਰਿੰਦਰ ਸਿੰਘ ਮੁੱਖ ਅਫਸਰ ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ਵਿਚ ਪੁਲਿਸ ਟੀਮ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਿਤੀ 8 ਮਈ 2026 ਨੂੰ ਏਐੱਸਆਈ ਸੁਰਜੀਤ ਸਿੰਘ ਇੰਚਾਰਜ ਚੌਕੀ ਮੌਠਾਵਾਲ ਸਮੇਤ ਪੁਲਿਸ ਪਾਰਟੀ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਪਿੰਡ ਲਾਟੀਆਵਾਲ ਤੋਂ ਤਲਵੰਡੀ ਮਾਧੋ ਰੋਡ ’ਤੇ ਮੌਜੂਦ ਸੀ। ਇਸ ਦੌਰਾਨ ਪੁਲਿਸ ਨੇ ਲਖਵੀਰ ਸਿੰਘ ਉਰਫ਼ ਲੱਖਾ ਉਰਫ਼ ਡਾਕਟਰ ਪੁੱਤਰ ਚਰਨ ਸਿੰਘ ਤੇ ਵਿਦਿਆ ਕੌਰ ਪਤਨੀ ਚਰਨ ਸਿੰਘ ਵਾਸੀਆਨ ਲਾਟੀਆਵਾਲ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 8 ਗ੍ਰਾਮ ਹੈਰੋਇਨ, 45 ਨਸ਼ੇ ਵਾਲੀਆਂ ਗੋਲੀਆਂ ਤੇ 20,250 ਰੁਪਏ ਡਰੱਗ ਮਨੀ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਵਾਂ ਨੇ ਮੰਨਿਆ ਕਿ ਉਹ ਪੈਸਿਆਂ ਦੇ ਲਾਲਚ ਵਿਚ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ। ਪੁਲਿਸ ਅਨੁਸਾਰ ਕੁਝ ਦਿਨ ਪਹਿਲਾਂ ਵਿਦਿਆ ਕੌਰ ਦੇ ਪੁੱਤਰ ਧਰਮਿੰਦਰ ਸਿੰਘ ਉਰਫ਼ ਸਿੰਮ ਕੋਲੋਂ ਵੀ 20.35 ਗ੍ਰਾਮ ਹੈਰੋਇਨ ਤੇ 47 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ ਸਨ ਤੇ ਉਸ ਨੂੰ ਜੇਲ੍ਹ ਭੇਜਿਆ ਗਿਆ ਸੀ। ਇਸ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਵਿਖੇ ਐੱਨਡੀਪੀਐੱਸ ਐਕਟ ਤਹਿਤ ਮੁਕੱਦਮਾ ਨੰਬਰ 108 ਮਿਤੀ 08/05/2026 ਦਰਜ ਕੀਤਾ ਗਿਆ ਹੈ। ਪੁਲਿਸ ਰਿਕਾਰਡ ਅਨੁਸਾਰ ਵਿਦਿਆ ਕੌਰ ਖ਼ਿਲਾਫ਼ ਪਹਿਲਾਂ ਵੀ ਮੁਕੱਦਮਾ ਨੰਬਰ 46 ਮਿਤੀ 09/07/2022 ਐੱਨਡੀਪੀਐੱਸ ਐਕਟ ਤਹਿਤ ਥਾਣਾ ਤਲਵੰਡੀ ਚੌਧਰੀਆਂ ਵਿਖੇ ਦਰਜ ਹੈ ਜਦਕਿ ਲਖਵੀਰ ਸਿੰਘ ਉਰਫ਼ ਲੱਖਾ ਖ਼ਿਲਾਫ਼ ਮੁਕੱਦਮਾ ਨੰਬਰ 112 ਮਿਤੀ 14/07/2016, ਮੁਕੱਦਮਾ ਨੰਬਰ 10 ਮਿਤੀ 08/01/2020, ਮੁਕੱਦਮਾ ਨੰਬਰ 250 ਮਿਤੀ 28/08/2020 ਤੇ ਮੁਕੱਦਮਾ ਨੰਬਰ 111 ਮਿਤੀ 20/05/2025 ਐੱਨਡੀਪੀਐੱਸ ਐਕਟ ਅਧੀਨ ਦਰਜ ਹਨ। ਪੁਲਿਸ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤੇ ਰਿਮਾਂਡ ਦੌਰਾਨ ਡਰੱਗ ਰੈਕਟ ਦੀ ਚੇਨ ਸਬੰਧੀ ਹੋਰ ਪੁੱਛਗਿੱਛ ਕੀਤੀ ਜਾਵੇਗੀ।