ਸੁਲਤਾਨਪੁਰ ਲੋਧੀ ਪੁਲਿਸ ਨੇ ਫਲੈਗ ਮਾਰਚ ਕੱਢਿਆ
ਸੁਲਤਾਨਪੁਰ ਲੋਧੀ ਪੁਲਿਸ ਵੱਲੋਂ ਚੋਣਾਂ ਦੇ ਮੱਦੇਨਜ਼ਰ ਫਲੈਗ ਮਾਰਚ ਕੱਢਿਆ
Publish Date: Fri, 12 Dec 2025 08:54 PM (IST)
Updated Date: Fri, 12 Dec 2025 08:57 PM (IST)
ਚੋਣਾਂ ਸਮੇਂ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ : ਧੀਰੇਂਦਰ ਵਰਮਾ
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਪੰਜਾਬ ਵਿਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਅੱਜ ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਦੇ ਨਿਰਦੇਸ਼ਾਂ 'ਤੇ ਏਐੱਸਪੀ ਧੀਰੇਂਦਰ ਵਰਮਾ ਦੀ ਅਗਵਾਈ ਅਤੇ ਐੱਸਐੱਚਓ ਇੰਸਪੈਕਟਰ ਸੋਨਮਦੀਪ ਕੌਰ ਦੀ ਨਿਗਰਾਨੀ ਹੇਠ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੀ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਤਲਵੰਡੀ ਚੌਧਰੀਆਂ ਪੁਲ ਤੋਂ ਸ਼ੁਰੂ ਹੋ ਕੇ ਸਦਰ ਬਾਜ਼ਾਰ, ਚੌਕ ਚੇਲਿਆਂ, ਮੰਡੀ ਰੋਡ ਤੋਂ ਹੁੰਦਾ ਹੋਇਆ ਥਾਣਾ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਇਆ। ਇਸ ਮੌਕੇ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਏਐੱਸਪੀ ਧੀਰੇਂਦਰ ਵਰਮਾ, ਥਾਣਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਇੰਸਪੈਕਟਰ ਸੋਨਮਦੀਪ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੁਲਿਸ ਪੂਰੀ ਤਰ੍ਹਾਂ ਨਾਲ ਚੌਕਸ ਹੈ ਅਤੇ ਹਰ ਸ਼ੱਕੀ ਵਿਅਕਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਤ ਨੂੰ ਵੀ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਨੂੰ ਵੀ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮਾਹੌਲ ਖਰਾਬ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਸਹਿਯੋਗ ਕਰਨ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸ਼ੱਕੀ ਵਸਤੂ ਜਾਂ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਉਹ ਤੁਰੰਤ ਪੁਲਿਸ ਪ੍ਰਸ਼ਾਸਨ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਤੁਹਾਡੀ ਸੁਰੱਖਿਆ ਲਈ 24 ਘੰਟੇ ਮੌਜੂਦ ਹੈ। ਹਲਕਾ ਸੁਲਤਾਨਪੁਰ ਲੋਧੀ ਦੇ ਕਿਸੇ ਵੀ ਵੋਟਰ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।