ਪੁਲਿਸ ਨੇ ਚੋਣਾਂ ਦੇ ਮੱਦੇਨਜ਼ਰ ਸ਼ਹਿਰ ’ਚ ਕੱਢਿਆ ਫਲੈਗ ਮਾਰਚ
ਸੁਲਤਾਨਪੁਰ ਲੋਧੀ ਪੁਲਿਸ ਵੱਲੋਂ ਚੋਣਾਂ ਦੇ ਮੱਦੇਨਜ਼ਰ ਫਲੈਗ ਮਾਰਚ ਕੱਢਿਆ ਗਿਆ
Publish Date: Mon, 25 May 2026 09:13 PM (IST)
Updated Date: Tue, 26 May 2026 04:14 AM (IST)

ਚੋਣਾਂ ਸਮੇਂ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ : ਐੱਸਪੀਡੀ ਹਰਿੰਦਰ ਸਿੰਘ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ, ਸੁਲਤਾਨਪੁਰ ਲੋਧੀ : ਅੱਜ ਹੋ ਰਹੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਕਪੂਰਥਲਾ ਪੁਲਿਸ ਪੂਰੀ ਤਰ੍ਹਾਂ ਨਾਲ ਚੌਕਸ ਹੈ। ਐਸਐਸਪੀ ਕਪੂਰਥਲਾ ਗੌਰਵ ਤੂਰਾ ਦੇ ਨਿਰਦੇਸ਼ਾਂ ਤੇ ਐਸਪੀ ਡੀ ਹਰਿੰਦਰ ਸਿੰਘ ਗਿੱਲ ਕਪੂਰਥਲਾ ਦੀ ਅਗਵਾਈ ਅਤੇ ਡੀਐਸਪੀ ਸੁਖਪਾਲ ਸਿੰਘ ਰੰਧਾਵਾ ਦੀ ਨਿਗਰਾਨੀ ਹੇਠ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੀ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਤਲਵੰਡੀ ਚੌਧਰੀਆਂ ਪੁਲ ਤੋਂ ਸ਼ੁਰੂ ਹੋ ਕੇ ਸਦਰ ਬਾਜ਼ਾਰ, ਚੌਕ ਚੇਲਿਆਂ, ਮੰਡੀ ਰੋਡ ਤੋਂ ਹੁੰਦਾ ਹੋਇਆ ਥਾਣਾ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਇਆ। ਇਸ ਮੌਕੇ ਬੋਲਦਿਆਂ ਐਸਪੀਡੀ ਹਰਿੰਦਰ ਸਿੰਘ ਗਿੱਲ ਕਪੂਰਥਲਾ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਸ਼ਹਿਰ ਵਿੱਚ ਨਗਰ ਕੌਂਸਲ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੁਲਿਸ ਪੂਰੀ ਤਰ੍ਹਾਂ ਨਾਲ ਚੌਕਸ ਹੈ ਅਤੇ ਹਰ ਸ਼ੱਕੀ ਵਿਅਕਤੀ ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਤ ਨੂੰ ਵੀ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦੇ 13 ਵਾਰਡਾਂ ਨਾਲ ਸਬੰਧਿਤ 16 ਪੋਲਿੰਗ ਸਟੇਸ਼ਨਾਂ ਉੱਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਹਰ ਪੋਲਿੰਗ ਸਟੇਸ਼ਨ ‘ਤੇ ਪੁਲਿਸ ਫੋਰਸ ਤਾਇਨਾਤ ਰਹੇਗੀ ਅਤੇ ਪੂਰੇ ਇਲਾਕੇ ‘ਤੇ ਕੜੀ ਨਿਗਰਾਨੀ ਰੱਖੀ ਜਾਵੇਗੀ ਤਾਂ ਜੋ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਮ ਦੀ ਗੜਬੜ ਨਾ ਹੋਵੇ।ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਨੂੰ ਵੀ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮਾਹੌਲ ਖਰਾਬ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਸਹਿਯੋਗ ਕਰਨ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਤੁਹਾਡੀ ਸੁਰੱਖਿਆ ਲਈ 24 ਘੰਟੇ ਮੌਜੂਦ ਹੈ। ਸ਼ਹਿਰ ਸੁਲਤਾਨਪੁਰ ਲੋਧੀ ਦੇ ਕਿਸੇ ਵੀ ਵੋਟਰ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।ਐਸਪੀਡੀ ਹਰਿੰਦਰ ਸਿੰਘ ਨੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਬਿਨਾਂ ਕਿਸੇ ਲਾਲਚ, ਡਰ ਜਾਂ ਖੌਫ ਦੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਅਤੇ ਅਮਨ-ਅਮਾਨ ਨਾਲ ਵੋਟਿੰਗ ਵਿੱਚ ਹਿੱਸਾ ਲੈ ਕੇ ਲੋਕਤੰਤਰ ਦੇ ਇਸ ਤਿਉਹਾਰ ਨੂੰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਸਮੂਹ ਥਾਣਾ ਇੰਚਾਰਜ ਤੇ ਹੋਰ ਪੁਲਿਸ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।