ਗਰਮੀ ਪਈ ਫਿੱਕੀ : 41 ਡਿਗਰੀ ਪਾਰੇ ਦੇ ਬਾਵਜੂਦ ਵੋਟਿੰਗ ਲਈ ਲੱਗੀਆਂ ਲੰਬੀਆਂ ਲਾਈਨਾਂ, ਸੁਰੱਖਿਆ ਪ੍ਰਬੰਧਾਂ ਨੂੰ ਦੇਖਣ ਖੁਦ ਮੈਦਾਨ 'ਚ ਉੱਤਰੇ ਡਿਪਟੀ ਕਮਿਸ਼ਨਰ
ਨਗਰ ਨਿਗਮ Kapurthala ਅਤੇ ਨਗਰ ਕੌਂਸਲ Sultanpur Lodhi ਦੀਆਂ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆਇਆ। 41 ਡਿਗਰੀ ਸੈਲਸੀਅਸ ਤਾਪਮਾਨ ਅਤੇ ਤਿੱਖੀ ਗਰਮੀ ਦੇ ਬਾਵਜੂਦ ਵੋਟਰਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪੋਲਿੰਗ ਕੇਂਦਰਾਂ ‘ਤੇ ਲਗਾਤਾਰ ਚਲਹ-ਪਹਿਲ ਬਣੀ ਰਹੀ।
Publish Date: Tue, 26 May 2026 02:45 PM (IST)
Updated Date: Tue, 26 May 2026 02:47 PM (IST)

ਹਰਨੇਕ ਸਿੰਘ ਜੈਨਪੁਰੀ, ਪੰਜਾਬੀ ਜਾਗਰਣ, ਕਪੂਰਥਲਾ : ਨਗਰ ਨਿਗਮ Kapurthala ਅਤੇ ਨਗਰ ਕੌਂਸਲ Sultanpur Lodhi ਦੀਆਂ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆਇਆ। 41 ਡਿਗਰੀ ਸੈਲਸੀਅਸ ਤਾਪਮਾਨ ਅਤੇ ਤਿੱਖੀ ਗਰਮੀ ਦੇ ਬਾਵਜੂਦ ਵੋਟਰਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪੋਲਿੰਗ ਕੇਂਦਰਾਂ ‘ਤੇ ਲਗਾਤਾਰ ਚਲਹ-ਪਹਿਲ ਬਣੀ ਰਹੀ। ਇਸੇ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ Akash Bansal ਅਤੇ ਵਧੀਕ ਡਿਪਟੀ ਕਮਿਸ਼ਨਰ Varinderpal Singh Bajwa ਵੱਲੋਂ ਵੱਖ-ਵੱਖ ਪੋਲਿੰਗ ਕੇਂਦਰਾਂ ਦਾ ਤੂਫਾਨੀ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਐਮ. ਜੀ. ਐਨ. ਸਕੂਲ ਅਤੇ ਐਮ. ਡੀ. ਐੱਸ. ਡੀ. ਸਕੂਲ ਵਿਖੇ ਬਣਾਏ ਗਏ ਪੋਲਿੰਗ ਸੈਂਟਰਾਂ ਦਾ ਜਾਇਜ਼ਾ ਲਿਆ, ਜਿੱਥੇ ਵੋਟਿੰਗ ਪ੍ਰਕਿਰਿਆ ਸ਼ਾਂਤੀਪੂਰਵਕ ਢੰਗ ਨਾਲ ਚੱਲ ਰਹੀ ਸੀ।
ਦੌਰੇ ਦੌਰਾਨ ਅਧਿਕਾਰੀਆਂ ਨੇ ਚੋਣ ਅਮਲੇ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਚੋਣ ਏਜੰਟਾਂ ਨਾਲ ਗੱਲਬਾਤ ਕਰਕੇ ਚੋਣ ਪ੍ਰਬੰਧਾਂ ਬਾਰੇ ਫੀਡਬੈਕ ਵੀ ਹਾਸਲ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਇੱਕ ਬਜ਼ੁਰਗ ਵੋਟਰ ਨਾਲ ਵੀ ਗੱਲਬਾਤ ਕੀਤੀ ਅਤੇ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਹਿੱਸਾ ਲੈਣ ਲਈ ਉਸਦਾ ਹੌਸਲਾ ਵਧਾਇਆ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਦੁਪਹਿਰ 1:30 ਵਜੇ ਤੱਕ ਪ੍ਰਾਪਤ ਰਿਪੋਰਟ ਮੁਤਾਬਕ ਨਗਰ ਨਿਗਮ ਕਪੂਰਥਲਾ ਵਿੱਚ 31.69 ਫੀਸਦੀ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਵਿੱਚ 34.54 ਫੀਸਦੀ ਪੋਲਿੰਗ ਦਰਜ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਕੇਂਦਰਾਂ ‘ਤੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਬਜ਼ੁਰਗਾਂ ਅਤੇ ਦਿਵਿਆਂਗ ਵੋਟਰਾਂ ਲਈ ਵ੍ਹੀਲ ਚੇਅਰਾਂ, ਗਰਮੀ ਤੋਂ ਬਚਾਅ ਲਈ ਛਾਂਦਾਰ ਥਾਵਾਂ ਅਤੇ ਪੀਣ ਲਈ ਸਾਫ਼ ਤੇ ਠੰਡੇ ਪਾਣੀ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਵੋਟਰ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਪੋਲਿੰਗ ਕੇਂਦਰਾਂ ਦੇ ਨਿਰੀਖਣ ਤੋਂ ਬਾਅਦ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਅਤੇ ਏਡੀਸੀ ਵਰਿੰਦਰਪਾਲ ਸਿੰਘ ਬਾਜਵਾ ਨੇ ਵਿਰਸਾ ਵਿਹਾਰ ਵਿਖੇ ਬਣਾਏ ਗਏ ਸਟਰਾਂਗ ਰੂਮ ਦਾ ਦੌਰਾ ਵੀ ਕੀਤਾ। ਉਨ੍ਹਾਂ ਬੈਲਟ ਬਾਕਸਾਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਤਾਇਨਾਤ ਅਮਲੇ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ।