557ਵੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਵਿਰਾਸ਼ਤੀ ਸ਼ਹਿਰ ਪਹੁੰਚਿਆ
--ਨਗਰ ਕੀਰਤਨ 6 ਮਾਰਚ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ ਬਾਰਡਰ) ਵਿਖੇ ਪਹੁੰਚੇਗਾ।
Publish Date: Tue, 03 Mar 2026 09:23 PM (IST)
Updated Date: Tue, 03 Mar 2026 09:26 PM (IST)

--ਨਗਰ ਕੀਰਤਨ 6 ਮਾਰਚ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ ਬਾਰਡਰ) ਵਿਖੇ ਪਹੁੰਚੇਗਾ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਤੋਂ ਆਰੰਭਿਤ ਮਹਾਨ ਨਗਰ ਕੀਰਤਨ ਦਾ ਕਪੂਰਥਲਾ ਪਹੁੰਚਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਮੂਹ ਸੰਗਤਾਂ ਨੇ ਗੁਰਦੁਆਰਾ ਸ੍ਰੀ ਸੰਗਤ ਸਾਹਿਬ, ਪ੍ਰੀਤ ਨਗਰ ਨਜ਼ਦੀਕ, ਮਾਰਕਫੈੱਡ ਚੌਕ ਵਿਖੇ ਉਪਰੰਤ ਸਟੇਟ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਉਪਰੰਤ ਫੁੱਲਾਂ ਦੀ ਵਰਖਾ ਕਰਕੇ ਤੇ ਸੁਆਗਤੀ ਗੇਟ ਬਣਾ ਕੇ ਭਰਵਾਂ ਸਵਾਗਤ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਦੇ ਉਪਰਾਲਿਆਂ ਨਾਲ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਜ਼ਿਲ੍ਹਾ ਮੁਕਤਸਰ ਸਾਹਿਬ ਤੋਂ ਆਰੰਭ ਹੋ ਕੇ 6 ਮਾਰਚ ਨੂੰ ਡੇਰਾ ਬਾਬਾ ਨਾਨਕ ਹੁੰਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਜ਼ਦੀਕ ਪਾਕਿਸਤਾਨ ਬਾਰਡਰ ਵਿਖੇ ਸਮਾਪਤ ਹੋਵੇਗਾ। ਸੰਸਥਾ ਦੇ ਮੁੱਖ ਸੇਵਾਦਾਰ ਡਾ. ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਸਾਰੇ ਹੀ ਰਸਤਿਆਂ ਵਿਚ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ ਹੈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਬਖਸ਼ਿਸ਼ ਕੀਤਾ ਹੈ। ਸਟੇਟ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਮੌਕੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦਿੱਤੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ। ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ, ਉਨ੍ਹਾਂ ਦੁਆਰਾ ਦਰਸਾਏ ਗਏ ਮਾਰਗ ’ਤੇ ਚੱਲ ਕੇ ਮਨੁੱਖੀ ਜੀਵਨ ਦੇ ਮਨੋਰਥ ਨੂੰ ਪਾਇਆ ਜਾ ਸਕਦਾ ਹੈ। ਨਗਰ ਕੀਰਤਨ ਦੌਰਾਨ ਗੱਤਕਾ ਅਖਾੜਾ ਦੇ ਨੌਜਵਾਨਾਂ ਨੇ ਖਾਲਸਾਈ ਵਿਰਾਸਤੀ ਜੌਹਰ ਦਿਖਾਏ। ਫੁੱਲਾਂ ਨਾਲ ਸਜੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਵਾਲੀ ਬੱਸ, ਸਿੱਖ ਵਿਰਸੇ ਤੇ ਇਤਿਹਾਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀਆਂ ਚਲਦੀਆਂ-ਫਿਰਦੀਆਂ ਪ੍ਰਦਰਸ਼ਨੀਆਂ, ਬੈਂਡ ਟੀਮਾਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਵੱਖ-ਵੱਖ ਧਾਰਮਿਕ ਜਥੇਬੰਦੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆ ਵੱਲੋਂ ਸੰਗਤਾਂ ਲਈ ਲੰਗਰ ਵੀ ਲਗਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਨੇ ਸਮੂਹਿਕ ਤੌਰ ’ਤੇ ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਡਾ. ਜਗਦੀਪ ਸਿੰਘ ਸੋਢੀ ਤੇ ਸਹਿਯੋਗੀ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਪਰੰਤ ਨਗਰ ਕੀਰਤਨ ਪ੍ਰਬੰਧਕਾ ਨੇ ਵੀ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬੀਬੀ ਭਜਨ ਕੌਰ ਸਾਬਕਾ ਐਗਜ਼ੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਾਰਮਿਕ ਆਗੂ ਸੁਖਵਿੰਦਰ ਮੋਹਨ ਸਿੰਘ ਭਾਟੀਆ, ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ, ਭਾਈ ਮੋਹਕਮ ਸਿੰਘ ਇੰਚਾਰਜ, ਭਾਈ ਕੁਲਵਿੰਦਰ ਸਿੰਘ ਨੂੰ ਸਨਮਾਨ ਚਿੰਨ੍ਹ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਟੇਟ ਗੁਰਦੁਆਰਾ ਸਾਹਿਬ ਵਿਖੇ ਲਗਾਏ ਗਏ ਧਾਰਮਿਕ ਦੀਵਾਨ ਵਿਚ ਕਥਾਵਾਚਕ ਭਾਈ ਹਰਵਿੰਦਰ ਸਿੰਘ ਕਥਾਵਾਚਕ ਧਰਮ ਪ੍ਰਚਾਰ ਕਮੇਟੀ ਤੇ ਕਵੀਸ਼ਰੀ ਜਥੇ ਭਾਈ ਜਸਬੀਰ ਸਿੰਘ ਨੇ ਵੀ ਸੰਗਤਾਂ ਨੂੰ ਗੁਰਬਾਣੀ ਗੁਰਇਤਿਹਾਸ ਤੋਂ ਜਾਣੂੰ ਕਰਵਾਇਆ। ਲੜੀਵਾਰ ਪੜਾਅ ਦੌਰਾਨ ਨਗਰ ਕੀਰਤਨ ਕਚਹਿਰੀ ਚੌਂਕ, ਗੁਰਦੁਆਰਾ ਸਾਹਿਬ ਬਾਵਿਆ, ਗੁਰਦੁਆਰਾ ਸ੍ਰੀ ਲੰਗਰ ਸਾਹਿਬ ਪਿੰਡ ਉੱਚਾ ਵੱਲ ਰਵਾਨਾ ਹੋਇਆ। ਸ਼ਬਦ ਚੌਂਕੀ ਜਥੇ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਜਸਵਿੰਦਰ ਸਿੰਘ ਬੱਤਰਾ, ਜਸਪਾਲ ਸਿੰਘ ਖੁਰਾਣਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਜਸਪਾਲ ਸਿੰਘ ਖੁਰਾਣਾ, ਲਖਬੀਰ ਸਿੰਘ ਸ਼ਾਹੀ, ਸੁਰਜੀਤ ਸਿੰਘ ਵਿੱਕੀ, ਜੋਧ ਸਿੰਘ, ਹਰਦਿਆਲ ਸਿੰਘ ਝੀਤਾ, ਬੀਬੀ ਤਰਲੋਚਨ ਕੌਰ, ਬੀਬੀ ਦਵਿੰਦਰ ਕੌਰ ਸਾਹਨੀ, ਗੁਰਵਿੰਦਰ ਸਿੰਘ, ਜਸਬੀਰ ਸਿੰਘ ਖ਼ਾਲਸਾ, ਨਰਿੰਦਰ ਸਿੰਘ, ਸਵਰਨ ਸਿੰਘ, ਸੁਰਿੰਦਰਪਾਲ ਸਿੰਘ, ਭਾਈ ਕੁਲਵਿੰਦਰ ਸਿੰਘ, ਏਐੱਸਆਈ ਦਿਲਬਾਗ ਸਿੰਘ, ਜੋਗਿੰਦਰ ਸਿੰਘ, ਬਲਵਿੰਦਰ ਸਿੰਘ, ਜਸਵੰਤ ਸਿੰਘ, ਹਰਭਜਨ ਸਿੰਘ, ਮੋਹਨਜੀਤ ਸਿੰਘ, ਅਕਸ਼ ਸਿੰਘ, ਸਾਹਿਬ ਸਿੰਘ, ਪ੍ਰੀਤਪਾਲ ਸਿੰਘ ਸੋਨੂੰ, ਦਵਿੰਦਰ ਸਿੰਘ, ਗਗਨਦੀਪ ਸਿੰਘ ਸਮੇਤ ਧਾਰਮਿਕ ਜਥੇਬੰਦੀਆਂ ਤੇ ਸੰਗਤਾਂ ਹਾਜ਼ਰ ਸਨ।