ਪ੍ਰਧਾਨ ਮੰਤਰੀ ਦੇ ਸੰਦੇਸ਼ ਨੇ ਲੋਕਾਂ ਨੂੰ ਡਰਾਇਆ : ਕਾਂਗਰਸ
ਪ੍ਰਧਾਨ ਮੰਤਰੀ ਦੇ ਸੰਦੇਸ਼ ਨੇ ਲੋਕਾਂ ਨੂੰ ਡਰ ਅਤੇ ਸਹਿਮ ਵਿਚ ਪਾਇਆ,ਸ਼ਰਨਜੀਤ ਸਿੰਘ।
Publish Date: Mon, 11 May 2026 07:26 PM (IST)
Updated Date: Mon, 11 May 2026 07:27 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਕ ਸਾਲ ਤੱਕ ਦੇਸ਼ ਵਾਸੀਆਂ ਨੂੰ ਸੋਨਾ ਨਾ ਖਰੀਦਣ, ਵਿਦੇਸ਼ ਯਾਤਰਾ ਨਾ ਕਰਨ, ਐੱਲਪੀਜੀ, ਪੈਟਰੋਲ ਦੀ ਵਰਤੋਂ ਘਟ ਕਰਨ ਸਬੰਧੀ ਬਿਆਨ ‘ਤੇ ਸਿਆਸੀ ਮਾਹੌਲ ਗਰਮਾ ਗਿਆ ਹੈ। ਮਸਲੇ ’ਤੇ ਕਾਂਗਰਸੀ ਆਗੂਆਂ ਨੇ ਇਸ ਮਾਮਲੇ ‘ਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਤਿੱਖੇ ਤਣਜ਼ ਕੱਸੇ ਹਨ। ਸੀਨੀਅਰ ਕਾਂਗਰਸੀ ਆਗੂ ਕੌਸਲਰ ਤਰਨਜੀਤ ਸਿੰਘ ਬੰਟੀ ਵਾਲੀਆ, ਸ਼ਰਨਜੀਤ ਸਿੰਘ ਤੇ ਸੌਰਵ ਸ਼ਰਮਾ ਨੇ ਕਿਹਾ ਕਿ ਦੇਸ਼ ਵਿਚ ਪਹਿਲਾਂ ਹੀ ਮਹਿੰਗਾਈ ਤੇ ਬੇਰੁਜ਼ਗਾਰੀ ਕਾਰਨ ਲੋਕ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ, ਅਜਿਹੇ ਸਮੇਂ ‘ਚ ਸੋਨਾ, ਪੈਟੋਰਲ-ਡੀਜ਼ਲ, ਐੱਲਪੀਜੀ ਨਾ ਖਰੀਦਣ ਦੀ ਸਲਾਹ ਆਮ ਵਰਗ ਦੀਆਂ ਭਾਵਨਾਵਾਂ ਨਾਲ ਮੇਲ ਨਹੀਂ ਖਾਂਦੀ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਕਾਰਨ ਲੋਕਾਂ ਲਈ ਸਮੱਸਿਆ ਖੜ੍ਹੀ ਹੋਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਬਚਤ ਕਰਨ ਤੇ ਨਿਵੇਸ਼ ਲਈ ਪ੍ਰੇਰਿਤ ਕੀਤਾ ਜਾਂਦਾ ਸੀ, ਪਰ ਭਾਜਪਾ ਦੀ ਕੇਂਦਰ ਸਰਕਾਰ ਲੋਕਾਂ ਨੂੰ ਸੋਨਾ ਖਰੀਦਣ ਤੋਂ ਵੀ ਰੋਕ ਰਹੀ ਹੈ। ਕਾਂਗਰਸੀ ਆਗੂਆਂ ਨੇ ਪ੍ਰਧਾਨ ਮੰਤਰੀ ਵੱਲੋਂ ਪੈਟਰੋਲ, ਐੱਲਪੀਜੀ ਤੇ ਸੋਨਾ ਨਾ ਖਰੀਦਣ ਸਬੰਧੀ ਦਿੱਤੇ ਗਏ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਨੋਟਬੰਦੀ ਤੇ ਫਿਰ ਕੋਰੋਨਾ ਦੌਰਾਨ ਗਲਤ ਫੈਸਲਿਆਂ ਨਾਲ ਦੇਸ਼ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚਾਇਆ ਗਿਆ ਤੇ ਹੁਣ ਇਸ ਤਰ੍ਹਾਂ ਦੇ ਬਿਆਨ ਦੇ ਕੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਇਆ ਜਾ ਰਿਹਾ ਹੈ। ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਮਹਿੰਗਾਈ ਤੇ ਬੇਰੁਜ਼ਗਾਰੀ ਵਰਗੇ ਮੁੱਦਿਆਂ ’ਤੇ ਜਵਾਬ ਦੇਣ ਦੀ ਬਜਾਏ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਪਣੀ ਜਵਾਬਦੇਹੀ ਤੋਂ ਬਚਣ ਲਈ ਇਸ ਤਰ੍ਹਾਂ ਦੇ ਬਿਆਨ ਜਾਰੀ ਕਰਦੇ ਰਹਿੰਦੇ ਹਨ, ਜਦਕਿ ਆਮ ਲੋਕ ਮਹਿੰਗਾਈ ਦੀ ਮਾਰ ਝੱਲ ਰਹੇ ਹਨ। ਤਰਨਜੀਤ ਸਿੰਘ ਬੰਟੀ ਵਾਲੀਆ, ਸ਼ਰਨਜੀਤ ਸਿੰਘ ਤੇ ਸੌਰਵ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵਾਰ ਫਿਰ ਦੇਸ਼ ਵਾਸੀਆਂ ਨੂੰ ਕੁਰਬਾਨੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਾਸੀ ਸੋਨਾ ਨਾ ਖਰੀਦਣ, ਵਿਦੇਸ਼ ਦੀ ਯਾਤਰਾ ਨਾ ਕਰਨ, ਘੱਟ ਪੈਟਰੋਲ ਦੀ ਵਰਤੋਂ ਕਰਨ, ਖਾਦ ਤੇ ਖਾਣਾ ਪਕਾਉਣ ਵਾਲੇ ਤੇਲ ਦੀ ਵਰਤੋਂ ਘੱਟ ਕਰਨ, ਪ੍ਰਧਾਨ ਮੰਤਰੀ ਨੂੰ ਜਦੋ ਉਜਵਲਾ ਯੋਜਨਾ ਤਹਿਤ ਹਰ ਘਰ ਐੱਲਪੀਜੀ ਸਿਲੰਡਰ ਮੁਫਤ ਵੰਡਿਆ ਸੀ, ਉਸ ਸਮੇ ਯਾਦ ਨਹੀਂ ਆਇਆ ਕਿ ਆਉਣ ਵਾਲੇ ਸਮੇਂ ਵਿਚ ਹਲਾਤ ਖਰਾਬ ਹੋ ਸਕਦੇ ਹਨ, ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਨੂੰ ਅਗਾਹ ਕਰ ਰਹੇ ਹਨ ਕਿ ਦੇਸ਼ ਦੀ ਕੇਂਦਰ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਨਾਕਾਮਯਾਬ ਸਾਬਿਤ ਹੋਈ ਹੈ, ਜਿਸ ਦੇ ਨਤੀਜੇ ਵਜੋਂ ਆਉਣ ਵਾਲੇ ਦਿਨਾਂ ਵਿਚ ਮਹਿੰਗਾਈ ਵਧੇਗੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਆਪਣੀ ਵਿਦੇਸ਼ ਨੀਤੀ ਵਿਚ ਪੂਰੀ ਤਰਾਂ ਫੇਲ੍ਹ ਸਾਬਿਤ ਹੋਈ ਹੈ, ਜਿਸ ਦਾ ਨੁਕਸਾਨ ਹੁਣ ਦੇਸ਼ ਦੇ ਲੋਕਾਂ ਨੂੰ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਹੁਣ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਸਮਝ ਚੁੱਕੇ ਹਨ ਤੇ ਆਉਣ ਵਾਲੇ ਸਮੇਂ ਵਿਚ ਇਸਦਾ ਜਵਾਬ ਲੋਕਤੰਤਰਿਕ ਢੰਗ ਨਾਲ ਦਿੱਤਾ ਜਾਵੇਗਾ।