ਦਫ਼ਤਰੀ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਤੀਜੇ ਦਿਨ ਵੀ ਜਾਰੀ
ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਤੀਜੇ ਦਿਨ ਵੀ ਰਹੀ ਜ਼ਾਰੀ
Publish Date: Thu, 26 Feb 2026 09:52 PM (IST)
Updated Date: Thu, 26 Feb 2026 09:55 PM (IST)

31,000 ਰੁਪਏ ਪ੍ਰਤੀ ਮਹੀਨਾ ਤਨਖਾਹ ਕਟੌਤੀ ਨੂੰ ਲੈ ਕੇ ਚੱਲ ਰਹੀ ਹੜਤਾਲ ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : 20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆਂ ਦੀਆਂ ਤਨਖਾਹਾਂ ’ਤੇ 31,000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਤੋਂ ਰੋਸ ਵਿਚ ਆਏ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆਂ ਵੱਲੋਂ ਕੀਤੀ ਕਲਮ ਛੋੜ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂਆਂ ਬਨਵਾਰੀ ਲਾਲ, ਰਮੇਸ਼ ਕੰਬੋਜ ਲਾਧੂਕਾ ਮੰਡੀ, ਗਗਨਦੀਪ ਸਿੰਘ, ਅਮਨਦੀਪ ਕੌਰ, ਰਾਜੀਵ ਪਠਾਣੀਆਂ ਨੇ ਦੱਸਿਆ ਕਿ ਬੀਤੇ ਦਿਨੀਂ ਦਫ਼ਤਰੀ ਮੁਲਾਜ਼ਮਾਂ ਨੇ ਆਪਣੇ ਹੱਕ ਮੰਗਣ ਲਈ ਰੋਸ ਪ੍ਰਦਰਸ਼ਨ ਕੀਤਾ ਸੀ, ਜਿਸ ਦੌਰਾਨ ਪੁਲਿਸ ਪ੍ਰਸਾਸ਼ਨ ਵੱਲੋਂ ਮੁਲਾਜ਼ਮਾਂ ’ਤੇ ਜਲ ਤੋਪਾਂ ਦੀ ਵਰਤੋਂ ਕੀਤੀ ਗਈ ਤੇ ਮੁਲਾਜ਼ਮਾਂ ਤੇ ਪੁਲਿਸ ਵਿਚ ਹੋਈ ਹੱਥੋਪਾਈ ਦੌਰਾਨ ਮੁਲਾਜ਼ਮਾਂ ਦੀਆਂ ਪੱਗਾਂ ਵੀ ਲੱਥੀਆਂ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸਤੰਬਰ 2025 ਦੀ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਕਈ ਵਾਰ ਅਧਿਕਾਰੀਆਂ ਨੂੰ ਤਨਖਾਹਾਂ ਨਾ ਘਟਾਉਣ ਤੇ ਠੋਸ ਫੈਸਲਾ ਲੈਣ ਦੀ ਹਦਾਇਤ ਕੀਤੀ ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਤਤਕਾਲੀ ਸਕੱਤਰ ਸਕੂਲ ਸਿੱਖਿਆ ਵੱਲੋਂ ਜਥੇਬੰਦੀ ਨਾਲ ਅਕਤੂਬਰ 2025 ਨੂੰ ਮੀਟਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨਾਲ ਹੋਈ ਵਿਚਾਰ-ਚਰਚਾ ਅਨੁਸਾਰ ਕਰਮਚਾਰੀਆਂ ਨੂੰ 01.04.2018 ਤੋਂ ਅਧਿਆਪਕਾਂ ਦੀ ਤਰਜ਼ ’ਤੇ ਰੈਗੂਲਰ ਕਰਨ ਤੇ ਤਨਖ਼ਾਹਾਂ ਨਾ ਘਟਾਉਣ ਦਾ ਫੈਸਲਾ ਹੋਇਆ ਸੀ। ਆਗੂਆ ਨੇ ਕਿਹਾ ਕਿ ਕੱਲ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਣ ਵਾਲੀ ਮੀਟਿੰਗ ਵਿਚ ਜੇਕਰ ਤਨਖਾਹ ਕਟੌਤੀ ਤੇ 01.04.2018 ਤੋਂ ਰੈਗੂਲਰ ਆਰਡਰ ਦੇਣ ਸਬੰਧੀ ਕੋਈ ਫੈਸਲਾ ਨਾ ਹੋਇਆ ਤਾਂ ਮੁਲਾਜ਼ਮ ਮੁੱਖ ਮੰਤਰੀ, ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਦੇ ਘਰਾਂ ਵੱਲ ਗੁਪਤ ਐਕਸ਼ਨ ਕਰਨ ਨੂੰ ਮਜ਼ਬੂਰ ਹੋਣਗੇ ।