ਐੱਲਪੀਯੂ ਦੀ ਨਸ਼ਾ ਮੁਕਤ ਮੈਰਾਥਨ ‘ਚ ਹਜ਼ਾਰਾਂ ਨੌਜਵਾਨ ਸ਼ਾਮਲ
ਐਲ.ਪੀ.ਯੂ. ਵਿੱਚ ਨਸ਼ਾ ਮੁਕਤ ਮੈਰਾਥਨ ‘ਚ ਹਜ਼ਾਰਾਂ ਨੌਜਵਾਨਾਂ ਦੀ ਗੂੰਜ
Publish Date: Sun, 22 Feb 2026 07:54 PM (IST)
Updated Date: Sun, 22 Feb 2026 07:57 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲਪੀਯੂ), ਫਗਵਾੜਾ ਵਿਚ ਵੱਡਾ ਉਤਸ਼ਾਹਪੂਰਣ ਸਮਰਥਨ ਮਿਲਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਤੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਮੋੜਣ ਦੇ ਉਦੇਸ਼ ਨਾਲ 5 ਕਿਲੋਮੀਟਰ ਦੀ ਦੂਜੀ ਪ੍ਰਮੋਸ਼ਨਲ ਮੈਰਾਥਨ ਕਰਵਾਈ ਗਈ। ਮੈਰਾਥਨ ਨੂੰ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਹਜ਼ਾਰਾਂ ਵਿਦਿਆਰਥੀਆਂ ਤੇ ਨੌਜਵਾਨ ਦੌੜਾਕਾਂ ਨੇ ਜੋਸ਼ ਤੇ ਜਜ਼ਬੇ ਨਾਲ ਭਾਗ ਲੈ ਕੇ ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਦਿੱਤਾ। ਸਾਰਾ ਮਾਹੌਲ ਦੇਸ਼ ਭਗਤੀ ਤੇ ਸਮਾਜਿਕ ਜ਼ਿੰਮੇਵਾਰੀ ਦੇ ਰੰਗ ਵਿਚ ਰੰਗਿਆ ਹੋਇਆ ਦਿਖਾਈ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਇਹ ਦੌੜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੂੰ ਸਮਰਪਿਤ ਹੈ ਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵੱਲ ਇਕ ਮਜ਼ਬੂਤ ਸਮੂਹਿਕ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਜਾਗਰੂਕਤਾ ਮੁਹਿੰਮਾਂ ਰਾਹੀਂ ਸਮਾਜ ਦੇ ਹਰ ਵਰਗ ਨੂੰ ਇਸ ਲੜਾਈ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ 22 ਮਾਰਚ ਨੂੰ ਮਾਹਿਲਪੁਰ (ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਆਯੋਜਿਤ ਕੀਤੀ ਜਾਵੇਗੀ ਤੇ ਸਾਰੇ ਨਾਗਰਿਕਾਂ ਨੂੰ ਇਸ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨਸ਼ਾ ਮੁਕਤ ਪੰਜਾਬ ਲਈ ਜਨ ਅੰਦੋਲਨ ਹੋਰ ਮਜ਼ਬੂਤ ਹੋਵੇਗਾ ਤੇ ਨੌਜਵਾਨਾਂ ਵਿਚ ਟੀਮ ਵਰਕ, ਅਨੁਸ਼ਾਸਨ ਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਪ੍ਰੋਤਸਾਹਨ ਮਿਲੇਗਾ। ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਤੇ ਡਿਪਟੀ ਸਪੀਕਰ ਵੱਲੋਂ ਜੇਤੂ ਦੌੜਾਕਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਹ ਮੈਰਾਥਨ ਨਸ਼ਾ ਮੁਕਤ ਪੰਜਾਬ ਵੱਲ ਇਕ ਮਜ਼ਬੂਤ ਕਦਮ ਸਾਬਤ ਹੋਈ, ਜਿਸ ਨੇ ਇਹ ਸਾਬਤ ਕਰ ਦਿੱਤਾ ਕਿ ਜਦੋਂ ਸਮਾਜ ਇਕੱਠਾ ਹੁੰਦਾ ਹੈ ਤਾਂ ਕੋਈ ਵੀ ਮੁਹਿੰਮ ਕਾਮਯਾਬੀ ਤੋਂ ਦੂਰ ਨਹੀਂ ਰਹਿੰਦੀ।