ਕੱਲ੍ਹ ਦੀ ਮੋਗਾ ਰੈਲੀ ਪੰਜਾਬ ’ਚ ਬਦਲਾਅ ਦਾ ਸੁਨੇਹਾ ਦੇਵੇਗੀ : ਠਾਕੁਰ
ਕੱਲ੍ਹ ਦੀ ਮੋਗਾ ਰੈਲੀ ਪੰਜਾਬ ਵਿੱਚ ਬਦਲਾਅ ਦਾ ਸੁਨੇਹਾ ਦੇਵੇਗੀ : ਪ੍ਰਦੀਪ ਠਾਕੁਰ
Publish Date: Fri, 13 Mar 2026 10:09 PM (IST)
Updated Date: Fri, 13 Mar 2026 10:12 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 14 ਮਾਰਚ ਨੂੰ ਹੋਣ ਵਾਲੇ ਪੰਜਾਬ ਦੌਰੇ ਨੂੰ ਲੈ ਕੇ ਪੂਰੇ ਸੂਬੇ ਦੇ ਨਾਲ-ਨਾਲ ਕਪੂਰਥਲਾ ਜ਼ਿਲ੍ਹੇ ਵਿਚ ਭਾਜਪਾ ਵਰਕਰਾਂ ਤੇ ਆਗੂਆਂ ਵਿਚ ਭਾਰੀ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਭਾਜਪਾ ਐੱਸਸੀ ਮੋਰਚਾ ਦੇ ਸੂਬਾ ਕੋਆਰਡੀਨੇਟਰ ਪ੍ਰਦੀਪ ਠਾਕੁਰ ਨੇ ਕਿਹਾ ਕਿ ਅਮਿਤ ਸ਼ਾਹ ਦਾ ਪੰਜਾਬ ਆਉਣਾ ਪਾਰਟੀ ਵਰਕਰਾਂ ਲਈ ਜੀਵਨ ਰੇਖਾ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੇ ਗ੍ਰਹਿ ਮੰਤਰੀ ਨਿੱਜੀ ਤੌਰ ’ਤੇ ਸੂਬੇ ਦਾ ਦੌਰਾ ਕਰਦੇ ਹਨ ਤਾਂ ਜ਼ਮੀਨੀ ਪੱਧਰ ਦੇ ਵਰਕਰਾਂ ਦਾ ਮਨੋਬਲ ਕਈ ਗੁਣਾ ਵੱਧ ਜਾਂਦਾ ਹੈ। ਇਹ ਦੌਰਾ ਪੰਜਾਬ ਵਿਚ ਭਾਜਪਾ ਦੀਆਂ ਜੜ੍ਹਾਂ ਨੂੰ ਹੋਰ ਮਜ਼ਬੂਤ ਕਰਨ ਵਿਚ ਇਕ ਮੀਲ ਪੱਥਰ ਸਾਬਤ ਹੋਵੇਗਾ। ਪ੍ਰਦੀਪ ਠਾਕੁਰ ਨੇ ਕਿਹਾ ਕਿ 14 ਮਾਰਚ ਨੂੰ ਮੋਗਾ ਵਿਚ ਹੋਣ ਵਾਲੀ ਬਦਲਾਅ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਇਤਿਹਾਸ ਸਿਰਜੇਗੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਰੈਲੀ ਸੂਬੇ ਵਿਚ ਮੌਜੂਦਾ ਭ੍ਰਿਸ਼ਟ ਸਿਸਟਮ ਨੂੰ ਉਖਾੜ ਦੇਵੇਗੀ ਤੇ ਸੱਤਾ ਤਬਦੀਲੀ ਦੀ ਨੀਂਹ ਰੱਖੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੇ ਦਹਾਕਿਆਂ ਵਿਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਹੁਣ ਆਮ ਆਦਮੀ ਪਾਰਟੀ ਦਾ ਰਾਜ ਦੇਖਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਸਰਕਾਰਾਂ ਨੇ ਪੰਜਾਬ ਨੂੰ ਕਰਜ਼ੇ ਤੇ ਨਸ਼ਿਆਂ ਦੀ ਦਲਦਲ ਵਿਚ ਧੱਕਣ ਤੋਂ ਇਲਾਵਾ ਕੁਝ ਨਹੀਂ ਕੀਤਾ। ਪ੍ਰਦੀਪ ਠਾਕੁਰ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਹਾਲ ਹੀ ਦੇ ਸਾਲਾਂ ਵਿਚ ਵਿਕਾਸ ਤੇ ਸੁਸ਼ਾਸਨ ਦੇ ਨਵੇਂ ਰਿਕਾਰਡ ਕਾਇਮ ਕੀਤੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਮਾਜ ਦੇ ਹਰ ਵਰਗ, ਚਾਹੇ ਉਹ ਕਿਸਾਨ, ਮਜ਼ਦੂਰ, ਨੌਜਵਾਨ ਤੇ ਔਰਤਾਂ ਹੋਣ ਦੀ ਭਲਾਈ ਲਈ ਇਤਿਹਾਸਕ ਯੋਜਨਾਵਾਂ ਲਾਗੂ ਕੀਤੀਆਂ ਹਨ। ਅਮਿਤ ਸ਼ਾਹ ਦੀ ਅਗਵਾਈ ਹੇਠ ਅਸੀਂ ਪੰਜਾਬ ਦੇ ਵਿਕਾਸ ਲਈ ਪੂਰੇ ਦਿਲ ਨਾਲ ਕੰਮ ਕਰਨ ਲਈ ਵਚਨਬੱਧ ਹਾਂ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਸਬਕਾ ਸਾਥ, ਸਬਕਾ ਵਿਕਾਸ ਤੇ ਸਬਕਾ ਵਿਸ਼ਵਾਸ ਦੇ ਸਿਧਾਂਤਾਂ ਦੀ ਪਾਲਣਾ ਕਰਦੇ ਹੋਏ, ਪੰਜਾਬ ਦੇ ਉੱਜਵਲ ਭਵਿੱਖ ਲਈ ਵਚਨਬੱਧ ਹੈ। ਉਨ੍ਹਾਂ ਨੇ ਰਾਜ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਹਮੇਸ਼ਾ ਪੰਜਾਬ ਦੀ ਖੁਸ਼ਹਾਲੀ ਤੇ ਸੁਰੱਖਿਆ ਲਈ ਵਚਨਬੱਧ ਰਹੀ ਹੈ ਤੇ ਆਉਣ ਵਾਲੇ ਸਾਲਾਂ ਵਿਚ ਰਾਜ ਲਈ ਵੱਡੇ ਵਿਕਾਸ ਪ੍ਰੋਜੈਕਟਾਂ ਦੀ ਇਕ ਝੜੀ ਲਗਾਈ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹੁਣ ਗੁਆਂਢੀ ਹਰਿਆਣਾ ਵਾਂਗ ਡਬਲ-ਇੰਜਣ ਸਰਕਾਰ ਬਣਾਉਣ ਦਾ ਸੰਕਲਪ ਲਿਆ ਹੈ, ਤਾਂ ਜੋ ਕੇਂਦਰੀ ਤੇ ਰਾਜ ਯੋਜਨਾਵਾਂ ਸਿੱਧੇ ਲੋਕਾਂ ਤੱਕ ਪਹੁੰਚ ਸਕਣ। ਪ੍ਰਦੀਪ ਠਾਕੁਰ ਨੇ ਸਪੱਸ਼ਟ ਕੀਤਾ ਕਿ ਭਾਜਪਾ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਲੜੇਗੀ ਤੇ ਸਾਰੀਆਂ 117 ਸੀਟਾਂ ’ਤੇ ਮਜ਼ਬੂਤ ਉਮੀਦਵਾਰ ਖੜ੍ਹੇ ਕਰੇਗੀ। ਰੈਲੀ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਦੀਪ ਠਾਕੁਰ ਨੇ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਤੋਂ ਹਜ਼ਾਰਾਂ ਲੋਕ, ਵਰਕਰ ਤੇ ਆਮ ਨਾਗਰਿਕ ਆਪਣੇ ਨਿੱਜੀ ਵਾਹਨਾਂ ਤੇ ਬੱਸਾਂ ਰਾਹੀਂ ਮੋਗਾ ਪਹੁੰਚਣਗੇ।