ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੀਰਵਾਰ ਨੂੰ ਸੁਲਤਾਨਪੁਰ ਲੋਧੀ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ : ਖੋਜੇਵਾਲ
ਗੁਰਵਿੰਦਰ ਕੌਰ, ਪੰਜਾਬੀ ਜਾਗਰਣ, ਕਪੂਰਥਲਾ : ਪੰਜਾਬ ’ਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਸਥਿਤੀ ਨੂੰ ਗੰਭੀਰ ਬਣਾ ਦਿੱਤਾ ਹੈ। ਕਈ ਜ਼ਿਲ੍ਹਿਆਂ ਵਿੱਚ ਨਦੀਆਂ ਹੜ੍ਹਾਂ ਨਾਲ ਭਰੀਆਂ ਹੋਈਆਂ ਹਨ ਤੇ ਖੇਤ ਪਾਣੀ ਵਿੱਚ ਡੁੱਬ ਗਏ ਹਨ। ਇਸ ਕੁਦਰਤੀ ਆਫ਼ਤ ਨਾਲ ਕਿਸਾਨ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਦੀ ਝੋਨੇ, ਮੱਕੀ ਅਤੇ ਗੰਨੇ ਦੀ ਫ਼ਸਲ ਤਬਾਹ ਹੋ ਗਈ ਹੈ। ਪਿੰਡਾਂ ’ਚ ਘਰਾਂ ਤੇ ਪਸ਼ੂਆਂ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਇਸ ਸਭ ਦੇ ਮੱਦੇਨਜ਼ਰ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕੱਲ੍ਹ ਵੀਰਵਾਰ ਨੂੰ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀਰਵਾਰ ਨੂੰ ਸੁਲਤਾਨਪੁਰ ਲੋਧੀ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਤੇ ਹੜ੍ਹ ਦੀ ਸਥਿਤੀ ਤੇ ਕਿਸਾਨਾਂ ਦੇ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਲੈਣਗੇ। ਕੇਂਦਰ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਦੇ ਭੈਣਾਂ-ਭਰਾਵਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਖੋਜੇਵਾਲ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕੱਲ੍ਹ ਸਵੇਰੇ ਪੰਜਾਬ ਪਹੁੰਚਣਗੇ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਤੇ ਕਿਸਾਨਾਂ ਤੇ ਸਥਾਨਕ ਲੋਕਾਂ ਨੂੰ ਮਿਲਣਗੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਰਾਹਤ ਦੇਣ ਲਈ ਕਦਮ ਚੁੱਕੇਗੀ। ਕਿਸਾਨਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਏਗੀ, ਤਾਂ ਜੋ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਦਿੱਤੀ ਜਾ ਸਕੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਮਿਲ ਸਕੇ। ਖੋਜੇਵਾਲ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਤਿਆਰ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਡੁੱਬ ਗਈ ਹੈ। ਪਸ਼ੂ ਪਾਲਣ ਵੀ ਪ੍ਰਭਾਵਿਤ ਹੋਇਆ ਹੈ, ਕਈ ਥਾਵਾਂ 'ਤੇ ਚਾਰੇ ਦੀ ਭਾਰੀ ਘਾਟ ਹੈ। ਪੇਂਡੂ ਖੇਤਰਾਂ ਵਿੱਚ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਮਜਬੂਰ ਹੋਣਾ ਪਿਆ ਹੈ। ਸੰਕਟ ਦੀ ਇਸ ਘੜੀ ਵਿੱਚ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।