ਅਧਿਆਪਕਾਂ ’ਤੇ ਤਸ਼ੱਦਦ ਅਤਿ ਨਿੰਦਣਯੋਗ : ਅਧਿਆਪਕ ਦਲ ਪੰਜਾਬ
ਅਧਿਆਪਕਾਂ ਤੇ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੀ ਵਰਤੋਂ ਅਤਿ ਨਿੰਦਣਯੋਗ ਕਾਰਵਾਈ- ਅਧਿਆਪਕ ਦਲ ਪੰਜਾਬ
Publish Date: Fri, 13 Mar 2026 07:25 PM (IST)
Updated Date: Fri, 13 Mar 2026 07:27 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸਾਂਝਾ ਅਧਿਆਪਕ ਮੋਰਚਾ ਪੰਜਾਬ ਤੇ ਅਧਿਆਪਕ ਜਥੇਬੰਦੀਆਂ ਵੱਲੋਂ ਸੁਪਰੀਮ ਕੋਰਟ ਦੇ ਅਧਿਆਪਕ ਯੋਗਤਾ ਟੈਸਟ ਸਭ ਅਧਿਆਪਕਾਂ ਲਈ ਜ਼ਰੂਰੀ ਹੋਣ ਦੇ ਫ਼ੈਸਲੇ ਦੇ ਵਿਰੋਧ ਵਜੋਂ ਅੱਜ 25 ਸੈਕਟਰ ਚੰਡੀਗੜ੍ਹ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ ਤੇ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਕੋਈ ਠੋਸ ਭਰੋਸਾ ਨਹੀਂ ਦਿੱਤਾ ਗਿਆ ਸਗੋਂ ਚੰਡੀਗੜ੍ਹ ਪੁਲਿਸ ਵੱਲੋਂ ਅਧਿਆਪਕਾਂ ’ਤੇ ਜਲ ਤੋਪਾਂ ਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ ਤੇ ਲਾਠੀਚਾਰਜ ਕੀਤਾ ਗਿਆ ਜੋ ਕਿ ਅਤਿ ਨਿੰਦਣਯੋਗ ਕਾਰਵਾਈ ਹੈ। ਇਸ ਦੀ ਅਧਿਆਪਕ ਦਲ ਪੰਜਾਬ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਂਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਧਿਆਪਕ ਦਲ ਪੰਜਾਬ ਦੇ ਸੂਬਾ ਕਾਰਜਕਾਰੀ ਕਨਵੀਨਰ ਸਤਨਾਮ ਸਿੰਘ ਰੰਧਾਵਾ, ਰਵਿੰਦਰਜੀਤ ਸਿੰਘ ਪੰਨੂੰ, ਸੁਖਦਿਆਲ ਸਿੰਘ ਝੰਡ, ਵਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਆਏ ਇਸ ਫ਼ੈਸਲੇ ਦੇ ਵਿਰੋਧ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਰੀਵਿਊ ਪਟੀਸ਼ਨ ਦਾਇਰ ਕੀਤੀਆਂ ਗਈਆਂ ਹਨ ਪ੍ਰੰਤੂ ਬੜੇ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਅਤ ਰੱਖਣ ਲਈ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕੇ ਗਏ ਤੇ ਨਾ ਹੀ ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਦਾਇਰ ਕੀਤੀ ਗਈ ਹੈ ਸਗੋਂ ਟੈਟ ਦਾ ਵਿਰੋਧ ਕਰ ਰਹੇ ਅਧਿਆਪਕਾਂ ’ਤੇ ਤਸ਼ੱਦਦ ਕੀਤਾ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਸੁਪਰੀਮ ਕੋਰਟ ਦੇ ਗੈਰ ਸੰਵਿਧਾਨਿਕ ਫ਼ੈਸਲੇ ਨੂੰ ਪੰਜਾਬ ਵਿਧਾਨ ਸਭਾ ਵਿਚ ਰੱਦ ਕੀਤਾ ਜਾਵੇ ਤੇ ਰੀਵਿਊ ਪਟੀਸ਼ਨ ਦਾਇਰ ਕਰਕੇ ਅਧਿਆਪਕਾਂ ਦੀ ਸੇਵਾ ਸੁਰੱਖਿਅਤ ਕੀਤੀ ਜਾਵੇ, ਨਹੀਂ ਤਾਂ 17 ਮਾਰਚ ਨੂੰ ਤਹਿਸੀਲ ਪੱਧਰ ਤੇ ਜ਼ਿਲ੍ਹਾ ਪੱਧਰ ’ਤੇ ਪੰਜਾਬ ਸਰਕਾਰ ਦੇ ਖਿਲਾਫ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ ਤੇ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।