ਨਜਾਇਜ਼ ਮਾਈਨਿੰਗ ’ਤੇ ਵਿਵਾਦ ਮਗਰੋਂ ਦੋ ਧਿਰਾਂ ਵਿਚਾਲੇ ਹਿੰਸਕ ਝੜਪ, ਕਈ ਜ਼ਖ਼ਮੀ
ਨਜਾਇਜ਼ ਮਾਈਨਿੰਗ ’ਤੇ ਵਿਵਾਦ ਮਗਰੋਂ ਦੋ ਧਿਰਾਂ ਵਿਚਾਲੇ ਹਿੰਸਕ ਝੜਪ, ਕਈ ਜਖਮੀ
Publish Date: Sun, 15 Mar 2026 06:53 PM (IST)
Updated Date: Sun, 15 Mar 2026 06:57 PM (IST)

“ਨਜਾਇਜ਼ ਮਾਈਨਿੰਗ ਖਿਲਾਫ ਅਵਾਜ਼ ਉਠਾਉਣ ਕਾਰਨ ਕੀਤਾ ਹਮਲਾ”, “ਸਾਡੇ ’ਤੇ ਲੱਗੇ ਮਾਈਨਿੰਗ ਦੇ ਦੋਸ਼ ਬੇਬੁਨਿਆਦ” ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ ਵਿਚ ਪੰਚਾਇਤੀ ਜ਼ਮੀਨ ਤੋਂ ਮਿੱਟੀ ਕੱਢੇ ਜਾਣ ਦੇ ਮਾਮਲੇ ’ਤੇ ਚਰਚਾ ਦਰਮਿਆਨ ਦੋ ਧਿਰਾਂ ਵਿਚਾਲੇ ਹਿੰਸਕ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਝੜਪ ਦੌਰਾਨ ਦੋਵੇਂ ਪੱਖਾਂ ਦੇ ਕਈ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਿਕ ਇਕ ਧਿਰ ਦੇ ਸਲਵਿੰਦਰ ਸਿੰਘ, ਮਲਕੀਤ ਸਿੰਘ ਤੇ ਸੰਦੀਪ ਸਿੰਘ ਜੇਰੇ ਇਲਾਜ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਪੰਚਾਇਤੀ ਜ਼ਮੀਨ ’ਤੇ ਕਥਿਤ ਤੌਰ ’ਤੇ ਹੋ ਰਹੀ ਨਜਾਇਜ਼ ਮਾਈਨਿੰਗ ਦੇ ਖਿਲਾਫ ਅਵਾਜ਼ ਉਠਾਉਣ ਤੇ ਇਸ ਸਬੰਧੀ 5 ਮਾਰਚ ਨੂੰ ਬੀਡੀਪੀਓ ਸੁਲਤਾਨਪੁਰ ਲੋਧੀ ਨੂੰ ਲਿਖਤੀ ਸ਼ਿਕਾਇਤ ਦੇਣ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ’ਤੇ ਮਾਈਨਿੰਗ ਨਾਲ ਸਬੰਧਤ ਵੀਡੀਓ ਵਾਇਰਲ ਹੋਣ ਮਗਰੋਂ ਕੱਲ੍ਹ ਕਰੀਬ 7-8 ਵਿਅਕਤੀ ਉਨ੍ਹਾਂ ਦੇ ਘਰ ਆਏ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਵਿਚ ਉਹ ਜ਼ਖਮੀ ਹੋ ਗਏ। ਉਨ੍ਹਾਂ ਦਾ ਕਹਿਣਾ ਹੈ ਕਿ ਨਜਾਇਜ਼ ਮਾਈਨਿੰਗ ਦੇ ਖਿਲਾਫ ਅਵਾਜ਼ ਬੁਲੰਦ ਕਰਨੀ ਉਨ੍ਹਾਂ ਨੂੰ ਮਹਿੰਗੀ ਪੈ ਰਹੀ ਹੈ ਤੇ ਮਾਮਲੇ ਵਿਚ ਸਖਤ ਕਾਰਵਾਈ ਕੀਤੀ ਜਾਵੇ। ਉਧਰ ਦੂਜੀ ਧਿਰ ਦੇ ਜਸਪਾਲ ਸਿੰਘ, ਅਰਸ਼ਦੀਪ ਸਿੰਘ ਤੇ ਸਰਬਜੀਤ ਕੌਰ ਵੀ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਚ ਇਲਾਜ ਅਧੀਨ ਹਨ। ਉਨ੍ਹਾਂ ਦਾ ਦੋਸ਼ ਹੈ ਕਿ 7-8 ਵਿਅਕਤੀ ਉਨ੍ਹਾਂ ਦੇ ਘਰ ਆਏ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਉਨ੍ਹਾਂ ਆਪਣੇ ਉੱਪਰ ਲਗਾਏ ਗਏ ਨਜਾਇਜ਼ ਮਾਈਨਿੰਗ ਦੇ ਦੋਸ਼ਾਂ ਨੂੰ ਨਕਾਰਿਆ ਤੇ ਕਿਹਾ ਕਿ ਇਹ ਦੋਸ਼ ਬਿਲਕੁੱਲ ਝੂਠੇ ਤੇ ਬੇਬੁਨਿਆਦ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੰਡ ਇਲਾਕੇ ਦੇ ਪਿੰਡ ਸਰਦੁੱਲਾਪੁਰ ਨੇੜੇ ਪੰਚਾਇਤੀ ਸ਼ਾਮਲਾਤ ਜ਼ਮੀਨ ਤੋਂ ਮਿੱਟੀ ਕੱਢੇ ਜਾਣ ਦੇ ਦੋਸ਼ਾਂ ਨਾਲ ਜੁੜੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਇਲਾਕੇ ਵਿਚ ਮਾਈਨਿੰਗ ਸਬੰਧੀ ਚਰਚਾ ਤੇਜ਼ ਹੋ ਗਈ ਸੀ। ਇਸ ਸਬੰਧੀ ਬੀਡੀਪੀਓ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਗਈ ਸੀ ਤੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਦੀ ਗੱਲ ਕਹੀ ਗਈ ਸੀ। ਤਾਜ਼ਾ ਝੜਪ ਤੋਂ ਬਾਅਦ ਇਲਾਕੇ ਵਿਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਵੇਂ ਧਿਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਸਥਾਨਕ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ ਤੇ ਦੋਸ਼ੀਆਂ ਖ਼ਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਮਾਈਨਿੰਗ ’ਤੇ ਹਿੰਸਕ ਝੜਪ ਦੇ ਮਾਮਲੇ ਸਬੰਧੀ ਜਦੋਂ ਡੀਐੱਸਪੀ ਸੁਲਤਾਨਪੁਰ ਲੋਧੀ ਏਐੱਸਪੀ ਧਰੇਂਦਰ ਵਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਤੇ ਜ਼ਖ਼ਮੀਆਂ ਦੇ ਬਿਆਨਾਂ ਦੇ ਅਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਹਸਪਤਾਲ ਤੋਂ ਫਿਲਹਾਲ ਐੱਮਐੱਲਆਰ ਰਿਪੋਰਟਾਂ ਹਾਸਲ ਨਹੀਂ ਹੋਈਆਂ।