ਪੰਚਾਇਤੀ ਜ਼ਮੀਨ ਤੋਂ ਮਿੱਟੀ ਕੱਢਣ ਦੇ ਦੋਸ਼, ਵੀਡੀਓ ਵਾਇਰਲ ਹੋਇਆ
ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਨਾਲ ਚਰਚਾ ਤੇਜ਼, ਪੰਚਾਇਤੀ ਜ਼ਮੀਨ ਤੋਂ ਮਿੱਟੀ ਕੱਢਣ ਦੇ ਦੋਸ਼
Publish Date: Sat, 14 Mar 2026 09:15 PM (IST)
Updated Date: Sat, 14 Mar 2026 09:18 PM (IST)

--ਬੀਡੀਪੀਓ ਨੂੰ ਦਿੱਤੀ ਗਈ ਸ਼ਿਕਾਇਤ --ਜਾਂਚ ਤੋਂ ਬਾਅਦ ਬਣਦੀ ਕਾਰਵਾਈ ਹੋਵੇਗੀ : ਐੱਸਡੀਐੱਮ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮੰਡ ਇਲਾਕੇ ਦੇ ਪਿੰਡ ਸਰਦੁੱਲਾਪੁਰ ਨਾਲ ਸਬੰਧਤ ਇਕ ਮਾਮਲਾ ਇਸ ਸਮੇਂ ਸੋਸ਼ਲ ਮੀਡੀਆ ’ਤੇ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ। ਦਰਅਸਲ, ਇਲਾਕੇ ਨਾਲ ਜੁੜੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਪੰਚਾਇਤੀ ਸ਼ਾਮਲਾਟ ਜ਼ਮੀਨ ਤੋਂ ਮਿੱਟੀ ਕੱਢੇ ਜਾਣ ਦੇ ਦੋਸ਼ ਲਗਾਏ ਜਾ ਰਹੇ ਹਨ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਥਾਨਕ ਲੋਕਾਂ ਵਿਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮੰਡ ਇਲਾਕੇ ਵਿਚ ਧੁੱਸੀ ਤੇ ਐਡਵਾਂਸ ਬੰਨ੍ਹ ਦਰਮਿਆਨ ਪੈਂਦੀ ਪੰਚਾਇਤੀ ਜ਼ਮੀਨ ਤੋਂ ਵੱਡੇ ਪੱਧਰ ’ਤੇ ਮਿੱਟੀ ਕੱਢੇ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਲਾਕੇ ਵਿਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਕਾਰਵਾਈ ਕਾਰਨ ਜ਼ਮੀਨ ਵਿਚ ਵੱਡੇ-ਵੱਡੇ ਟੋਏ ਪੈ ਗਏ ਹਨ, ਜਿਸ ਨਾਲ ਭਵਿੱਖ ਵਿਚ ਸੰਭਾਵਿਤ ਖ਼ਤਰੇ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਸ ਤਰ੍ਹਾਂ ਦੀ ਗਤੀਵਿਧੀ ਬਿਨਾਂ ਮਨਜ਼ੂਰੀ ਦੇ ਜਾਰੀ ਰਹੀ ਤਾਂ ਪੰਚਾਇਤੀ ਜਾਇਦਾਦ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮਿੱਟੀ ਕੱਢਣ ਲਈ ਭਾਰੀ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਨਾਲ ਜ਼ਮੀਨ ਵਿਚ ਡੂੰਘੇ ਟੋਏ ਪੈਣ ਕਾਰਨ ਬਰਸਾਤ ਜਾਂ ਹੜਾਂ ਦੇ ਸਮੇਂ ਨੇੜਲੇ ਖੇਤਾਂ ਤੇ ਬੰਨ੍ਹਾਂ ਨੂੰ ਵੀ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਸਬੰਧੀ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀਡੀਪੀਓ) ਸੁਲਤਾਨਪੁਰ ਲੋਧੀ ਨੂੰ ਇਕ ਲਿਖਤੀ ਸ਼ਿਕਾਇਤ ਵੀ ਦਿੱਤੀ ਗਈ ਹੈ, ਜਿਸ ਵਿਚ ਪੰਚਾਇਤੀ ਸ਼ਾਮਲਾਟ ਜ਼ਮੀਨ ਤੋਂ ਮਿੱਟੀ ਕੱਢੇ ਜਾਣ ਤੇ ਉਸ ਕਾਰਨ ਪੈ ਰਹੇ ਟੋਇਆਂ ਬਾਰੇ ਗੰਭੀਰ ਚਿੰਤਾ ਜਤਾਈ ਗਈ ਹੈ। ਇਲਾਕੇ ਦੇ ਸਮਾਜਿਕ ਵਰਗਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਜੇਕਰ ਕਿਤੇ ਵੀ ਗੈਰ-ਕਾਨੂੰਨੀ ਤਰੀਕੇ ਨਾਲ ਮਾਈਨਿੰਗ ਹੋ ਰਹੀ ਹੈ ਤਾਂ ਇਸ ’ਤੇ ਤੁਰੰਤ ਰੋਕ ਲਗਾਈ ਜਾਵੇ। ਉਧਰ, ਇਸ ਮਾਮਲੇ ਸਬੰਧੀ ਜਦੋਂ ਐੱਸਡੀਐੱਮ ਸੁਲਤਾਨਪੁਰ ਲੋਧੀ ਅਮਨਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਤੇ ਜੇਕਰ ਜਾਂਚ ਦੌਰਾਨ ਕੋਈ ਗੜਬੜ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।