119 ਏਟੀਐੱਮ ਮਸ਼ੀਨਾਂ ਨਾਲ ਛੇੜਛਾੜ ਕਰ ਕੇ ਕਰੋੜਾਂ ਦੀ ਠੱਗੀ
119 ਏਟੀਐਮ ਮਸ਼ੀਨਾਂ ਨਾਲ ਛੇੜਛਾੜ ਕਰ ਕਰੋੜਾਂ ਦੀ ਠੱਗੀ, ਕੋਰਟ ਦੇ ਹੁਕਮਾਂ ਬਾਅਦ ਪੁਲਿਸ ਨੇ ਦਰਜ ਕੀਤਾ ਕੇਸ
Publish Date: Fri, 06 Mar 2026 07:21 PM (IST)
Updated Date: Fri, 06 Mar 2026 07:24 PM (IST)

- ਕੋਰਟ ਦੇ ਹੁਕਮਾਂ ਤੋਂ ਬਾਅਦ ਪੁਲਿਸ ਨੇ ਦਰਜ ਕੀਤਾ ਕੇਸ ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ, ਲੁਧਿਆਣਾ : ਸਾਲ 2021 ਦੌਰਾਨ ਏਟੀਐੱਮ ਮਸ਼ੀਨਾਂ ਨਾਲ ਤਕਨੀਕੀ ਛੇੜਛਾੜ ਕਰ ਕੇ ਵੱਡੇ ਪੱਧਰ ’ਤੇ ਧੋਖਾਧੜੀ ਕਰਨ ਵਾਲੇ ਗਿਰੋਹ ਖ਼ਿਲਾਫ਼ ਹੁਣ ਪੁਲਿਸ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲੱਗੀਆਂ ਕਰੀਬ 119 ਏਟੀਐੱਮ ਮਸ਼ੀਨਾਂ ਨੂੰ ਨਿਸ਼ਾਨਾ ਬਣਾ ਕੇ ਅਣਪਛਾਤੇ ਮੁਲਜ਼ਮਾਂ ਨੇ ਲੱਖਾਂ-ਕਰੋੜਾਂ ਰੁਪਏ ਦੀ ਠੱਗੀ ਕੀਤੀ ਸੀ। ਇਸ ਹਾਈ-ਟੈੱਕ ਲੁੱਟ ਦੇ ਮਾਮਲੇ ਵਿੱਚ ਹੁਣ ਸੈਸ਼ਨ ਕੋਰਟ ਦੇ ਸਖ਼ਤ ਹੁਕਮਾਂ ਤੋਂ ਬਾਅਦ ਸਾਈਬਰ ਕ੍ਰਾਈਮ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਤੇਜ਼ ਕਰ ਦਿੱਤੀ ਹੈ। ਸ਼ਿਕਾਇਤਕਰਤਾ ਸਟੇਟ ਬੈਂਕ ਆਫ ਇੰਡੀਆ ਦੀ ਟ੍ਰੇਜ਼ਰੀ ਬ੍ਰਾਂਚ ਦੇ ਮੈਨੇਜਰ ਅਵਿਨਾਸ਼ ਕੁਮਾਰ ਵੱਲੋਂ ਦਿੱਤੀ ਅਰਜ਼ੀ ਵਿੱਚ ਦੱਸਿਆ ਗਿਆ ਹੈ ਕਿ ਠੱਗੀ ਦੀ ਇਹ ਖੇਡ ਸਾਲ 2021 ਵਿੱਚ ਖੇਡੀ ਗਈ। ਅਰਜ਼ੀ ਮੁਤਾਬਿਕ ਸ਼ਾਤਿਰ ਠੱਗਾਂ ਨੇ ਲੁਧਿਆਣਾ ਦੀ ਕਾਨੂੰਨ-ਵਿਵਸਥਾ ਨੂੰ ਟਿਚ ਜਾਣਦੇ ਹੋਏ ਇੱਕ ਤੋਂ ਬਾਅਦ ਇੱਕ ਕੁੱਲ 119 ਏਟੀਐੱਮ ਮਸ਼ੀਨਾਂ ਨੂੰ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ਨਾਲ ਤਕਨੀਕੀ ਛੇੜਛਾੜ ਕਰ ਕੇ ਧੋਖਾਧੜੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ। ਇਸ ਕਾਰਨ ਬੈਂਕਾਂ ਅਤੇ ਖਾਤਾਧਾਰਕਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ। ਉਸ ਵੇਲੇ ਇਹ ਮਾਮਲਾ ਹੱਲ ਨਹੀਂ ਹੋ ਸਕਿਆ ਸੀ ਪਰ ਹੁਣ ਲੁਧਿਆਣਾ ਸੈਸ਼ਨ ਕੋਰਟ ਦੇ ਦਖਲ ਅਤੇ ਮਾਣਯੋਗ ਜੱਜ ਦੇ ਹੁਕਮਾਂ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਮੁੜ ਸ਼ੁਰੂ ਕਰ ਦਿੱਤੀ ਹੈ। ਬੈਂਕ ਅਧਿਕਾਰੀਆਂ ਦੇ ਮੁਤਾਬਿਕ ਇਹ ਕਿਸੇ ਵੱਡੇ ਅੰਤਰਰਾਜੀ ਗਿਰੋਹ ਦੀ ਕਾਰਵਾਈ ਹੋ ਸਕਦੀ ਹੈ, ਜੋ ਏਟੀਐੱਮ ਮਸ਼ੀਨਾਂ ਦੀ ਤਕਨੀਕੀ ਖਾਮੀਆਂ ਦਾ ਫਾਇਦਾ ਚੁੱਕ ਕੇ ਪੈਸੇ ਉਡਾਉਂਦਾ ਸੀ। ਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਪੁਲਿਸ ਪੁਰਾਣੇ ਰਿਕਾਰਡ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ, ਜਿਸ ਦੇ ਜਰੀਏ ਅਣਪਛਾਤੇ ਚਿਹਰਿਆਂ ਨੂੰ ਬੇਨਕਾਬ ਕੀਤਾ ਜਾ ਸਕੇਗਾ। ਇੱਕੋ ਸਮੇਂ 119 ਏਟੀਐੱਮ ਮਸ਼ੀਨਾਂ ਨੂੰ ਨਿਸ਼ਾਨਾ ਬਣਾਉਣ ਦੀ ਘਟਨਾ ਨਾਲ ਸੁਰੱਖਿਆ ਪ੍ਰਬੰਧਾਂ ’ਤੇ ਵੀ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।