ਸੜਕ ਹਾਦਸੇ ਦੀ ਜਾਂਚ ਦੌਰਾਨ ਸਕੂਟਰ ’ਚੋਂ 135 ਗ੍ਰਾਮ ਹੈਰੋਇਨ ਬਰਾਮਦ ਸੜਕ ਹਾਦਸੇ ਦੀ ਜਾਂਚ ਦੌਰਾਨ ਸਕੂਟਰ ’ਚੋਂ 135 ਗ੍ਰਾਮ ਹੈਰੋਇਨ ਬਰਾਮਦ
Publish Date: Sat, 26 Sep 2026 08:37 PM (IST)
Updated Date: Sat, 26 Sep 2026 08:39 PM (IST)
-ਮਹਿਲਾ ਨੂੰ ਟੱਕਰ ਮਾਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ -ਪਹਿਲਾਂ ਵੀ ਲੁੱਟ-ਖੋਹ ਦੇ ਮਾਮਲਿਆਂ ’ਚ ਰਿਹਾ ਹੈ ਨਾਮਜ਼ਦ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ: ਸ਼ਿਮਲਾਪੁਰੀ ਇਲਾਕੇ ’ਚ ਸੜਕ ਹਾਦਸੇ ਦੀ ਜਾਂਚ ਕਰ ਰਹੀ ਪੁਲਿਸ ਉਸ ਸਮੇਂ ਹੈਰਾਨ ਰਹਿ ਗਈ, ਜਦੋਂ ਹਾਦਸੇ ਵਾਲੇ ਸਕੂਟਰ ਦੀ ਜਾਂਚ ਦੌਰਾਨ ਉਸ ’ਚੋਂ 135 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਟਰ ਸਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਜਾਂਚ ’ਚ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਚਾਰ ਮਾਮਲੇ ਦਰਜ ਹਨ। ਮੁਲਜ਼ਮ ਦੀ ਪਛਾਣ 38 ਸਾਲਾ ਲਖਵਿੰਦਰ ਸਿੰਘ ਉਰਫ਼ ਜੱਗਾ ਵਾਸੀ ਮੁਹੱਲਾ ਆਜ਼ਾਦ ਨਗਰ ਵਜੋਂ ਹੋਈ ਹੈ। ਪੁਲਿਸ ਮੁਤਾਬਕ ਮੁਲਜ਼ਮ ਦਾ ਪਹਿਲਾਂ ਤੋਂ ਅਪਰਾਧਿਕ ਰਿਕਾਰਡ ਹੈ। ਜਾਂਚ ਅਧਿਕਾਰੀ ਏਐੱਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਨਗਰ, ਸ਼ਿਮਲਾਪੁਰੀ ’ਚ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਪੁਲਿਸ ਮੌਕੇ ’ਤੇ ਪਹੁੰਚੀ ਤਾਂ ਪਤਾ ਲੱਗਾ ਕਿ ਸਕੂਟਰ ਸਵਾਰ ਵਿਅਕਤੀ ਕਥਿਤ ਤੌਰ ’ਤੇ ਲਾਪਰਵਾਹੀ ਨਾਲ ਵਾਹਨ ਚਲਾ ਰਿਹਾ ਸੀ ਤੇ ਉਸ ਨੇ ਇਕ ਔਰਤ ਨੂੰ ਟੱਕਰ ਮਾਰ ਦਿੱਤੀ। ਔਰਤ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਏਐੱਸਆਈ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਮੁਲਜ਼ਮ ਦੇ ਸਕੂਟਰ ’ਚੋਂ 135 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੌਕੇ ’ਤੇ ਹੀ ਲਖਵਿੰਦਰ ਸਿੰਘ ਉਰਫ਼ ਜੱਗਾ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਬੀਐੱਨਐੱਸ ਦੀ ਧਾਰਾ 281, 125(ਏ) ਤੇ ਐੱਨਡੀਪੀਐੱਸ ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਜਾਂਚ ਮੁਤਾਬਕ ਮੁਲਜ਼ਮ ਪਹਿਲਾਂ ਵੀ ਅਪਰਾਧਿਕ ਮਾਮਲਿਆਂ ’ਚ ਸ਼ਾਮਲ ਰਿਹਾ ਹੈ। ਸਾਲ 2015 ’ਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ’ਚ ਦਰਜ ਲੁੱਟ-ਖੋਹ ਦੇ ਮਾਮਲੇ ’ਚ ਉਸ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਹੈ। ਪੁਲਿਸ ਅਨੁਸਾਰ ਉਸ ਖ਼ਿਲਾਫ਼ ਕੁੱਲ ਚਾਰ ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਇਸ ਸਾਲ ਜਨਵਰੀ ਵਿੱਚ ਜਮਾਲਪੁਰ ਪੁਲਿਸ ਵੱਲੋਂ ਦਰਜ ਲੁੱਟ-ਖੋਹ ਦੇ ਮਾਮਲੇ ਵਿੱਚ ਵੀ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਵਿੱਚ ਬਾਅਦ ’ਚ ਉਸ ਨੂੰ ਜ਼ਮਾਨਤ ਮਿਲ ਗਈ ਸੀ। ਹੁਣ ਸ਼ਿਮਲਾਪੁਰੀ ਪੁਲਿਸ ਮੁਲਜ਼ਮ ਦੇ ਨਸ਼ੇ ਦੀ ਸਪਲਾਈ ਨਾਲ ਜੁੜੇ ਅੱਗੇ-ਪਿੱਛੇ ਦੇ ਸੰਪਰਕਾਂ ਦੀ ਜਾਂਚ ਕਰ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਮੁਲਜ਼ਮ ਨੇ 135 ਗ੍ਰਾਮ ਹੈਰੋਇਨ ਕਿੱਥੋਂ ਹਾਸਲ ਕੀਤੀ ਸੀ ਤੇ ਇਸ ਨੂੰ ਕਿੱਥੇ ਪਹੁੰਚਾਉਣ ਲਈ ਲੈ ਕੇ ਜਾ ਰਿਹਾ ਸੀ।