- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦਾ 13ਵਾਂ ਸਥਾਪਨਾ ਦਿਵਸ ਮਨਾਇਆ

ਪੱਤਰਕਾਰਾਂ ਦੀ ਆਵਾਜ਼ ਦਬਾਉਣ ਦੇ ਯਤਨਾਂ ਵਿਰੁੱਧ ਇਕਜੁੱਟ ਹੋਣ ਦਾ ਦਿੱਤਾ ਸੱਦਾ
ਸੁਰਿੰਦਰ ਅਰੋੜਾ, ਪੰਜਾਬੀ ਜਾਗਰਣ, ਮੁੱਲਾਂਪੁਰ ਦਾਖਾ : ਪ੍ਰੈੱਸ ਦੀ ਆਜ਼ਾਦੀ, ਪੱਤਰਕਾਰਾਂ ਦੀ ਭਲਾਈ ਤੇ ਸੁਰੱਖਿਆ ਲਈ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ 13ਵੇਂ ਸਥਾਪਨਾ ਦਿਵਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਸੂਬਾਈ ਸਮਾਗਮ ਡਾਕਟਰ ਬੀ.ਆਰ ਅੰਬੇਦਕਰ ਭਵਨ ਮੰਡੀ ਮੁੱਲਾਂਪੁਰ ਵਿਖੇ ਕਰਵਾਇਆ ਗਿਆ। ਜਿਸਦੀ ਸ਼ੁਰੂਆਤ ਪੱਤਰਕਾਰੀ ਦੇ ਪਿਤਾਮਾ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਹੋਈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਦੇਸ਼ ਭਰ ਵਿੱਚ ਪੱਤਰਕਾਰਾਂ ਵਿਰੁੱਧ ਵੱਧ ਰਹੀਆਂ ਦਮਨਕਾਰੀ ਕਾਰਵਾਈਆਂ, ਧਮਕੀਆਂ, ਝੂਠੇ ਕੇਸਾਂ ਅਤੇ ਮੀਡੀਆ ਅਦਾਰਿਆਂ ਉੱਤੇ ਆਰਥਿਕ ਦਬਾਅ ਪਾਉਣ ਦੀਆਂ ਕੋਸ਼ਿਸ਼ਾਂ ਵਿਰੁੱਧ ਪੱਤਰਕਾਰ ਭਾਈਚਾਰੇ ਨੂੰ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਬੁਲਾਰਿਆਂ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਮੀਡੀਆ ਦੀ ਆਵਾਜ਼ ਨੂੰ ਦਬਾਉਣ ਲਈ ਪੱਤਰਕਾਰਾਂ ਉੱਤੇ ਝੂਠੇ ਕੇਸ ਦਰਜ ਕਰਨ, ਉਨ੍ਹਾਂ ਨਾਲ ਕੁੱਟਮਾਰ ਕਰਨ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਰਾਹੀਂ ਧਮਕੀਆਂ ਦੇਣ ਦੀਆਂ ਸਾਹਮਣੇ ਆ ਰਹੀਆਂ ਘਟਨਾਵਾਂ ਦੀ ਜ਼ੋਰਦਾਰ ਨਿੰਦਾ ਕੀਤੀ।
ਉਨ੍ਹਾਂ ਕਿਹਾ ਕਿ ਸਰਕਾਰਾਂ ਵਿਰੁੱਧ ਲਿਖਣ ਅਤੇ ਉਹਨਾਂ ਨੂੰ ਸਵਾਲ ਕਰਨ ਵਾਲੇ ਮੀਡੀਆ ਅਦਾਰਿਆਂ ਦੀ ਆਰਥਿਕ ਬਾਂਹ ਮਰੋੜਨ ਲਈ ਸਰਕਾਰੀ ਇਸ਼ਤਿਹਾਰਬਾਜ਼ੀ ਨੂੰ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ। ਸਮਾਗਮ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੀ ਬਾਨੀ ਟੀਮ ਸਮੇਤ ਹੋਰ ਅਹਿਮ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਉੱਘੇ ਚਿੰਤਕ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਡਾ. ਪਿਆਰੇ ਲਾਲ ਗਰਗ, ਪੰਜਾਬ ਯੂਨੀਵਰਸਿਟੀ ਦੇ ਸੈਨੇਟਰ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਦੇ ਕੌਮੀ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ, ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ, ਸਾਬਕਾ ਪ੍ਰਧਾਨ ਐੱਸ.ਐਨ ਸਿਨਹਾ ਅਤੇ ਸਕੱਤਰ ਜਨਰਲ ਡੀ. ਸੋਮਾ ਸੁੰਦਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੀਡੀਆ ਦੀ ਆਜ਼ਾਦੀ ਉੱਤੇ ਵੱਖ-ਵੱਖ ਢੰਗਾਂ ਨਾਲ ਹਮਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਜੰਤਰ-ਮੰਤਰ ਦੇ ਅੰਦੋਲਨਾਂ ਦੀ ਕਵਰੇਜ ਕਰ ਰਹੇ ਪੱਤਰਕਾਰਾਂ, ਖ਼ਾਸ ਕਰਕੇ ਮਹਿਲਾ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣ ਅਤੇ ਉਨ੍ਹਾਂ ਉੱਪਰ ਕੀਤੇ ਤਸ਼ੱਦਦ ਦੀ ਜ਼ੋਰਦਾਰ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੱਤਰਕਾਰ ਆਪਣੀ ਪੇਸ਼ੇਵਰ ਜ਼ਿੰਮੇਵਾਰੀ ਨਿਭਾ ਰਹੇ ਸਨ ਅਤੇ ਉਨ੍ਹਾਂ ਨੇ ਆਪਣੇ ਸ਼ਨਾਖ਼ਤੀ ਕਾਰਡ ਵੀ ਦਿਖਾਏ ਸਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਗਈ। ਦੋ ਮੁਸਲਿਮ ਮਹਿਲਾ ਪੱਤਰਕਾਰਾਂ ਵਿਰੁੱਧ ਕੀਤੀ ਗਈ ਕਾਰਵਾਈ ਦਾ ਹਵਾਲਾ ਦਿੰਦਿਆਂ ਬੁਲਾਰਿਆਂ ਕਿਹਾ ਕਿ ਮੀਡੀਆ ਨੂੰ ਧਰਮ ਦੇ ਆਧਾਰ ’ਤੇ ਵੰਡਣ ਦੀਆਂ ਕੋਸ਼ਿਸ਼ਾਂ ਵੀ ਚਿੰਤਾ ਦਾ ਵਿਸ਼ਾ ਹਨ ਪਰ ਇਹ ਸਫਲ ਨਹੀਂ ਹੋਣਗੀਆਂ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਬਾਰੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਲਗਭਗ ਪੌਣੇ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਪੱਤਰਕਾਰਾਂ ਦੀਆਂ ਮੰਗਾਂ ਵੱਲ ਕੰਨ ਨਹੀਂ ਧਰਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰੀ ਇਸ਼ਤਿਹਾਰਬਾਜ਼ੀ ਨੂੰ ਮੀਡੀਆ ਉੱਤੇ ਦਬਾਅ ਬਣਾਉਣ ਲਈ ਵਰਤਿਆ ਜਾ ਰਿਹਾ ਹੈ, ਜਿਸ ਨਾਲ ਮੀਡੀਆ ਦੀ ਸੁਤੰਤਰਤਾ ਅਤੇ ਨਿਰਪੱਖ ਪੱਤਰਕਾਰੀ ਪ੍ਰਭਾਵਿਤ ਹੋ ਰਹੀ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੂਬਾਈ ਚੇਅਰਮੈਨ ਬਲਬੀਰ ਜੰਡੂ, ਪ੍ਰਧਾਨ ਜੈ ਸਿੰਘ ਛਿੱਬਰ ਅਤੇ ਸਕੱਤਰ ਜਨਰਲ ਸੰਤੋਖ ਗਿੱਲ ਨੇ 16 ਨਵੰਬਰ ਤੋਂ 23 ਨਵੰਬਰ ਤੱਕ ਕੌਮੀ ਪ੍ਰੈੱਸ ਦਿਵਸ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਅਤੇ ਸਰਗਰਮੀਆਂ ਪੰਜਾਬ ਭਰ ਵਿੱਚ ਕਰਨ ਦਾ ਸੱਦਾ ਦਿੱਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਐੱਚ.ਐੱਸ ਧਾਲੀਵਾਲ ਨੇ ਕਿਹਾ ਕਿ ਪੱਤਰਕਾਰੀ ਦੀ ਆਜ਼ਾਦੀ, ਪੱਤਰਕਾਰਾਂ ਦੀ ਸੁਰੱਖਿਆ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਨਾ ਸਮੇਂ ਦੀ ਅਹਿਮ ਲੋੜ ਹੈ।
ਇਸ ਮੌਕੇ ਲੁਧਿਆਣਾ (ਦਿਹਾਤੀ) ਜ਼ਿਲ੍ਹਾ ਇਕਾਈ ਦੇ ਪ੍ਰਧਾਨ ਨਿਰਮਲ ਸਿੰਘ ਧਾਲੀਵਾਲ ਨੇ ਸਮਾਰੋਹ ਵਿਚ ਹਿੱਸਾ ਲੈਣ ਆਏ ਮਹਿਮਾਨਾਂ ਨੂੰ ਜੀ ਆਇਆਂ ਅਤੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਥਾਪਨਾ ਦਿਵਸ ਮੁੱਲਾਂਪੁਰ ਵਿਖੇ ਮਨਾਉਣਾ ਕਸਬੇ ਦੇ ਸਮੂਹ ਪੱਤਰਕਾਰ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ । ਇਸ ਮੌਕੇ ਪੱਤਰਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਉਜਾਗਰ ਕਰਦਾ ਇੱਕ ਸੋਵੀਨਾਰ ਵੀ ਰਿਲੀਜ਼ ਕੀਤਾ ਗਿਆ। ਸਮਾਗਮ ਨੂੰ ਖ਼ਜ਼ਾਨਚੀ ਬਿੰਦੂ ਸਿੰਘ, ਜਗਤਾਰ ਭੁੱਲਰ, ਜਗਤਾਰ ਸਿੱਧੂ, ਸੁਖਨੈਬ ਸਿੱਧੂ, ਜਗਸੀਰ ਸੰਧੂ ਅਤੇ ਤੇਜਿੰਦਰ ਥਿੰਦ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।