ਸਪੋਰਟਸ ਕੋਟੇ 'ਚ ਪੰਜਾਬ ਪੁਲਿਸ ਦੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਕੀਤੀ 87 ਲੱਖ ਦੀ ਧੋਖਾਧੜੀ, ਪੜਤਾਲ ਤੋਂ ਬਾਅਦ ਇੱਕੋ ਪਰਿਵਾਰ ਦੇ ਤਿੰਨ ਜੀਆਂ ਖ਼ਿਲਾਫ਼ ਕੇਸ ਦਰਜ
ਪੁਲਿਸ ਅਧਿਕਾਰੀਆਂ ਦੇ ਮੁਤਾਬਕ ਬੈਂਕ ਖਾਤਿਆਂ ਅਤੇ ਲੈਣ-ਦੇਣ ਦੀ ਜਾਂਚ ਕੀਤੀ ਜਾ ਰਹੀ। ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖਿਲਾਫ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਨੌਕਰੀ ਜਾਂ ਸਪੋਰਟਸ ਕੋਟੇ ਦੇ ਨਾਮ 'ਤੇ ਨੌਕਰੀ ਦਿਵਾਉਣ ਵਾਲੇ ਠੱਗਾਂ ਕੋਲੋਂ ਚੌਕਸ ਰਹਿਣ ਦੀ ਜ਼ਰੂਰਤ ਹੈ।
Publish Date: Sat, 21 Feb 2026 02:36 PM (IST)
Updated Date: Sat, 21 Feb 2026 02:40 PM (IST)
ਸੁਸ਼ੀਲ ਕੁਮਾਰ ਸ਼ਸ਼ੀ ,ਪੰਜਾਬੀ ਜਾਗਰਣ ਲੁਧਿਆਣਾ : ਪੰਜਾਬ ਪੁਲਿਸ 'ਚ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਵੱਡੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ। ਇਸ ਕੇਸ 'ਚ ਲੁਧਿਆਣਾ ਪੁਲਿਸ ਨੇ ਮੁੱਖ ਮੁਲਜ਼ਮ, ਉਸਦੀ ਪਤਨੀ ਤੇ ਬੇਟੇ ਖਿਲਾਫ 86 ਲੱਖ 90 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ਾਂ ਹੇਠ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੰਦਿਆਂ ਪ੍ਰੇਮ ਨਗਰ ਲੁਧਿਆਣਾ ਦੇ ਰਹਿਣ ਵਾਲੇ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੇ ਆਪਸ 'ਚ ਮਿਲੀਭੁਗਤ ਕਰ ਕੇ ਉਨ੍ਹਾਂ ਦੇ ਪੁੱਤਰ ਨਮਨ ਗੋਇਲ ਨੂੰ ਪੁਲਿਸ ਵਿਭਾਗ 'ਚ ਗਜ਼ਟਿਡ ਅਹੁਦੇ 'ਤੇ ਭਰਤੀ ਕਰਵਾਉਣ ਦਾ ਭਰੋਸਾ ਦਿੱਤਾ ਸੀ। ਇਸ ਦੇ ਨਾਲ ਹੀ ਉਨਾਂ ਨੂੰ ਕਾਰੋਬਾਰ 'ਚ ਵੱਡੇ ਮੁਨਾਫੇ ਦਾ ਵੀ ਲਾਲਚ ਦਿੱਤਾ ਗਿਆ।
ਮੁਲਜ਼ਮਾਂ ਨੇ ਸ਼ਿਕਾਇਤਕਰਤਾ ਕੋਲੋਂ ਵੱਖ-ਵੱਖ ਤਰੀਕਾਂ 'ਚ 86 ਲੱਖ 90 ਹਜ਼ਾਰ ਰੁਪਏ ਦੀ ਰਕਮ ਹਾਸਿਲ ਕਰ ਲਈ। ਪਰ ਖਾਲਸਾ ਸਮਾਂ ਬੀਤ ਜਾਣ ਦੇ ਬਾਵਜੂਦ ਮੁਲਜ਼ਮਾਂ ਨੇ ਨਾ ਤਾਂ ਉਸਦੇ ਪੁੱਤਰ ਨੂੰ ਨੌਕਰੀ ਲਗਵਾ ਕੇ ਦਿੱਤੀ ਤੇ ਨਾ ਹੀ ਕਾਰੋਬਾਰ 'ਚ ਕੋਈ ਲਾਭ ਪਹੁੰਚਾਇਆ। ਸ਼ਿਕਾਇਤਕਰਤਾ ਨੇ ਜਦ ਮੁਲਜ਼ਮਾਂ ਕੋਲੋਂ ਪੈਸੇ ਵਾਪਸ ਮੰਗੇ ਤਾਂ ਉਹ ਲਗਾਤਾਰ ਟਾਲ ਮਟੋਲ ਕਰਦੇ ਰਹੇ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਸੋਚੀ ਸਮਝੀ ਸਾਜਿਸ਼ ਰਚ ਕੇ ਉਨ੍ਹਾਂ ਨੂੰ ਠੱਗੀ ਦਾ ਸ਼ਿਕਾਰ ਬਣਾਇਆ ਹੈ। ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮਾਮਲੇ ਦੀ ਪੜਤਾਲ ਕੀਤੀ ਅਤੇ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੂੰ ਨਿਊ ਸ਼ਿਮਲਾਪੁਰੀ ਦੇ ਵਾਸੀ ਹਰਜਿੰਦਰ ਸਿੰਘ ਉਸ ਦੀ ਪਤਨੀ ਕੁਲਵਿੰਦਰ ਕੌਰ ਅਤੇ ਪੁੱਤਰ ਯੂਨੀਕ ਸਿੰਘ ਦੇ ਖਿਲਾਫ ਐਫਆਈਆਰ ਦਰਜ ਕਰਨ ਦੇ ਆਦੇਸ਼ ਜਾਰੀ ਕੀਤੇ।
ਪੁਲਿਸ ਅਧਿਕਾਰੀਆਂ ਦੇ ਮੁਤਾਬਕ ਬੈਂਕ ਖਾਤਿਆਂ ਅਤੇ ਲੈਣ-ਦੇਣ ਦੀ ਜਾਂਚ ਕੀਤੀ ਜਾ ਰਹੀ। ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖਿਲਾਫ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਨੌਕਰੀ ਜਾਂ ਸਪੋਰਟਸ ਕੋਟੇ ਦੇ ਨਾਮ 'ਤੇ ਨੌਕਰੀ ਦਿਵਾਉਣ ਵਾਲੇ ਠੱਗਾਂ ਕੋਲੋਂ ਸਤਰਕ ਰਹਿਣ ਦੀ ਜ਼ਰੂਰਤ ਹੈ।