ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ! ਕੈਬਨਿਟ ਮੰਤਰੀ ਵੱਲੋਂ 76.41 ਲੱਖ ਰੁਪਏ ਦੀ ਲਾਗਤ ਨਾਲ ਬਣੇ 3 ਨਵੇਂ 'ਆਮ ਆਦਮੀ ਕਲੀਨਿਕ' ਲੋਕ ਅਰਪਣ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਵਿਧਾਨ ਸਭਾ ਹਲਕਾ ਸਾਹਨੇਵਾਲ ਵਿੱਚ 76.41 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਤਿੰਨ ਨਵੇਂ ਆਮ ਆਦਮੀ ਕਲੀਨਿਕ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਉੱਚ ਪੱਧਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ।
Publish Date: Sun, 26 Jul 2026 11:52 AM (IST)
Updated Date: Sun, 26 Jul 2026 11:55 AM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਵਿਧਾਨ ਸਭਾ ਹਲਕਾ ਸਾਹਨੇਵਾਲ ਵਿੱਚ 76.41 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਤਿੰਨ ਨਵੇਂ ਆਮ ਆਦਮੀ ਕਲੀਨਿਕ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਉੱਚ ਪੱਧਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ।
ਮੁੰਡੀਆਂ ਨੇ ਦੱਸਿਆ ਕਿ ਬਾਦਲ ਫਲੈਟ, ਮੁੰਡੀਆਂ ਕਲਾਂ ਵਿਖੇ 27.96 ਲੱਖ ਰੁਪਏ ਦੀ ਲਾਗਤ ਨਾਲ, ਪੁਰਾਣਾ ਬਜ਼ਾਰ ਸਾਹਨੇਵਾਲ ਵਿਖੇ 22.06 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਉੱਚੀ ਮੰਗਲੀ ਵਿਖੇ 26.39 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਸਥਾਨਕ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਘਰਾਂ ਦੇ ਨੇੜੇ ਹੀ ਉਪਲਬਧ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਨੂੰ ਬਿਹਤਰ, ਮੁਫ਼ਤ ਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਨਾਲ ਲੋਕਾਂ ਨੂੰ ਮੁਫ਼ਤ ਡਾਕਟਰੀ ਸਲਾਹ, ਲੋੜੀਂਦੀਆਂ ਦਵਾਈਆਂ, ਵੱਖ-ਵੱਖ ਤਰ੍ਹਾਂ ਦੇ ਟੈਸਟ ਅਤੇ ਸ਼ੁਰੂਆਤੀ ਇਲਾਜ ਦੀਆਂ ਸਹੂਲਤਾਂ ਇੱਕੋ ਥਾਂ ਉਪਲਬਧ ਹੋ ਰਹੀਆਂ ਹਨ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚ ਰਹੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਤਜਰਬੇਕਾਰ ਡਾਕਟਰਾਂ, ਨਰਸਿੰਗ ਸਟਾਫ਼ ਅਤੇ ਹੋਰ ਸਿਹਤ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ ਤਾਂ ਜੋ ਹਰ ਮਰੀਜ਼ ਨੂੰ ਸਮੇਂ ਸਿਰ ਅਤੇ ਵਧੀਆ ਇਲਾਜ ਮਿਲ ਸਕੇ। ਉਨ੍ਹਾਂ ਕਿਹਾ ਕਿ ਛੋਟੀਆਂ-ਮੋਟੀਆਂ ਬਿਮਾਰੀਆਂ ਲਈ ਹੁਣ ਲੋਕਾਂ ਨੂੰ ਦੂਰ-ਦੁਰਾਡੇ ਦੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ, ਸਗੋਂ ਉਹ ਆਪਣੇ ਇਲਾਕੇ ਵਿੱਚ ਹੀ ਇਲਾਜ ਕਰਵਾ ਸਕਣਗੇ।
ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਇਨਕਲਾਬੀ ਬਦਲਾਅ ਲਿਆਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਆਮ ਆਦਮੀ ਕਲੀਨਿਕ ਇਸ ਮਿਸ਼ਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਲੀਨਿਕਾਂ ਵਿੱਚ ਉਪਲਬਧ ਮੁਫ਼ਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਸਮੇਂ-ਸਮੇਂ 'ਤੇ ਆਪਣੀ ਸਿਹਤ ਜਾਂਚ ਕਰਵਾਉਣ ਅਤੇ ਤੰਦਰੁਸਤ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਸਿਵਲ ਹਸਪਤਾਲ ਸਾਹਨੇਵਾਲ ਦੇ ਸੀਨੀਅਰ ਮੈਡੀਕਲ ਅਫ਼ਸਰ (ਐਸਐਮਓ) ਡਾ. ਰਾਮੇਸ਼ ਕੁਮਾਰ ਨੇ ਵੀ ਆਮ ਆਦਮੀ ਕਲੀਨਿਕਾਂ ਵਿੱਚ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਹਰ ਸੰਭਵ ਸਿਹਤ ਸੇਵਾ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਪ੍ਰਦਾਨ ਕੀਤੀ ਜਾਵੇਗੀ। ਸਮਾਗਮ ਦੌਰਾਨ ਸਥਾਨਕ ਵਸਨੀਕਾਂ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦਾ ਸਵਾਗਤ ਕਰਦਿਆਂ ਕਿਹਾ ਕਿ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਸਿਹਤ ਸੇਵਾਵਾਂ ਹੋਰ ਵੀ ਆਸਾਨੀ ਨਾਲ ਉਪਲਬਧ ਹੋਣਗੀਆਂ।