ਕੱਪੜੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜਿਆ
ਘੁਮਾਰ ਮੰਡੀ ਵਿੱਚ ਕੱਪੜੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ
Publish Date: Fri, 06 Mar 2026 11:05 PM (IST)
Updated Date: Fri, 06 Mar 2026 11:09 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਦੀ ਮਸ਼ਹੂਰ ਵਪਾਰਕ ਮਾਰਕੀਟ ਘੁਮਾਰ ਮੰਡੀ ਵਿੱਚ ਸਥਿਤ ਅਸ਼ੋਕ ਸਿਲਕ ਸਟੋਰ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਦੁਕਾਨ ਵਿੱਚ ਪਿਆ ਕੀਮਤੀ ਕੱਪੜਾ ਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਦੀ ਲਪਟਾਂ ਅਤੇ ਧੂੰਏਂ ਨੂੰ ਦੇਖ ਕੇ ਨੇੜਲੇ ਦੁਕਾਨਦਾਰਾਂ ਅਤੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਕਾਫੀ ਜੱਦੋਜਹਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਅੱਗ ਬੁਝਾਉਣ ਦੇ ਦੌਰਾਨ ਇਲਾਕੇ ਵਿੱਚ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ। ਸ਼ੁਰੂਆਤੀ ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ, ਹਾਲਾਂਕਿ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅੱਗ ਕਾਰਨ ਦੁਕਾਨ ਵਿੱਚ ਪਿਆ ਲੱਖਾਂ ਰੁਪਏ ਦਾ ਸਿਲਕ ਅਤੇ ਹੋਰ ਕੱਪੜੇ ਦਾ ਸਮਾਨ ਸੜ ਕੇ ਨੁਕਸਾਨ ਹੋਇਆ ਹੈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਥਾਨਕ ਵਪਾਰੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਰਕੀਟਾਂ ਵਿੱਚ ਅੱਗ ਤੋਂ ਬਚਾਅ ਲਈ ਹੋਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।