ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕਰਵਾਇਆ ਵਿਸ਼ੇਸ਼ ਗੁਰਮਤਿ ਸਮਾਗਮ
ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕਰਵਾਇਆ ਵਿਸ਼ੇਸ਼ ਗੁਰਮਤਿ ਸਮਾਗਮ
Publish Date: Thu, 16 Apr 2026 06:42 PM (IST)
Updated Date: Thu, 16 Apr 2026 06:45 PM (IST)

ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ ਮਹਾਨਗਰ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਖਾਲਸਾ ਪੰਥ ਦਾ ਸਾਜਨਾ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਅੰਦਰ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ ਸੰਗਤਾਂ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਭੇਟ ਕੀਤਾ। ਗੁਰਮਤਿ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਬਚਿੱਤਰ ਸਿੰਘ ਨੇ ਦੱਸਿਆ ਕਿ ਖਾਲਸਾ ਪੰਥ ਦੇ ਸਿਰਜਣਹਾਰ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿੱਥੇ ਜਬਰ ਤੇ ਜ਼ੁਲਮ ਦੇ ਖਿਲਾਫ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕੀਤੀ, ਉੱਥੇ ਆਪਣੀ ਕਲਮ ਰਾਹੀਂ ਨਵੀਂ ਸਮਾਜਿਕ ਕ੍ਰਾਂਤੀ ਲਿਆਉਣ ਵਿੱਚ ਵੀ ਆਪਣੀ ਅਹਿਮ ਭੂਮਿਕਾ ਨਿਭਾਈ। ਜਿਸ ਦੇ ਸਦਕਾ ਉਨ੍ਹਾਂ ਨੂੰ ਸੰਸਾਰ ਦੇ ਇਤਿਹਾਸ ਵਿੱਚ ਇੱਕ ਇਨਕਲਾਬੀ ਰਹਿਬਰ ਦੇ ਰੂਪ ਵੱਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਦਸ਼ਮੇਸ਼ ਪਿਤਾ ਨੇ ਜਾਤ ਪਾਤ ਦਾ ਖਾਤਮਾ ਕਰਦੇ ਹੋਏ ਖਾਲਸਾ ਪੰਥ ਦੀ ਸਿਰਜਣਾ ਕਰਕੇ ਇੱਕ ਨਵੇਂ ਇਤਿਹਾਸ ਦੀ ਰਚਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਅਕਾਲ ਪੁਰਖ ਦਾ ਜਸ ਗਾਉਦਿਆਂ ਜੋ ਉਪਦੇਸ਼ ਤੇ ਸਿੱਖਿਆਵਾਂ ਸਾਨੂੰ ਦਿੱਤੀਆਂ ਸਨ, ਆਓ ਉਨ੍ਹਾਂ ਦੇ ਵੱਧ ਤੋਂ ਵੱਧ ਧਾਰਨੀ ਬਣੀਏ। ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਸਿਧਾਂਤਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜਿਉਣ ਦੀ ਕੋਸ਼ਿਸ਼ ਕਰੀਏ। ਇਸ ਮੌਕੇ ਗੁਰਮਤਿ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਦੇਵ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥਿਆਂ ਸਮੇਤ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਬੱਚਿਆਂ ਦੇ ਕੀਰਤਨੀ ਜੱਥੇ ਅਤੇ ਇਸਤਰੀ ਸਤਿਸੰਗ ਸਭਾ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਗੁਰੂ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਮਤਿ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਮੀਤ ਗ੍ਰੰਥੀ ਸਿੰਘ ਨੇ ਪ੍ਰਬੰਧਕਾਂ ਨੂੰ ਨਾਲ ਲੈਕੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਸਮੇਂ ਉਨ੍ਹਾਂ ਦੇ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਸੁਰਿੰਦਰਪਾਲ ਸਿੰਘ ਭੁਟੀਆਣੀ, ਰਣਜੀਤ ਸਿੰਘ ਖਾਲਸਾ, ਗੁਰਦੀਪ ਸਿੰਘ ਡੀਮਾਰਟੇ, ਅੱਤਰ ਸਿੰਘ ਮੱਕੜ, ਹਰਮਿੰਦਰ ਸਿੰਘ ਕੋਹਲੀ, ਹਰਪਾਲ ਸਿੰਘ ਖਾਲਸਾ, ਹਰਬੰਸ ਸਿੰਘ ਰਾਜਾ, ਜੋਗਿੰਦਰ ਸਿੰਘ ਸਲੂਜਾ, ਪਰਮਜੀਤ ਸਿੰਘ ਸੇਠੀ, ਬਲਬੀਰ ਸਿੰਘ ਭਾਟੀਆ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਮੀਤ ਸਿੰਘ ਡੰਗ, ਨਰਿੰਦਰਪਾਲ ਸਿੰਘ ਕਥੂਰੀਆ, ਅਵਤਾਰ ਸਿੰਘ ਮਿੱਡਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।