ਤੇਜ਼ ਰਫ਼ਤਾਰ ਟਿੱਪਰ ਨੇ ਬਾਈਕ ਸਵਾਰ ਨੌਜਵਾਨ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
ਤੇਜ਼ ਰਫ਼ਤਾਰ ਟਿੱਪਰ ਨੇ ਬਾਈਕ ਸਵਾਰ ਨੌਜਵਾਨ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
Publish Date: Sun, 15 Mar 2026 07:39 PM (IST)
Updated Date: Mon, 16 Mar 2026 04:16 AM (IST)

– ਘਰ ਦਾ ਇਕੱਲਾ ਸਹਾਰਾ ਸੀ ਹਰਜੀਤ, ਮੁਲਜ਼ਮਾਂ ਦੀ ਗ੍ਰਿਤਾਰੀ ਪੁਲਿਸ ਕਰ ਰਹੀ ਛਾਪੇਮਾਰੀ ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ, ਲੁਧਿਆਣਾ : ਲਲਤੋਂ ਕਲਾਂ ਦੇ ਖੇੜੀ ਰੋਡ ‘ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਸਿੱਧੂ ਸੀਮੈਂਟ ਸਟੋਰ ਦੇ ਨੇੜੇ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਟਾਟਾ ਟਿੱਪਰ ਨੇ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਦਿੰਦਿਆਂ ਮ੍ਰਿਤਕ ਦੇ ਪਿਤਾ ਹਰਪਾਲ ਸਿੰਘ ਨੇ ਦੱਸਿਆ ਕਿ ਉਸਦਾ ਬੇਟਾ ਹਰਜੀਤ ਆਪਣੇ ਕੰਮ ਤੋਂ ਘਰ ਵਾਪਸ ਆ ਰਿਹਾ ਸੀ। ਜਿਵੇਂ ਹੀ ਉਹ ਖੇੜੀ ਰੋਡ ‘ਤੇ ਸਿੱਧੂ ਸੀਮੈਂਟ ਸਟੋਰ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਾਟਾ ਟਿੱਪਰ ਨੇ ਉਸ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇਸ ਕਦਰ ਭਿਆਨਕ ਸੀ ਕਿ ਹਰਜੀਤ ਦੂਰ ਜਾ ਡਿੱਗਿਆ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਗਿਆ। ਆਲੇ ਦੁਆਲੇ ਦੇ ਮੌਜੂਦ ਲੋਕਾਂ ਨੇ ਜ਼ਖ਼ਮੀ ਹਰਜੀਤ ਨੂੰ ਤੁਰੰਤ ਗੁਰਬਚਨ ਮੈਮੋਰੀਅਲ ਹਸਪਤਾਲ (ਸੀਐੱਮਸੀ ਰੂਰਲ ਬ੍ਰਾਂਚ) ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਪਰਿਵਾਰ ਦਾ ਇਕਲੌਤਾ ਸਹਾਰਾ ਹਰਜੀਤ ਘਰ ਦੇ ਸਾਰੇ ਖਰਚੇ ਦੀ ਜ਼ਿੰਮੇਵਾਰੀ ਸੰਭਾਲਦਾ ਸੀ। ਪਿਤਾ ਹਰਪਾਲ ਸਿੰਘ ਨੇ ਦੱਸਿਆ ਕਿ ਕਰੀਬ ਢਾਈ ਮਹੀਨੇ ਪਹਿਲਾਂ ਹੀ ਉਨ੍ਹਾਂ ਦੇ ਵੱਡੇ ਪੁੱਤਰ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਸੀ। ਹੁਣ ਛੋਟੇ ਪੁੱਤਰ ਹਰਜੀਤ ਦੇ ਚਲੇ ਜਾਣ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਹਰਜੀਤ ਆਪਣੇ ਪਿੱਛੇ ਬੁਜ਼ੁਰਗ ਮਾਤਾ-ਪਿਤਾ, ਗਰਭਵਤੀ ਪਤਨੀ ਅਤੇ ਢਾਈ ਸਾਲ ਦੀ ਧੀ ਛੱਡ ਗਿਆ ਹੈ। ਪਰਿਵਾਰ ਮੁਤਾਬਕ ਘਰ ’ਚ ਜਲਦੀ ਹੀ ਇੱਕ ਹੋਰ ਬੱਚੇ ਦਾ ਜਨਮ ਹੋਣਾ ਹੈ। ਪੁਲਿਸ ਨੇ ਮੁਲਜ਼ਮ ਟਿੱਪਰ ਚਾਲਕ ਈਸ਼ਵਰ ਸਿੰਘ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 281, 106 ਅਤੇ ਹੋਰ ਸੰਬੰਧਿਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਫਰਾਰ ਚਾਲਕ ਦੀ ਗ੍ਰਿਫ਼ਤਾਰੀ ਲਈ ਸੰਭਾਵਿਤ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।