ਸੈਂਟਰਲ ਜੇਲ੍ਹ ਸਾਹਮਣੇ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਮਾਂ-ਪੁੱਤ ਨੂੰ ਮਾਰੀ ਟੱਕਰ, ਔਰਤ ਦੀ ਮੌਕੇ 'ਤੇ ਮੌਤ
ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਮਾਮਲੇ ਵਿੱਚ ਟਰੱਕ ਚਾਲਕ ਵਿਰੁੱਧ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਮ੍ਰਿਤਕਾ ਜੂਹੀ ਦੇਵੀ ਦੇ ਪੁੱਤਰ ਅਰਜੁਨ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਮਾਤਾ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਮਰਾਲਾ ਚੌਕ ਤੋਂ ਆਪਣੇ ਘਰ ਵੱਲ ਜਾ ਰਿਹਾ ਸੀ। ਜਦੋਂ ਉਹ ਸੈਂਟਰਲ ਜੇਲ੍ਹ ਦੇ ਸਾਹਮਣੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਮਾਂ-ਪੁੱਤ ਸੜਕ ’ਤੇ ਡਿੱਗ ਪਏ।
Publish Date: Sun, 22 Nov 2026 01:19 PM (IST)
Updated Date: Sun, 22 Nov 2026 01:27 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਸ਼ਹਿਰ ਦੀਆਂ ਸੜਕਾਂ ’ਤੇ ਤੇਜ਼ ਰਫ਼ਤਾਰ ਵਾਹਨਾਂ ਦਾ ਕਹਿਰ ਲਗਾਤਾਰ ਜਾਨਾਂ ਲੈ ਰਿਹਾ ਹੈ। ਸੈਂਟਰਲ ਜੇਲ੍ਹ ਦੇ ਸਾਹਮਣੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਮਾਂ-ਪੁੱਤ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਦੋਵੇਂ ਸੜਕ ’ਤੇ ਡਿੱਗ ਪਏ। ਇਸ ਦੌਰਾਨ ਮਹਿਲਾ ਟਰੱਕ ਦੇ ਪਹੀਆਂ ਹੇਠਾਂ ਆ ਗਈ ਅਤੇ ਉਸ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਗੁਰੂ ਨਾਨਕ ਨਗਰ, ਤਾਜਪੁਰ ਰੋਡ ਦੀ ਰਹਿਣ ਵਾਲੀ ਜੂਹੀ ਦੇਵੀ ਵਜੋਂ ਹੋਈ ਹੈ।
ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਮਾਮਲੇ ਵਿੱਚ ਟਰੱਕ ਚਾਲਕ ਵਿਰੁੱਧ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਮ੍ਰਿਤਕਾ ਜੂਹੀ ਦੇਵੀ ਦੇ ਪੁੱਤਰ ਅਰਜੁਨ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਮਾਤਾ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਮਰਾਲਾ ਚੌਕ ਤੋਂ ਆਪਣੇ ਘਰ ਵੱਲ ਜਾ ਰਿਹਾ ਸੀ।
ਜਦੋਂ ਉਹ ਸੈਂਟਰਲ ਜੇਲ੍ਹ ਦੇ ਸਾਹਮਣੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਮਾਂ-ਪੁੱਤ ਸੜਕ ’ਤੇ ਡਿੱਗ ਪਏ।
ਇਸ ਦੌਰਾਨ ਜੂਹੀ ਦੇਵੀ ਸੜਕ ਦੇ ਇੱਕ ਪਾਸੇ ਡਿੱਗ ਪਈ ਅਤੇ ਬੇਕਾਬੂ ਹੋਇਆ ਟਰੱਕ ਉਸ ਦੇ ਉੱਪਰੋਂ ਲੰਘ ਗਿਆ। ਹਾਦਸੇ ਵਿੱਚ ਮਹਿਲਾ ਬੁਰੀ ਤਰ੍ਹਾਂ ਕੁਚਲੀ ਗਈ ਅਤੇ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਅਚਾਨਕ ਵਾਪਰੇ ਇਸ ਹਾਦਸੇ ਕਾਰਨ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਣ ’ਤੇ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਜਾਂਚ ਅਧਿਕਾਰੀ ਦਵਿੰਦਰ ਪਾਲ ਨੇ ਦੱਸਿਆ ਕਿ ਅਰਜੁਨ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਪਿੰਡ ਸੱਤੋਵਾਲ ਦੇ ਰਹਿਣ ਵਾਲੇ ਟਰੱਕ ਚਾਲਕ ਸ਼ੰਕਰ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।