ਵਾਅਦੇ ਪੂਰੇ ਕਰਨ ’ਚ ਨਾਕਾਮ ਰਹੀ ਪੰਜਾਬ ਸਰਕਾਰ : ਸੈਣੀ
ਆਪ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਹੋਈ ਪੂਰੀ ਤਰ੍ਹਾਂ ਅਸਫਲ- ਨਾਇਬ ਸਿੰਘ ਸੈਣੀ
Publish Date: Sun, 03 May 2026 09:39 PM (IST)
Updated Date: Mon, 04 May 2026 04:17 AM (IST)

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ : ਆਪ ਸਰਕਾਰ ਨੇ ਹਾਲ ਹੀ ਵਿੱਚ ਵਿਧਾਨ ਸਭਾ ਵਿੱਚ ਭਾਵੇਂ ਭਰੋਸੇ ਦਾ ਵੋਟ ਹਾਸਲ ਕੀਤਾ ਹੈ, ਪਰ ਅਸਲ ਵਿੱਚ ਇਸ ਨੇ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਗੁਆ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸੈਣੀ ਨੇ ਪੰਜਾਬ ਦੀ ਸੂਬਾ ਆਪ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਕਿਹਾ ਸਰਕਾਰ ਭਾਵੇਂ ਪੰਜਾਬ ਦੇ ਵੋਟਰਾਂ ਨਾਲ ਬੇਸ਼ੱਕ ਵੱਡੇ -ਵੱਡੇ ਵਾਅਦਿਆਂ ਦੇ ਨਾਲ ਸੱਤਾ ਵਿੱਚ ਆਈ ਸੀ, ਪਰ ਸਾਰੇ ਵਾਅਦੇ ਜਿਨ੍ਹਾਂ ਵਿੱਚ ਕਿਸਾਨਾਂ ਨੂੰ ਫਸਲ ਮੁਆਵਜ਼ਾ, ਨੌਜਵਾਨਾਂ ਲਈ ਨੌਕਰੀਆਂ, ਔਰਤਾਂ ਲਈ 1,000 ਰੁਪਏ ਮਹੀਨਾਵਾਰ ਭੱਤਾ ਅਤੇ ਸਭ ਤੋਂ ਮਹੱਤਵਪੂਰਨ, ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਸੱਭ ਕਾਗਜ਼ੀ ਵਾਅਦੇ ਬਣਕੇ ਰਹਿ ਗਏ। ਸਰਕਾਰ ਨਸ਼ਿਆਂ ਦੇ ਖ਼ਤਰੇ ਨੂੰ ਖਤਮ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਜਦਕਿ ਇਨ੍ਹਾਂ ਦੇ ਕਈ ਮੰਤਰੀ ਅਤੇ ਵਿਧਾਇਕ ਭ੍ਰਿਸ਼ਟਾਚਾਰ ਦੇ ਘੁਟਾਲਿਆਂ ਵਿੱਚ ਫਸ ਗਏ ਹੁਣ ਤਾਂ ਇਨ੍ਹਾਂ ਵੱਲੋਂ ਲੁਧਿਆਣਾ ਦੀ ਬਣਾਈ ਗਈ ਪਹਿਲੀ ਮਹਿਲਾ ਮੇਅਰ ਦੇ ਪਤੀ ਤੇ ਵੀ ਕਿਸੇ ਮਹਿਲਾ ਨੂੰ ਅਸ਼ਲੀਲ ਮੈਸਜ ਕਰਨ ਦਾ ਵੀ ਦੋਸ਼ ਲੱਗ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਹੋਣ ਕਰਕੇ ਪੰਜਾਬ ਵਾਸੀ ਅਪਣੇ ਆਪ ਨੂੰ ਠੱਗਿਆ ਠੱਗਿਆ ਮਹਿਸੂਸ ਕਰ ਰਹੇ ਹਨ। ਗੱਲਬਾਤ ਦੌਰਾਨ, ਮੁੱਖ ਮੰਤਰੀ ਸੈਣੀ ਨੇ ਦੁਹਰਾਇਆ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਝੂਠ ਦਾ ਸਹਾਰਾ ਲੈ ਕੇ ਪੰਜਾਬ ਵਿੱਚ ਸਰਕਾਰ ਬਣਾਈ ਸੀ। ਹਰਿਆਣਾ ਦੀ ਉਦਾਹਰਣ ਦਿੰਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਸਰਗਰਮੀ ਨਾਲ ਪ੍ਰਦਾਨ ਕੀਤੇ ਜਾ ਰਹੇ ਹਨ। ਨਸ਼ਿਆਂ ਦੇ ਮੁੱਦੇ ਤੇ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਨਸ਼ਾਖੋਰੀ ਪੰਜਾਬ ਵਿੱਚ ਇੱਕ ਗੰਭੀਰ ਸਮੱਸਿਆ ਬਣ ਗਈ ਹੈ, ਫਿਰ ਵੀ ਸੂਬਾ ਸਰਕਾਰ ਇਸ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਿਆਂ ਦੀ ਤਸਕਰੀ ਵਿਰੁੱਧ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਜਿਸ ਕਾਰਨ ਇਹ ਸਮੱਸਿਆ ਹੁਣ ਸੂਬੇ ਦੇ ਹਰ ਪਿੰਡ ਹਰ ਮੁਹੱਲੇ ਵਿੱਚ ਫੈਲ ਗਈ ਹੈ। ਉਦਯੋਗਿਕ ਸਥਿਤੀ ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਉਦਯੋਗ ਹੌਲੀ-ਹੌਲੀ ਪੰਜਾਬ ਤੋਂ ਬਾਹਰ ਜਾ ਰਹੇ ਹਨ। ਉਨ੍ਹਾਂ ਇਸ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸਮਰਥਨ ਨਾਲ, ਸਾਰੀਆਂ ਵਿਕਾਸ ਯੋਜਨਾਵਾਂ ਨੂੰ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਪੰਜਾਬ ਵਿੱਚ ਵੀ ਭਾਜਪਾ ਦੀ ਸਰਕਾਰ ਲਿਆਉਣ ਦੀ ਅਪੀਲ ਕੀਤੀ, ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਇਸ ਨਾਲ ਸੂਬੇ ਦੇ ਅੰਦਰ ਵਿਕਾਸ ਦੀ ਗਤੀ ਵਿੱਚ ਕਾਫ਼ੀ ਤੇਜ਼ੀ ਆਵੇਗੀ।