ਕੱਚੇ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ ਸਰਕਾਰ : ਢਿੱਲੋਂ
ਕੱਚੇ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ ਆਪ ਸਰਕਾਰ-ਢਿੱਲੋਂ
Publish Date: Thu, 14 May 2026 06:28 PM (IST)
Updated Date: Fri, 15 May 2026 04:09 AM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਨਗਰ ਕੌਂਸਲ ਸਾਹਨੇਵਾਲ ਵਿਖੇ ਸਫ਼ਾਈ ਸੇਵਕ ਯੂਨੀਅਨ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਲਗਾਏ ਗਏ ਧਰਨੇ ਵਿੱਚ ਸ਼ਾਮਿਲ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਮਰਨਜੀਤ ਸਿੰਘ ਢਿੱਲੋਂ ਨੇ ਸਫ਼ਾਈ ਸੇਵਕਾਂ ਨਾਲ ਏਕਤਾ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੱਕੇ ਮੁਲਾਜ਼ਮਾਂ ਦਾ ਬਕਾਇਆ ਡੀਏ ਜਾਰੀ ਕਰਨ ਅਤੇ ਮੁਲਾਜ਼ਮ ਵਰਗ ਨਾਲ ਹੋ ਰਹੀ ਬੇਇਨਸਾਫੀ ਖਿਲਾਫ਼ ਆਵਾਜ਼ ਬੁਲੰਦ ਕੀਤੀ। ਸਿਮਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕਰਕੇ ਕੱਚੇ ਮੁਲਾਜ਼ਮਾਂ ਨੂੰ ਯਕੀਨ ਦਿਵਾਇਆ ਸੀ ਕਿ ਸਰਕਾਰ ਬਣਦੇ ਹੀ ਪਹਿਲੀ ਕੈਬਿਨੇਟ ਮੀਟਿੰਗ ਵਿੱਚ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ, ਪਰ ਅੱਜ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਹਜ਼ਾਰਾਂ ਮੁਲਾਜ਼ਮ ਆਪਣੇ ਹੱਕਾਂ ਲਈ ਸੜਕਾਂ ‘ਤੇ ਰੁਲਣ ਲਈ ਮਜਬੂਰ ਹਨ। ਇਹ ਸਰਕਾਰ ਸਿਰਫ਼ ਝੂਠੇ ਵਾਅਦੇ ਅਤੇ ਇਸ਼ਤਿਹਾਰਬਾਜ਼ੀ ਤੱਕ ਸੀਮਿਤ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਵੱਡੀ ਗਿਣਤੀ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਸੀ ਅਤੇ ਹਮੇਸ਼ਾਂ ਮੁਲਾਜ਼ਮ ਵਰਗ ਦੇ ਹੱਕਾਂ ਦੀ ਰੱਖਿਆ ਕੀਤੀ ਗਈ। ਅਕਾਲੀ ਦਲ ਹਮੇਸ਼ਾਂ ਮਜ਼ਦੂਰ ਅਤੇ ਮੁਲਾਜ਼ਮ ਵਰਗ ਦੇ ਨਾਲ ਡਟ ਕੇ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਉਨ੍ਹਾਂ ਦੀ ਹਰ ਜਾਇਜ਼ ਮੰਗ ਲਈ ਪੂਰੀ ਤਾਕਤ ਨਾਲ ਸੰਘਰਸ਼ ਕਰਦਾ ਰਹੇਗਾ।ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਜਲਦ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਹਰ ਮੋਰਚੇ ‘ਤੇ ਮੁਲਾਜ਼ਮਾਂ ਦੇ ਨਾਲ ਖੜ੍ਹੇਗਾ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਮਾਸਟਰ ਅਸ਼ੋਕ ਕੁਮਾਰ,ਹਰਦੀਪ ਸਿੰਘ ਤੋਤਾ ਸੰਧੂ, ਨਰਿੰਦਰ ਸਿੰਘ ਨਿੰਦੀ, ਰਾਜਨ ਭਾਟੀਆ, ਜਗਜੀਤ ਸਿੰਘ ਸੰਧੂ,ਰਮਨ ਕੁਮਾਰ ਸ਼ਰਮਾ, ਅੰਕੁਸ਼ ਭਾਟੀਆ, ਨਰਿੰਦਰ ਸਿੰਘ ਮੱਕੜ, ਰਜੇਸ਼ ਭਾਟੀਆ ਆਦਿ ਭਾਰੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।