ਆਪ ਨੇ ਸੂਬੇ ਨੂੰ ਰੰਗਲਾ ਪੰਜਾਬ ਦੀ ਥਾਂ, ਕੰਗਲਾ ਪੰਜਾਬ ਬਣਾਇਆ-ਦੀਵਾਨ

- ਕਿਹਾ, ‘ਆਪ’ ਸਰਕਾਰ ਸੂਬੇ ਦੀ ਅਰਥ ਵਿਵਸਥਾ ਨੂੰ ਕਰ ਲਹੀ ਖੋਖਲਾ
ਪੁਨੀਤ ਬਾਵਾ, ਪੰਜਾਬੀ ਜਾਗਰਣ
ਲੁਧਿਆਣਾ : ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟ੍ਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਆਮ ਆਦਮੀ ਪਾਰਟੀ ਸਰਕਾਰ ਉੱਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਹੈ ਕਿ ਇਹ ਸਰਕਾਰ ਪੰਜਾਬ ਨੂੰ ਕਰਜ਼ੇ ਦੇ ਭਿਆਨਕ ਜਾਲ ਵਿੱਚ ਧੱਕ ਰਹੀ ਹੈ। ਦੀਵਾਨ ਨੇ ਸੂਬੇ ਦੀ ਡਗਮਗਾਂਦੀ ਅਰਥ ਵਿਵਸਥਾ ’ਤੇ ਚਿੰਤਾ ਜਤਾਉਂਦੇ ਹੋਏ ਕਿਹਾ ਹੈ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਵਾਅਦਾ ਕੀਤਾ ਸੀ। ਦੀਵਾਨ ਨੇ ਕਿਹਾ ਕਿ ਵਿੱਤੀ ਸਾਲ 2021-22 ਦੇ ਅਖੀਰ ਵਿੱਚ ਜਦੋਂ ਕਾਂਗਰਸ ਸਰਕਾਰ ਦਾ ਕਾਰਜਕਾਲ ਖਤਮ ਹੋਇਆ ਸੀ, ਤਾਂ ਪੰਜਾਬ ਉੱਤੇ ਬਕਾਇਆ ਕਰਜ਼ਾ ਲਗਭਗ 2.82 ਲੱਖ ਕਰੋੜ ਰੁਪਏ ਸੀ। ਪਰ ਗਲਤ ਨੀਤੀਆਂ, ਕੁਪ੍ਰਬੰਧਨ ਅਤੇ ਫ਼ਜ਼ੂਲ ਖਰਚਿਆਂ ਕਾਰਨ ਇਹ ਕਰਜ਼ਾ ਤੇਜ਼ੀ ਨਾਲ ਵਧਿਆ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2025-26 ਦੇ ਅਖੀਰ ਤੱਕ ਸੂਬੇ ਦਾ ਕੁੱਲ ਬਕਾਇਆ ਕਰਜ਼ਾ ਲਗਭਗ 4.17 ਲੱਖ ਕਰੋੜ ਰੁਪਏ ਤੱਕ ਪਹੁੰਚਣ ਦੀ ਸ਼ੰਕਾ ਹੈ। ਦੀਵਾਨ ਨੇ ਕਿਹਾ ਹੈ ਕਿ ਪੰਜਾਬ ਦੀ ਅਰਥਵਿਵਸਥਾ ਮਜ਼ਬੂਤ ਹੋਣ ਦੇ ਦਾਅਵੇ ਪੂਰੀ ਤਰ੍ਹਾਂ ਝੂਠੇ ਹਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਸੂਬੇ ਦੀ ਅਰਥ ਵਿਵਸਥਾ ਮੰਦਹਾਲੀ ਵਿੱਚ ਹੈ। ਇਸ ਸਾਲ ਸਰਕਾਰ ਦੀ ਕੁੱਲ ਉਧਾਰੀ 39,970.65 ਕਰੋੜ ਰੁਪਏ ਹੋਣ ਦਾ ਅੰਦਾਜ਼ਾ ਹੈ, ਜਿਸ ਨਾਲ ਵਿੱਤੀ ਸਾਲ 2026-27 ਦੇ ਅਖੀਰ ਤੱਕ ਪੰਜਾਬ ਦਾ ਬਕਾਇਆ ਕਰਜ਼ਾ 4.47 ਲੱਖ ਕਰੋੜ ਰੁਪਏ ਤੱਕ ਪਹੁੰਚ ਜਾਵੇਗਾ। ਇਸ ਤੋਂ ਇਲਾਵਾ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਵਿੱਚ ਸਰਕਾਰ 9,500 ਕਰੋੜ ਰੁਪਏ ਦੀ ਬਜਾਰ ਤੋਂ ਉਧਾਰੀ ਲੈਣ ਦੀ ਯੋਜਨਾ ਬਣਾ ਰਹੀ ਹੈ।
ਇਸ ਮੌਕੇ ਦੀਵਾਨ ਨੇ ਕਿਹਾ ਕਿ ਅਪ੍ਰੈਲ ਦੇ ਪਹਿਲੇ ਹੀ ਹਫ਼ਤੇ ਵਿੱਚ ਆਪ ਸਰਕਾਰ ਨੇ 1,500 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ ਅਤੇ ਤੀਜੇ ਹਫ਼ਤੇ ਵਿੱਚ ਹੋਰ 1,300 ਕਰੋੜ ਲਿਆ ਸੀ। ਉਨ੍ਹਾਂ ਕਿਹਾ ਕਿ ਪੂਰੀ ਸਰਕਾਰ ਕਰਜ਼ਿਆਂ ’ਤੇ ਚੱਲ ਰਹੀ ਹੈ। ਜਦਕਿ ਸੂਬੇ ਦਾ ਖਜ਼ਾਨਾ ਖਾਲੀ ਹੈ। ਇਸ ਸਰਕਾਰ ਨੇ ਪੰਜਾਬ ਦੀ ਅਰਥ ਵਿਵਸਥਾ ਨੂੰ ਨਾ ਪੂਰਾ ਹੋ ਸਕਣ ਵਾਲਾ ਨੁਕਸਾਨ ਪਹੁੰਚਾਇਆ ਹੈ। ਸਰਕਾਰ ਕੋਲ ਆਮਦਨ ਵਧਾਉਣ ਜਾਂ ਸੂਬੇ ਨੂੰ ਘਾਟੇ ਵਿੱਚੋਂ ਕੱਢਣ ਲਈ ਕੋਈ ਦੂਰਦਰਸ਼ੀ ਯੋਜਨਾ ਨਹੀਂ ਹੈ। ਇਸ ਦੇ ਉਲਟ ਇਹ ਕਰਜ਼ੇ ਦੇ ਮਾੜੇ ਚੱਕਰ ਵਿੱਚ ਫਸੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਰੀ ਕਰਜ਼ੇ ਤੋਂ ਇਲਾਵਾ ਸਰਕਾਰ ਆਪਣੀਆਂ ਵਿੱਤੀ ਲੋੜਾਂ ਪੂਰੀਆਂ ਕਰਨ ਲਈ ਸਰਕਾਰੀ ਜਾਇਦਾਦਾਂ ਅਤੇ ਪੰਚਾਇਤੀ ਜ਼ਮੀਨਾਂ ਵੀ ਵੇਚ ਰਹੀ ਹੈ। ਉਨ੍ਹਾਂ ਨੇ ਖ਼ੁਲਾਸਾ ਕੀਤਾ ਕਿ ਖਾਲੀ ਸਰਕਾਰੀ ਜ਼ਮੀਨ ਦੇ ਉਚਿਤ ਇਸਤੇਮਾਲ ਸਬੰਧੀ ਸਕੀਮ ਹੇਠ ਕਈ ਨਿਲਾਮੀਆਂ ਪਹਿਲਾਂ ਹੀ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ। ਦੀਵਾਨ ਨੇ ਕਿਹਾ ਕਿ ‘ਆਪ’ ਸਰਕਾਰ ਕੋਲ ਪੰਜਾਬ ਨੂੰ ਕਰਜ਼ਾ ਮੁਕਤ ਬਣਾਉਣ ਲਈ ਕੋਈ ਰੋਡਮੈਪ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਤੋਂ ਵੱਡੀਆਂ ਉਮੀਦਾਂ ਸਨ, ਪਰ ‘ਆਪ’ ਸਰਕਾਰ ਸੂਬੇ ਨੂੰ ਵਧਦੇ ਕਰਜ਼ੇ ਤੋਂ ਬਚਾਉਣ ਜਾਂ ਡਿੱਗਦੀ ਅਰਥਵਿਵਸਥਾ ਨੂੰ ਦੁਬਾਰਾ ਪਟੜੀ ’ਤੇ ਲਿਆਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਸਭ ਤੋਂ ਕਰਜ਼ੇਦਾਰ ਸੂਬਿਆਂ ਵਿੱਚੋਂ ਇੱਕ ਹੈ ਅਤੇ ਮੌਜੂਦਾ ਸਰਕਾਰ ਨੇ ਅਰਥਵਿਵਸਥਾ ਨੂੰ ਪਿੱਛੇ ਨੂੰ ਧਕੇਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਸਰਕਾਰ ਨੂੰ ਤਨਖ਼ਾਹਾਂ ਸਮੇਂ ਸਿਰ ਦੇਣ ਵਿੱਚ ਵੀ ਮੁਸ਼ਕਲ ਆਉਂਦੀ ਹੈ। ਫਿਰ ਵੀ ਉਹ ਅਰਥ ਵਿਵਸਥਾ ਨੂੰ ਨੁਕਸਾਨ ਪਹੁੰਚਾ ਰਹੀ ਹੈ ਅਤੇ ਆਪਣੀਆਂ ਝੂਠੇ ਪ੍ਰਾਪਤੀਆਂ ਦੇ ਪ੍ਰਚਾਰ ਲਈ ਕਰੋੜਾਂ ਰੁਪਏ ਇਸ਼ਤਿਹਾਰਾਂ ਅਤੇ ਹੋਰਡਿੰਗਾਂ ’ਤੇ ਖਰਚ ਰਹੀ ਹੈ।