ਭਾਜਪਾ ਦੇ ਹੱਕ ’ਚ ਆਏ ਨਤੀਜਿਆਂ ਨਾਲ ਆਪ ਬੁਖਲਾਹਟ ’ਚ : ਚੌਧਰੀ
ਭਾਜਪਾ ਦੇ ਹੱਕ ’ਚ ਆਏ ਤਿੰਨ ਸੂਬਿਆਂ ਦੇ ਨਤੀਜਿਆਂ ਨਾਲ ਆਪ ਲੀਡਰਸ਼ਿਪ 'ਚ ਬੁਖਲਾਹਟ- ਚੌਧਰੀ
Publish Date: Thu, 07 May 2026 07:31 PM (IST)
Updated Date: Fri, 08 May 2026 04:18 AM (IST)

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ ਭਾਜਪਾ ਦੇ ਬੁਲਾਰੇ ਅਤੇ ਹੈਬੋਵਾਲ ਮੰਡਲ ਪ੍ਰਭਾਰੀ ਸੰਜੀਵ ਚੌਧਰੀ ਨੇ ਆਮ ਆਦਮੀ ਪਾਰਟੀ ‘ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਤੋਂ ਬਾਅਦ ‘ਆਪ’ ਲੀਡਰਸ਼ਿਪ ਵਿੱਚ ਬੁਖਲਾਹਟ ਸਾਫ਼ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਛੱਡਣ ਅਤੇ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਸ਼ੇ ਦੀ ਹਾਲਤ ਵਿੱਚ ਆਉਣ ਦੇ ਮਾਮਲੇ ਨੇ ਸੂਬੇ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ, ਜਿਸ ਕਾਰਨ ਪੰਜਾਬ ਦੀ ਜਨਤਾ ਵਿੱਚ ਮੁੱਖ ਮੰਤਰੀ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਚੌਧਰੀ ਨੇ ਕਿਹਾ ਕਿ ਸੱਤਾ ਆਪਣੇ ਹੱਥੋਂ ਨਿਕਲਦੀ ਦੇਖ ਕੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਆਧਾਰਹੀਣ ਬਿਆਨਬਾਜ਼ੀ ਦਾ ਸਹਾਰਾ ਲੈ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਸਰਕਾਰ ਵੱਲੋਂ ਬੇਬੁਨਿਆਦ ਇਲਜ਼ਾਮ ਲਗਾਏ ਜਾ ਰਹੇ ਹਨ। ਪੰਜਾਬ ਵਿੱਚ ਹਾਲ ਹੀ ਵਿੱਚ ਹੋਏ ਧਮਾਕਿਆਂ ਦੇ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸੰਜੀਵ ਚੌਧਰੀ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਇਨ੍ਹਾਂ ਘਟਨਾਵਾਂ ਨੂੰ ਭਾਜਪਾ ਦੀ ਸਾਜ਼ਿਸ਼ ਕਰਾਰ ਦੇ ਰਹੇ ਹਨ, ਜਦਕਿ ਦੂਜੇ ਪਾਸੇ ਪੰਜਾਬ ਪੁਲਿਸ ਦੇ ਡੀਜੀਪੀ ਇਸ ਪਿੱਛੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦਾ ਹੱਥ ਹੋਣ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੇ ਵਿਰੋਧਾਭਾਸੀ ਬਿਆਨ ਇਸ ਗੱਲ ਦਾ ਸਪੱਸ਼ਟ ਸਬੂਤ ਹਨ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਨਹੀਂ ਹੈ ਅਤੇ ਸਿਰਫ਼ ਰਾਜਨੀਤਿਕ ਲਾਭ ਲਈ ਮਾਮਲਿਆਂ ਨੂੰ ਵਰਤ ਰਹੀ ਹੈ।ਚੌਧਰੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਨੂੰ ਸਮਝ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਇਸ ਦਾ ਕਰਾਰਾ ਜਵਾਬ ਦੇਣਗੇ।