ਸੰਜੀਵ ਗੁਪਤਾ/ ਜਗਰਾਉਂ : ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜੱਫੀ ਪਾ ਕੇ ਉਨ੍ਹਾਂ ਦੇ ਕੰਮਾਂ ਦੀ ਸ਼ਲਾਘਾ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਵੀ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਕ ਤੋਂ ਬਾਅਦ ਇੱਕ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਵੀਰਵਾਰ ਨੂੰ ਮੋਗਾ ਜ਼ਿਲਾ ਦੇ ਬਾਘਾਪੁਰਾਣਾ ਵਿਖੇ ਕਾਂਗਰਸ ਦੀ ਰੈਲੀ ਵਿੱਚ ਪਹੁੰਚੇ ਰਾਏਕੋਟ ਦੇ ਵਿਧਾਇਕ ਜੱਗਾ ਹਿੱਸੋਵਾਲ ਨੇ ਕਾਂਗਰਸ ਵਿੱਚ ਸ਼ਾਮਲ ਹੁੰਦਿਆਂ ਆਮ ਆਦਮੀ ਪਾਰਟੀ ਤੇ ਤਿੱਖੇ ਹਮਲੇ ਵੀ ਕੀਤੇ। ਉਨ੍ਹਾਂ ਪਾਰਟੀ ਪ੍ਰਧਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਡਿਕਟੇਟਰ ਦੱਸਦਿਆਂ ਕਿਹਾ ਕਿ ਆਪ ਹੁਣ ਵਨ ਮੈਨ ਸ਼ੋਅ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਵਿਧਾਇਕਾਂ ਦੀ ਕੋਈ ਪੁੱਛ ਪੜਤਾਲ ਨਹੀਂ । ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਚੰਨੀ ਦੇ ਕੰਮਾਂ ਦੇ ਗੋਗੇ ਗਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਥੋੜ੍ਹੇ ਸਮੇਂ ਵਿੱਚ ਹੀ ਪੰਜਾਬ ਨੂੰ ਮੁੜ ਪੈਰਾਂ ਤੇ ਖੜ੍ਹਾ ਕਰ ਦਿੱਤਾ ਹੈ। ਇਸੇ ਤੋਂ ਪ੍ਰਭਾਵਤ ਹੋ ਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ ।

Posted By: Tejinder Thind