ਪੱਤਰ ਪ੍ਰਰੇਰਕ, ਸ਼੍ਰੀ ਮਾਛੀਵਾੜਾ ਸਾਹਿਬ : ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਪਦਮੀ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨਾਲ ਮੌਤ ਤੋਂ ਪਹਿਲਾਂ ਅਤੇ ਬਾਅਦ ਵਿਚ ਹੋਏ ਵਿਤਕਰੇ ਦੀ ਜਾਂਚ ਲਈ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਗਠਨ ਕਰੇ।

ਇਸ ਦਾ ਖੁਲਾਸਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਕਮਿਸ਼ਨ ਦੇ ਚੇਅਰਮੈਨ ਪ੍ਰਰੋ. ਰਾਮ ਸ਼ੰਕਰ ਕਥੇਰੀਆ ਨੂੰ ਦਿੱਤੀ ਸ਼ਿਕਾਇਤ ਮਗਰੋਂ ਕੌਮੀ ਕਮਿਸ਼ਨ ਨੇ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ ਨੂੰ ਨੋਟਿਸ ਜਾਰੀ ਕਰ ਦਿੱਤੇ ਹਨ। ਉਨ੍ਹਾਂ ਨੇ ਕੌਮੀ ਕਮਿਸ਼ਨ ਨੂੰ ਲਿਖੀ ਚਿੱਠੀ 'ਚ ਦੱਸਿਆ ਸੀ ਕਿ ਕਿਸ ਤਰ੍ਹਾਂ ਅੰਮਿ੍ਤਸਰ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਸਮੇਂ ਅਤੇ ਮੌਤ ਤੋਂ ਬਾਅਦ ਵੇਰਕਾ ਦੇ ਸ਼ਮਸ਼ਾਨਘਾਟ 'ਚ ਅੰਤਿਮ ਸਸਕਾਰ ਤੋਂ ਇੰਨਕਾਰ ਕਰਕੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਨਾਲ ਵਿਤਕਰਾ ਕੀਤਾ ਗਿਆ ਸੀ।

ਸਾਬਕਾ ਵਿਧਾਇਕ ਨੇ ਕਮਿਸ਼ਨ ਨੂੰ ਦੱਸਿਆ ਸੀ ਕਿ ਭਾਈ ਨਿਰਮਲ ਸਿੰਘ ਮਜ਼ਬ੍ਹੀ ਭਾਈਚਾਰੇ ਨਾਲ ਸਬੰਧ ਰੱਖਦੇ ਸਨ ਅਤੇ ਉਨ੍ਹਾਂ ਦੀ ਦੁਖਦਾਈ ਮੌਤ ਨੇ ਸਿੱਖ ਪੰਥ ਅਤੇ ਖਾਸ ਕਰਕੇ ਦਲਿੱਤ ਤੇ ਮਜ਼ਬ੍ਹੀ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਈ ਖਾਲਸਾ ਦੇ ਕੀਤੇ ਗਏ ਨਿਰਾਦਰ ਨੂੰ ਸਮੁੱਚਾ ਮਜ਼ਬ੍ਹੀ ਭਾਈਚਾਰਾ ਆਪਣੇ ਅਪਮਾਨ ਵਜੋਂ ਵੇਖ ਰਿਹਾ ਹੈ। ਅਟਵਾਲ ਨੇ ਕੌਮੀ ਕਮਿਸ਼ਨ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਸੀ ਜਿਸ ਲਈ ਉਨ੍ਹਾਂ ਇੱਕ ਵੱਖਰੀ ਪਟੀਸ਼ਨ ਪੰਜਾਬ ਸਟੇਟ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੂੰ ਵੀ ਪਾਈ ਸੀ।