- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਹਿਮ ਖ਼ਬਰ-ਏਡੀਜੀਪੀ ਕੌਸਤੁਭ ਸ਼ਰਮਾ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸੁਰੱਖਿਆ ਦਾ ਲਿਆ ਉੱਚ ਪੱਧਰੀ ਜਾਇਜ਼ਾ

-ਅਜ਼ਾਦੀ ਸਮਾਗਮ ਵਾਲੀ ਥਾਂ ਦਾ ਦੌਰਾ ਕਰਦਿਆਂ ਚੰਡੀਗੜ੍ਹ-ਲੁਧਿਆਣਾ ਹਾਈਵੇ 'ਤੇ ਕਟਾਣੀ ਕਲਾਂ ਨਾਕੇ ਦਾ ਨਿਰੀਖਣ
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਆਜ਼ਾਦੀ ਦਿਵਸ ਸਮਾਰੋਹਾਂ ਨੂੰ ਸ਼ਾਂਤੀਪੂਰਨ, ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਇਸੇ ਲੜੀ ਤਹਿਤ ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਸੁਰੱਖਿਆ) ਕੌਸਤੁਭ ਸ਼ਰਮਾ ਨੇ ਬੁੱਧਵਾਰ ਨੂੰ ਲੁਧਿਆਣਾ ਦਾ ਦੌਰਾ ਕਰਕੇ ਸ਼ਹਿਰ ਦੇ ਅਹਿਮ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗਾਂ ਕਰਨ ਦੇ ਨਾਲ-ਨਾਲ ਵੱਖ-ਵੱਖ ਥਾਵਾਂ ਦਾ ਨਿਰੀਖਣ ਕਰਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਏਡੀਜੀਪੀ ਸ਼ਰਮਾ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਪੁਲਿਸ ਕਮਿਸ਼ਨਰੇਟ ਦੇ ਸੀਨੀਅਰ ਅਧਿਕਾਰੀਆਂ ਨਾਲ ਮਿਲ ਕੇ ਸਭ ਤੋਂ ਪਹਿਲਾਂ ਚੰਡੀਗੜ੍ਹ-ਲੁਧਿਆਣਾ ਹਾਈਵੇਅ 'ਤੇ ਕਟਾਣੀ ਕਲਾਂ ਸਥਿਤ ਸਥਾਈ ਨਾਕੇ ਦਾ ਅਚਨਚੇਤ ਨਿਰੀਖਣ ਕੀਤਾ। ਇਹ ਨਾਕਾ ਕਮਿਸ਼ਨਰੇਟ ਦੀ ਹੱਦ ਵਿੱਚ ਦਾਖ਼ਲੇ ਦਾ ਅਹਿਮ ਬਿੰਦੂ ਮੰਨਿਆ ਜਾਂਦਾ ਹੈ। ਨਿਰੀਖਣ ਦੌਰਾਨ ਉਨ੍ਹਾਂ ਨੇ ਵਾਹਨਾਂ ਦੀ ਜਾਂਚ, ਨਿਗਰਾਨੀ ਪ੍ਰਬੰਧਾਂ ਅਤੇ ਸੁਰੱਖਿਆ ਪ੍ਰੋਟੋਕੋਲ ਦਾ ਵਿਸਥਾਰ ਨਾਲ ਜਾਇਜ਼ਾ ਲਿਆ।
ਪੁਲਿਸ ਲਾਈਨਜ਼ ਲੁਧਿਆਣਾ ਵਿਖੇ ਕਮਿਸ਼ਨਰੇਟ ਦੇ ਸਾਰੇ ਗਜ਼ਟਿਡ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਆਜ਼ਾਦੀ ਦਿਵਸ ਮੌਕੇ ਪੁਲਿਸ ਫੋਰਸ ਦੀ ਤਾਇਨਾਤੀ, ਸੰਭਾਵਿਤ ਖਤਰਿਆਂ ਨਾਲ ਨਜਿੱਠਣ ਲਈ ਤਿਆਰੀਆਂ, ਟ੍ਰੈਫਿਕ ਪ੍ਰਬੰਧਨ ਅਤੇ ਸਮੁੱਚੀ ਸੁਰੱਖਿਆ ਰਣਨੀਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
-ਨਿਰੀਖਣ ਕਰਨ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ
ਇਸ ਉਪਰੰਤ ਏਡੀਜੀਪੀ ਨੇ ਪੀਏਯੂ ਸਥਿਤ ਆਜ਼ਾਦੀ ਦਿਵਸ ਸਮਾਰੋਹ ਦੇ ਮੁੱਖ ਸਮਾਗਮ ਵਾਲੇ ਸਥਾਨ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਨੇ ਪ੍ਰਵੇਸ਼ ਤੇ ਨਿਕਾਸ ਮਾਰਗਾਂ, ਦਰਸ਼ਕਾਂ ਦੀ ਬੈਠਕ ਵਿਵਸਥਾ, ਪਾਰਕਿੰਗ ਪ੍ਰਬੰਧਾਂ ਅਤੇ ਬਹੁ-ਪੱਧਰੀ ਸੁਰੱਖਿਆ ਘੇਰੇ ਦੀ ਸਮੀਖਿਆ ਕਰਦੇ ਹੋਏ ਸਬੰਧਤ ਅਧਿਕਾਰੀਆਂ ਨੂੰ ਲੁੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਏਡੀਜੀਪੀ ਕੌਸਤੁਭ ਸ਼ਰਮਾ ਨੇ ਕਿਹਾ ਕਿ ਪੰਜਾਬ ਪੁਲਿਸ ਆਜ਼ਾਦੀ ਦਿਵਸ ਸਮਾਗਮਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਦਾਖ਼ਲਾ ਨਾਕਿਆਂ, ਪੁਲਿਸ ਥਾਣਿਆਂ ਤੇ ਸਮਾਗਮ ਸਥਾਨ 'ਤੇ ਕੀਤੇ ਗਏ ਨਿਰੀਖਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਹੈ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਸਖ਼ਤ ਨਿਗਰਾਨੀ ਦੇ ਨਾਲ ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਲਾਗੂ ਕੀਤੇ ਗਏ ਹਨ।
ਉੱਧਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਏਡੀਜੀਪੀ ਸੁਰੱਖਿਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੁਧਿਆਣਾ ਪੁਲਿਸ ਨੇ ਸਮੁੱਚੇ ਸ਼ਹਿਰ ਵਿੱਚ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਹਨ। ਆਧੁਨਿਕ ਤਕਨਾਲੋਜੀ ਆਧਾਰਿਤ ਨਿਗਰਾਨੀ ਪ੍ਰਣਾਲੀ, ਚੌਵੀ ਘੰਟੇ ਗਸ਼ਤ ਅਤੇ ਵਾਧੂ ਪੁਲਿਸ ਤਾਇਨਾਤੀ ਰਾਹੀਂ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਅਤੇ ਪੀਏਯੂ ਸਮਾਗਮ ਸਥਾਨ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਆਜ਼ਾਦੀ ਦਿਵਸ ਦੇ ਸਮਾਗਮ ਸ਼ਾਂਤੀਪੂਰਨ ਤੇ ਸੁਰੱਖਿਅਤ ਮਾਹੌਲ ਵਿੱਚ ਕਰਵਾਏ ਜਾ ਸਕਣ।
-ਥਾਣਾ ਜਮਾਲਪੁਰ ਦਾ ਦੌਰਾ ਕਰਕੇ ਪੁਲਿਸ ਮੁਲਾਜ਼ਮਾਂ ਨਾਲ ਕੀਤੀ ਗੱਲਬਾਤ
ਏਡੀਜੀਪੀ ਨੇ ਥਾਣਾ ਜਮਾਲਪੁਰ ਦਾ ਦੌਰਾ ਕਰਕੇ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਥਾਣੇ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਡਿਊਟੀ 'ਤੇ ਤਾਇਨਾਤ ਕਰਮਚਾਰੀਆਂ ਨੂੰ ਹਰ ਵੇਲੇ ਚੌਕਸ ਰਹਿਣ, ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ।