- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3 ਨੰਬਰ ਦਾ ਮਿਡਲ-ਵਿਧਾਨ ਸਭਾ ਚੋਣਾਂ-2027 ਲਈ ਪ੍ਰਸ਼ਾਸਨ ਨੇ ਹੁਣੇ ਤੋਂ ਵਿੱਢੀਆਂ ਤਿਆਰੀਆਂ

-ਡੀਸੀ ਵੱਲੋਂ ਪੁਲਿਸ ਅਫ਼ਸਰਾਂ ਨਾਲ ਕਾਊਂਟਿੰਗ ਸੈਂਟਰਾਂ ਤੇ ਈਵੀਐੱਮ ਸਟਰਾਂਗ ਰੂਮਜ਼ ਦਾ ਨਿਰੀਖਣ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਵਿਧਾਨ ਸਭਾ ਚੋਣਾਂ-2027 ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣੇ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਅੱਜ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹੇ ਵਿੱਚ ਸਥਾਪਿਤ ਵੱਖ-ਵੱਖ ਕਾਊਂਟਿੰਗ ਸੈਂਟਰਾਂ ਅਤੇ ਈਵੀਐੱਮ ਸਟਰਾਂਗ ਰੂਮਾਂ ਦਾ ਸਾਂਝਾ ਨਿਰੀਖਣ ਕੀਤਾ।
ਇਸ ਨਿਰੀਖਣ ਦਾ ਮੁੱਖ ਉਦੇਸ਼ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ, ਵੋਟਾਂ ਦੀ ਗਿਣਤੀ ਲਈ ਲੋੜੀਂਦੇ ਪ੍ਰਬੰਧਾਂ ਅਤੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਢਲੀਆਂ ਤਿਆਰੀਆਂ ਦਾ ਜਾਇਜ਼ਾ ਲੈਣਾ ਸੀ। ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਲੁਧਿਆਣਾ ਦਿਹਾਤੀ ਅਤੇ ਸੀਨੀਅਰ ਪੁਲਿਸ ਕਪਤਾਨ ਖੰਨਾ ਦੇ ਨੁਮਾਇੰਦੇ ਵੀ ਮੌਜੂਦ ਸਨ।
ਨਿਰੀਖਣ ਦੌਰਾਨ ਅਧਿਕਾਰੀਆਂ ਨੇ ਵੱਖ-ਵੱਖ ਕਾਊਂਟਿੰਗ ਸੈਂਟਰਾਂ ਅਤੇ ਈਵੀਐੱਮ ਸਟਰਾਂਗ ਰੂਮਾਂ ਵਿੱਚ ਸੁਰੱਖਿਆ ਪ੍ਰਬੰਧਾਂ, ਇਮਾਰਤੀ ਸਹੂਲਤਾਂ ਅਤੇ ਹੋਰ ਜ਼ਰੂਰੀ ਇੰਤਜ਼ਾਮਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਇਸ ਦੇ ਨਾਲ ਹੀ ਚੋਣ ਸਮੱਗਰੀ ਦੀ ਸੁਰੱਖਿਅਤ ਸੰਭਾਲ ਅਤੇ ਵੋਟਾਂ ਦੀ ਗਿਣਤੀ ਦੌਰਾਨ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਨਾਲ ਸਬੰਧਤ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।
ਜੈਨ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਈਵੀਐੱਮ ਸਟਰਾਂਗ ਰੂਮਾਂ ਅਤੇ ਕਾਊਂਟਿੰਗ ਸੈਂਟਰਾਂ ਦੀ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਹੋਣੀ ਚਾਹੀਦੀ। ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਬੁਨਿਆਦੀ ਸਹੂਲਤਾਂ ਅਤੇ ਹੋਰ ਤਕਨੀਕੀ ਲੋੜਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ। ਇਸ ਮੰਤਵ ਦੀ ਪੂਰਤੀ ਲਈ ਸਾਰੇ ਸਬੰਧਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਹੋਣਾ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਅਗਾਊਂ ਯੋਜਨਾਬੰਦੀ ਕਰਕੇ ਹਰ ਪੱਧਰ 'ਤੇ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਸਾਂਝੇ ਨਿਰੀਖਣ ਦੌਰਾਨ ਵੱਖ-ਵੱਖ ਕਾਊਂਟਿੰਗ ਸੈਂਟਰਾਂ ਤੇ ਈਵੀਐੱਮ ਸਟਰਾਂਗ ਰੂਮਾਂ ਨਾਲ ਸਬੰਧਤ ਰਿਟਰਨਿੰਗ ਅਫ਼ਸਰਾਂ, ਪੁਲਿਸ ਅਧਿਕਾਰੀਆਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ।