ਜਥੇਦਾਰ ਦੇ ਦਖਲ ਮਗਰੋਂ ਲੁਧਿਆਣਾ ’ਚ ਸਿੱਖ ਨੌਜਵਾਨ ਨਾਲ ਕੁੱਟਮਾਰ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਤੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ
ਇਸ ਤੋਂ ਬਾਅਦ ਦੂਜੀ ਗੱਡੀ ’ਚੋਂ ਤਿੰਨ ਵਿਅਕਤੀਆਂ ਨੇ ਉਸ ਨੂੰ ਅਗਾਂਹ ਘੇਰ ਕੇ ਉਸ ਨਾਲ ਦੁਰਵਿਹਾਰ ਕਰਨ ਦੇ ਨਾਲ-ਨਾਲ ਉਸ ਦੀ ਗੱਡੀ ’ਤੇ ਲੱਗੀ ਗਿਆਨੀ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਪਾੜਣ ਦੀ ਕੋਸ਼ਿਸ਼ ਕੀਤੀ ਤੇ ਸਿੱਖ ਧਰਮ ਬਾਰੇ ਮੰਦਾ ਬੋਲਿਆ।
Publish Date: Fri, 30 Jan 2026 07:20 PM (IST)
Updated Date: Fri, 30 Jan 2026 07:29 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਬੀਤੇ ਦਿਨੀਂ ਲੁਧਿਆਣਾ ’ਚ ਇਕ ਸਿੱਖ ਨੌਜਵਾਨ ਟੈਕਸੀ ਚਾਲਕ ਰਣਜੋਤ ਸਿੰਘ ਨਾਲ ਪੁਲਿਸ ਚੌਕੀ ਵਿਖੇ ਕੀਤੀ ਗਈ ਕੁੱਟਮਾਰ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸਖ਼ਤ ਨੋਟਿਸ ਤੋਂ ਬਾਅਦ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਤੇ ਨੌਜਵਾਨ ਨਾਲ ਦੁਰਵਿਹਾਰ ਕਰਨ ਤੇ ਸਿੱਖ ਧਰਮ ਬਾਰੇ ਮੰਦਾ ਬੋਲਣ ਵਾਲੇ ਵਿਅਕਤੀਆਂ ਵਿਰੁੱਧ ਲੁਧਿਆਣਾ ਦੇ ਡਵੀਜ਼ਨ-8 ਪੁਲਿਸ ਥਾਣੇ ’ਚ ਦੋ ਵੱਖ-ਵੱਖ ਪਰਚੇ ਦਰਜ ਹੋ ਗਏ ਹਨ।
ਜਾਣਕਾਰੀ ਸਾਂਝੀ ਕਰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਨੇ ਦੱਸਿਆ ਕਿ 26 ਜਨਵਰੀ ਨੂੰ ਲੁਧਿਆਣਾ ਵਾਸੀ ਰਣਜੋਤ ਸਿੰਘ, ਜੋ ਕਿ ਟੈਕਸੀ ਚਲਾਉਣ ਦਾ ਕੰਮ ਕਰਦਾ ਹੈ, ਜਦੋਂ ਲੁਧਿਆਣਾ ਸ਼ਹਿਰ ਅੰਦਰ ਜਾ ਰਿਹਾ ਸੀ ਤਾਂ ਉਸ ਦੀ ਗੱਡੀ ਤੋਂ ਦੂਜੀ ਗੱਡੀ ਨਾਲ ਟੱਕਰ ਹੋ ਗਈ ਸੀ। ਇਸ ਤੋਂ ਬਾਅਦ ਦੂਜੀ ਗੱਡੀ ’ਚੋਂ ਤਿੰਨ ਵਿਅਕਤੀਆਂ ਨੇ ਉਸ ਨੂੰ ਅਗਾਂਹ ਘੇਰ ਕੇ ਉਸ ਨਾਲ ਦੁਰਵਿਹਾਰ ਕਰਨ ਦੇ ਨਾਲ-ਨਾਲ ਉਸ ਦੀ ਗੱਡੀ ’ਤੇ ਲੱਗੀ ਗਿਆਨੀ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਪਾੜਣ ਦੀ ਕੋਸ਼ਿਸ਼ ਕੀਤੀ ਤੇ ਸਿੱਖ ਧਰਮ ਬਾਰੇ ਮੰਦਾ ਬੋਲਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੇ ਫੋਨ ਕਰ ਕੇ ਪੁਲਿਸ ਮੁਲਾਜ਼ਮਾਂ ਨੂੰ ਸੱਦਿਆ, ਜੋ ਮੌਕੇ ਤੋਂ ਰਣਜੋਤ ਸਿੰਘ ਨੂੰ ਆਪਣੀ ਗੱਡੀ ’ਚ ਬੈਠਾ ਕੇ ਲੁਧਿਆਣਾ ਸ਼ਹਿਰ ਦੀ ਕੈਲਾਸ਼ ਪੁਲਿਸ ਚੌਕੀ ਲੈ ਗਏ ਤੇ ਉਸ ਨਾਲ ਕੁੱਟਮਾਰ ਕੀਤੀ।
ਜਸਕਰਨ ਸਿੰਘ ਨੇ ਕਿਹਾ ਕਿ ਇਸ ਘਟਨਾ ਸਬੰਧੀ ਰਣਜੋਤ ਸਿੰਘ ਵੱਲੋਂ ਪਾਈ ਗਈ ਵੀਡੀਓ ਤੇ ਉਸ ਦੇ ਪਰਿਵਾਰ ਵੱਲੋਂ ਪੁਲਿਸ ਮੁਲਾਜ਼ਮਾਂ ਅਤੇ ਮੁਲਜ਼ਮਾਂ ਵਿਰੁੱਧ ਕਾਰਵਾਈ ਲਈ ਕੀਤੇ ਰੋਸ ਪ੍ਰਦਰਸ਼ਨ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੁਧਿਆਣਾ ਸ਼ਹਿਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਇਸ ਮਾਮਲੇ ’ਚ ਤੁਰੰਤ ਸਖ਼ਤ ਕਾਰਵਾਈ ਕਰਨ ਲਈ ਆਖਿਆ ਅਤੇ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਹ ਖੁਦ ਰੋਸ ਵਾਲੀ ਥਾਂ ’ਤੇ ਪਹੁੰਚ ਕੇ ਪੀੜਤ ਸਿੱਖ ਦਾ ਸਾਥ ਦੇਣਗੇ। ਜਿਸ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਰਣਜੋਤ ਸਿੰਘ ਦੀ ਸ਼ਿਕਾਇਤ ਉੱਤੇ ਪੁਲਿਸ ਮੁਲਾਜ਼ਮਾਂ ਤੇ ਦੋਸ਼ੀ ਵਿਅਕਤੀਆਂ ਵਿਰੁੱਧ ਪਰਚਾ ਦਰਜ ਕਰ ਦਿੱਤਾ ਹੈ।