ਸਰਵਣ ਸਿੰਘ ਭੰਗਲਾਂ, ਸਮਰਾਲਾ : ਸੂਬੇ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਰਡੀਨੈਂਸਾਂ ਦੇ ਖ਼ਿਲਾਫ਼ ਆਪਣਾ ਮੋਰਚਾ ਖੋਲ੍ਹਦੇ ਹੋਏ ਸੰਘਰਸ਼ ਤੇਜ਼ ਕਰਨ ਦਾ ਬਿਗੁਲ ਵਜਾ ਦਿੱਤਾ ਹੈ। ਸਮਰਾਲਾ 'ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਬੀਕੇਯੂ ਸਿੱਧੂਪੁਰ ਏਕਤਾ ਤੇ ਬੀਕੇਯੂ ਰਾਜੇਵਾਲ ਦੇ ਸਮੁੱਚੇ ਅਹੁਦੇਦਾਰਾਂ ਦੀ ਬੈਠਕ ਸਥਾਨਕ ਗੁਰੂਘਰ 'ਚ ਸੱਦੀ ਗਈ। ਕਿਸਾਨ ਆਗੂਆਂ-ਪਰਮਿੰਦਰ ਸਿੰਘ ਪਾਲਮਾਜਰਾ ਤੇ ਬਲਵੀਰ ਸਿੰਘ ਖੀਰਨੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ ਲਈ ਇਨ੍ਹਾਂ ਮਾਰੂ ਆਰਡੀਨੈਂਸਾਂ ਨੂੰ ਲਾਗੂ ਕਰ ਕੇ ਕਿਸਾਨਾਂ ਦਾ ਭਵਿੱਖ ਤਬਾਹ ਕਰਨ 'ਤੇ ਉਤਾਰੂ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਰਡੀਨੈਂਸਾਂ ਦਾ ਵਿਰੋਧ ਕਰਨ ਲਈ ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜੱਥੇਬੰਦੀਆਂ ਇਕਜੁੱਟ ਹਨ ਤੇ ਆਉਣ ਵਾਲੀ 15 ਸਤੰਬਰ ਨੂੰ ਸਮੁੱਚੇ ਸੂਬੇ 'ਚ ਤਕੜਾ ਸੰਘਰਸ਼ ਵਿੱਢਕੇ, ਰੋਸ ਮੁਜ਼ਾਹਰਿਆਂ ਨਾਲ ਸੜਕੀ ਆਵਾਜਾਈ ਨੂੰ ਮੁਕੰਮਲ ਤੌਰ 'ਤੇ ਜਾਮ ਕਰ ਦਿੱਤਾ ਜਾਵੇਗਾ। ਇਹ ਰੋਸ ਪ੍ਰਦਰਸ਼ਨ ਸਮਰਾਲਾ 'ਚ ਨੀਲੋਂ ਦੇ ਪੁਲ 'ਤੇ ਸਵੇਰੇ 10 ਵਜੇ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਬੀਕੇਯੂ ਰਾਜੇਵਾਲ ਦੇ ਸਮੁੱਚੇ ਅਹੁਦੇਦਾਰ ਸ਼ਾਮਲ ਸਨ।