328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਬਣੀ ਸਿੱਟ ’ਤੇ ਅਕਾਲੀ ਦਲ ਨੇ ਚੁੱਕੇ ਸਵਾਲ
328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਬਣੀ ਸਿੱਟ ਉੱਤੇ ਅਕਾਲੀ ਦਲ ਨੇ ਚੁੱਕੇ ਸਵਾਲ
Publish Date: Mon, 12 Jan 2026 08:28 PM (IST)
Updated Date: Tue, 13 Jan 2026 04:13 AM (IST)

ਸੁਰਿੰਦਰ ਅਰੋੜਾ, ਪੰਜਾਬੀ ਜਾਗਰਣ, ਮੁੱਲਾਂਪੁਰ ਦਾਖਾ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਬਣਾਈ ਗਈ ਸਿੱਟ ਤੋਂ ਬਾਅਦ ਰਾਜਨੀਤਿਕ ਪਾਰਟੀਆਂ ਪੂਰੀ ਤਰ੍ਹਾਂ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਰਗਰਮ ਹੋ ਗਈਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ (ਬ) ਅੰਦਰ ਇਸ ਸਿੱਟ ਨੂੰ ਲੈਕੇ ਵੱਡੀ ਹਲਚਲ ਹੋਈ ਹੈ। ਜਿਸਨੂੰ ਲੈਕੇ ਅੱਜ ਸਥਾਨਕ ਸ਼ਹਿਰ ਵਿਖੇ ਪਾਰਟੀ ਦੇ ਸਰਗਰਮ ਆਗੂ ਜਸਕਰਨ ਸਿੰਘ ਦਿਓਲ ਅਤੇ ਜਿਲ੍ਹਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਅਤੇ ਜਗਜੀਤ ਸਿੰਘ ਤਲਵੰਡੀ ਤੋਂ ਇਲਾਵਾ ਬਲਵਿੰਦਰ ਸਿੰਘ ਸੰਧੂ, ਪ੍ਰੇਮ ਸਿੰਘ ਹਰਨਾਮਪੁਰਾ ਅਤੇ ਪ੍ਰਭਜੋਤ ਸਿੰਘ ਧਾਲੀਵਾਲ ਨੇ ਨੇ ਸਿਟ ਦੇ ਅਫ਼ਸਰਾਂ ’ਤੇ ਸਵਾਲ ਚੁੱਕਦਿਆ ਕਿਹਾ ਕਿ ਇਸ ਵਿੱਚ ਸ਼ਾਮਲ ਪੁਲਿਸ ਅਫ਼ਸਰ ਜਾਣਬੁਝ ਕੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਹਨ, ਜਿਹੜੇ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੂੰ ਇਸ ਮਸਲੇ ਵਿਚ ਨਜਾਇਜ਼ ਉਲਝਾਉਣਾ ਚਾਹੁੰਦੇ ਹਨ। ਉਨ੍ਹਾਂ ਸ਼ੰਕਾ ਜਤਾਈ ਕਿ ਸਿੱਟ ਦੀ ਸਾਰੀ ਰਿਪੋਰਟ ਪਾਰਟੀ ਦੀ ਦਿੱਲੀ ਹਾਈ ਕਮਾਂਡ ਬਣਾਏਗੀ। ਉਨ੍ਹਾਂ ਇਹ ਵੀ ਸ਼ੱਕ ਜਿਤਾਇਆ ਕਿ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਤੱਕ ਕੀਤੇ ਜਾਣ ਦੀ ਸੰਭਾਵਨਾ ਵੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਠੀਕ ਕਰਨ ਦੀ ਬਜਾਏ ਉਨ੍ਹਾਂ ਵਿਉਂਤਾਂ ਵਿਚ ਉਲਝੀ ਹੋਈ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਕਿਵੇਂ ਗ੍ਰਿਫਤਾਰ ਕੀਤਾ ਜਾ ਸਕੇ। ਆਗੂਆਂ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਅਜਿਹਾ ਹੋਇਆ ਤਾਂ ਪਾਰਟੀ ਦੇ ਆਗੂ ਅਤੇ ਵਰਕਰ ਚੁੱਪ ਕਰਕੇ ਨਹੀਂ ਬੈਠਣਗੇ।