
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਕਾਲੀ ਦਲ ਵੱਲੋਂ ਏਬੀਵੀਪੀ ਨੂੰ ਪੰਜਾਬ ਯੂਨੀਵਰਸਿਟੀ ਚੋਣਾਂ ’ਚ ਸਮਰਥਨ ਦੇਣਾ ਪੰਜਾਬ ਦੇ ਹਿੱਤਾਂ ’ਤੇ ਡਾਕਾ-ਬੱਬੀ ਮੂੰਡੀ

ਗੁਰਦੀਪ ਭਾਮੀਆਂ, ਪੰਜਾਬੀ ਜਾਗਰਣ, ਕੋਹਾੜਾ
ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅਕਾਲੀ ਦਲ ਵੱਲੋਂ ਏਬੀਵੀਪੀ ਨੂੰ ਦਿੱਤੇ ਸਮਰਥਨ ’ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਯੂਥ ਕਾਂਗਰਸੀ ਆਗੂ ਬੱਬੀ ਮੂੰਡੀ ਨੇ ਇਸ ਫ਼ੈਸਲੇ ਨੂੰ ਪੰਜਾਬ ਦੇ ਹਿੱਤਾਂ ਨਾਲ ਧੋਖਾ ਕਰਾਰ ਦਿੱਤਾ ਹੈ। ਬੱਬੀ ਮੂੰਡੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਇਤਿਹਾਸਕ ਅਤੇ ਵਿਰਾਸਤੀ ਸੰਸਥਾ ਹੈ, ਜਿਸ ਨਾਲ ਪੰਜਾਬ ਦੇ ਵਿਦਿਆਰਥੀਆਂ ਤੇ ਲੋਕਾਂ ਦੀਆਂ ਭਾਵਨਾਵਾਂ ਡੂੰਘੇ ਤੌਰ ’ਤੇ ਜੁੜੀਆਂ ਹੋਈਆਂ ਹਨ। ਅਜਿਹੇ ਮੁੱਦੇ ’ਤੇ ਕਿਸੇ ਵੀ ਪਾਰਟੀ ਵੱਲੋਂ ਲਿਆ ਗਿਆ ਫ਼ੈਸਲਾ ਪੰਜਾਬ ਦੇ ਹਿੱਤਾਂ ਤੇ ਵਿਦਿਆਰਥੀਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਹੋਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਵੱਲੋਂ ਏਬੀਵੀਪੀ ਨੂੰ ਸਮਰਥਨ ਦੇਣ ਦਾ ਫ਼ੈਸਲਾ ਪੰਜਾਬ ਦੀਆਂ ਭਾਵਨਾਵਾਂ ਦੇ ਉਲਟ ਹੈ। ਬੱਬੀ ਮੂੰਡੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਆਪਣੇ ਹੱਕਾਂ, ਸੂਬੇ ਦੀ ਪਛਾਣ ਅਤੇ ਯੂਨੀਵਰਸਿਟੀ ਦੇ ਮਸਲਿਆਂ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹਨ ਅਤੇ ਉਹ ਹਰ ਉਸ ਫ਼ੈਸਲੇ ਦਾ ਸਵਾਲ ਕਰਨਗੇ, ਜਿਸ ਨਾਲ ਪੰਜਾਬ ਦੇ ਹਿੱਤ ਪ੍ਰਭਾਵਿਤ ਹੁੰਦੇ ਹਨ।