ਸਫਾਈ ਸੇਵਕਾਂ ਦੇ ਹੱਕ ’ਚ ਆਏ ਅਕਾਲੀ ਆਗੂ
ਸਫਾਈ ਸੇਵਕਾਂ ਦੇ ਹੱਕ ’ਚ ਆਏ ਅਕਾਲੀ ਆਗੂ
Publish Date: Wed, 20 May 2026 09:15 PM (IST)
Updated Date: Thu, 21 May 2026 04:10 AM (IST)
ਮੁਲਾਜ਼ਮਾਂ ਤੇ ਲੋਕਾਂ ਦੇ ਹਾਲਾਤ ਦੇਖ ਕੇ ਸਰਕਾਰ ਤੋਂ ਮਸਲੇ ਦੇ ਹੱਲ ਦੀ ਕੀਤੀ ਮੰਗ
ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ
ਸ੍ਰੋਮਣੀ ਅਕਾਲੀ ਦਲ ਸਰਕਲ ਸਾਹਨੇਵਾਲ ਦੇ ਪ੍ਰਧਾਨ ਮਾਸਟਰ ਅਸ਼ੋਕ ਕੁਮਾਰ, ਰਾਜਨ ਅਤੇ ਰਾਜੇਸ਼ ਭਾਟੀਆ ਨੇ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਦਾ ਸਮਰਥਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਕਾਰਨ ਅੱਜ ਸੂਬੇ ਭਰ 'ਚ ਸਫਾਈ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਗਈ ਹੈ। ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸਾਹਨੇਵਾਲ ਸ਼ਹਿਰ 'ਚ ਗੰਦਗੀ ਦੇ ਢੇਰ ਲੱਗ ਗਏ ਹਨ। ਸਥਿਤੀ ਇੰਨੀ ਗੰਭੀਰ ਹੈ ਕਿ ਜਨਤਾ ਨਰਕ ਵਰਗੀ ਜ਼ਿੰਦਗੀ ਜਿਉਣ ਲਈ ਮਜਬੂਰ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤਾਂ ਸੜਕਾਂ ਤੇ ਆਉਣ ਵਾਲੇ ਲੋਕਾਂ, ਦੁਕਾਨਦਾਰਾਂ ਤੇ ਕੰਮਕਾਜੀ ਵਰਗ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੂੰ ਸਫਾਈ ਕਰਮਚਾਰੀਆਂ ਦਾ ਸ਼ੋਸ਼ਣ ਕਰਨਾ ਬੰਦ ਕਰ ਦੇਣਾ ਚਾਹੀਦਾ ਹੈ, ਕਿਉਂਕਿ ਆਪ ਸਰਕਾਰ ਸਫਾਈ ਕਰਮਚਾਰੀਆਂ ਦੇ ‘ਝਾੜੂ’ ਨਿਸ਼ਾਨ ’ਤੇ ਵੋਟਾਂ ਮੰਗ ਕੇ ਸੱਤਾ 'ਚ ਆਈ ਸੀ, ਅੱਜ ਉਹੀ ਉਨ੍ਹਾਂ ਦੇ ਹਿੱਤਾਂ ਦੀ ਅਣਦੇਖੀ ਕਰ ਰਹੀ ਹੈ। ਉਨ੍ਹਾਂ ਮੁਲਾਜ਼ਮਾਂ ਦੀ ਤਰਸਯੋਗ ਹਾਲਤ ਦਾ ਜ਼ਿਕਰ ਕਰਦਿਆਂ ਕਿਹਾ ਪੰਜਾਬ ਦੇ 90 ਫੀਸਦੀ ਸਫਾਈ ਕਰਮਚਾਰੀ ਅਜੇ ਵੀ ਕੱਚੇ ਹਨ ਅਤੇ ਸਿਰਫ਼ 10-11 ਹਜ਼ਾਰ ਰੁਪਏ ਦੀ ਮਾਮੂਲੀ ਤਨਖਾਹ 'ਤੇ ਕੰਮ ਕਰ ਰਹੇ ਹਨ। ਸਰਕਾਰ ਨੇ ਠੇਕੇਦਾਰੀ ਪ੍ਰਥਾ ਨੂੰ ਉਤਸ਼ਾਹਿਤ ਕਰ ਕੇ ਮੁਲਾਜ਼ਮਾਂ ਦੀ ਰੋਜ਼ੀ-ਰੋਟੀ 'ਤੇ ਸੰਕਟ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਸਮਾਜ ਦੀ ਮਜ਼ਬੂਤ ਰੀੜ੍ਹ ਦੀ ਹੱਡੀ ਹਨ, ਜੋ ਹਰ ਮੌਸਮ ਅਤੇ ਔਖੇ ਹਾਲਾਤਾਂ 'ਚ ਸਮਾਜ ਨੂੰ ਸਾਫ-ਸੁਥਰਾ ਰੱਖਣ ਦੀ ਜ਼ਿੰਮੇਵਾਰੀ ਨਿਭਾਉਂਦੇ ਹਨ। ਉਨ੍ਹਾਂ ਤੋਂ ਬਿਨ੍ਹਾਂ ਇਕ ਸਾਫ-ਸੁਥਰੇ ਅਤੇ ਸਿਹਤਮੰਦ ਸਮਾਜ ਦੀ ਕਲਪਨਾ ਅਧੂਰੀ ਹੈ। ਅੰਤ 'ਚ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਸਥਿਤੀ ਹੋਰ ਵੀ ਭਿਆਨਕ ਹੋ ਸਕਦੀ ਹੈ, ਜਿਸ ਦੀ ਪੂਰੀ ਜ਼ਿੰਮੇਵਾਰੀ ਮੌਜੂਦਾ ਸਰਕਾਰ ਦੀ ਹੋਵੇਗੀ।