
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਕਾਲੀਆਂ ਨੇ ਸੁਖਬੀਰ ’ਤੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਸੀਬੀਆਈ ਜਾਂਚ ਦੀ ਕੀਤੀ ਮੰਗ

-ਸੁਖਬੀਰ ਬਾਦਲ ਦੀ ਚੜ੍ਹਦੀ ਕਲਾ ਤੇ ਪੂਰਨ ਸਿਹਤਯਾਬੀ ਲਈ ਕੀਤੀ ਅਰਦਾਸ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਅਕਾਲੀ ਦਲ ਜੱਥਾ ਲੁਧਿਆਣਾ ਸ਼ਹਿਰੀ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਅਕਾਲੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਰਾਸ਼ਟਰ ਦੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਇਸ ਪੂਰੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਨਿਰਪੱਖ ਤੇ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ ਅਤੇ ਲੁਧਿਆਣਾ ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਸਮੇਤ ਹੋਰ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਘਟਨਾ ’ਤੇ ਗਹਿਰਾ ਰੋਸ ਪ੍ਰਗਟ ਕੀਤਾ। ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੀ ਚੜ੍ਹਦੀ ਕਲਾ ਤੇ ਪੂਰਨ ਸਿਹਤਯਾਬੀ ਲਈ ਅਰਦਾਸ ਵੀ ਕੀਤੀ। ਆਗੂਆਂ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਤੇ ਸੰਤਾਂ ਦੀ ਪਵਿੱਤਰ ਧਰਤੀ ਹੈ ਅਤੇ ਪੰਜਾਬ ਦੀ ਧਰਤੀ ਨੇ ਹਮੇਸ਼ਾ ਅਮਨ, ਭਾਈਚਾਰੇ ਤੇ ਸਾਂਝ ਦਾ ਸੰਦੇਸ਼ ਦਿੱਤਾ ਹੈ। ਸ੍ਰੋਮਣੀ ਅਕਾਲੀ ਦਲ ਕੁਰਬਾਨੀਆਂ ਦੀ ਲੰਮੀ ਪਰੰਪਰਾ ਵਿੱਚੋਂ ਪੈਦਾ ਹੋਈ ਉਹ ਜਮਹੂਰੀ ਜਥੇਬੰਦੀ ਹੈ, ਜਿਸ ਨੇ ਹਮੇਸ਼ਾ ਪੰਥ, ਪੰਜਾਬ ਤੇ ਪੰਜਾਬੀਆਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਸਿਰਫ਼ ਇੱਕ ਵਿਅਕਤੀ ’ਤੇ ਹਮਲਾ ਸਮਝਣਾ ਵੱਡੀ ਭੁੱਲ ਹੋਵੇਗੀ। ਇਹ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਤੇ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਚੁਣੌਤੀ ਦੇਣ ਵਾਲੀ ਘਟਨਾ ਹੈ। ਅਜਿਹੀਆਂ ਘਟਨਾਵਾਂ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸੰਕੇਤ ਹੋ ਸਕਦੀਆਂ ਹਨ, ਇਸ ਲਈ ਹਰ ਪੰਜਾਬੀ ਨੂੰ ਸੁਚੇਤ ਅਤੇ ਸੁਚੇਤ ਰਹਿਣ ਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਸੁਖਬੀਰ ਦੀ ਸੁਰੱਖਿਆ ਲਈ ਗੁਰੂ ਸਾਹਿਬ ਦੀ ਅਪਾਰ ਕਿਰਪਾ ਰਹੀ ਹੈ ਤੇ ਔਖੇ ਸਮੇਂ ਵਿੱਚ ਵੀ ਉਹ ਚੜ੍ਹਦੀ ਕਲਾ ਵਿੱਚ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ, ਵਰਕਰ ਅਤੇ ਪੰਜਾਬ ਦੇ ਲੋਕ ਇਸ ਮੁਸ਼ਕਲ ਘੜੀ ਵਿੱਚ ਆਪਣੇ ਪ੍ਰਧਾਨ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ।
ਪਾਰਟੀ ਦੇ ਆਗੂਆਂ ਨੇ ਕਿਹਾ ਕਿ ਕੁੱਝ ਤਾਕਤਾਂ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਕੇ ਸਿਆਸੀ ਤੇ ਸਮਾਜਿਕ ਅਸਥਿਰਤਾ ਪੈਦਾ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਆਵਾਜ਼ ਨੂੰ ਦਬਾਉਣ ਦੀਆਂ ਅਜਿਹੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਕੀਮਤ ’ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨਾ ਧਮਕੀਆਂ ਤੋਂ ਡਰਨ ਵਾਲੀ ਪਾਰਟੀ ਹੈ ਅਤੇ ਨਾ ਹੀ ਹਮਲਿਆਂ ਨਾਲ ਆਪਣੀ ਆਵਾਜ਼ ਨੂੰ ਦਬਣ ਦੇਵੇਗੀ। ਪਾਰਟੀ ਨੇ ਹਮੇਸ਼ਾ ਕੁਰਬਾਨੀਆਂ ਦੇ ਕੇ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੇ ਹੱਕਾਂ ਲਈ ਪੂਰੀ ਦ੍ਰਿੜਤਾ ਨਾਲ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਪ੍ਰਧਾਨ ਪ੍ਰਿਤਪਾਲ ਸਿੰਘ, ਬਾਬਾ ਅਜੀਤ ਸਿੰਘ, ਕਮਲ ਚੇਤਲੀ, ਜਗਬੀਰ ਸਿੰਘ ਸੋਖੀ, ਆਰਡੀ ਸ਼ਰਮਾ, ਅਮਿਤ ਗੋਸਾਈ, ਚਰਨਦੀਪ ਸਿੰਘ ਚੰਨੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।