ਕੁੱਲ ਹਿੰਦ ਕਿਸਾਨ ਸਭਾ ਵੱਲੋਂ ਡੀਸੀ ਦਫਤਰਾਂ ਅੱਗੇ ਧਰਨੇ 6 ਨੂੰ
ਕੁੱਲ ਹਿੰਦ ਕਿਸਾਨ ਸਭਾ ਵੱਲੋਂ ਡੀਸੀ ਦਫਤਰਾਂ ਅੱਗੇ ਧਰਨੇ 6 ਨੂੰ
Publish Date: Mon, 30 Mar 2026 08:01 PM (IST)
Updated Date: Tue, 31 Mar 2026 04:11 AM (IST)

ਸੁਰਿੰਦਰ ਅਰੋੜਾ, ਪੰਜਾਬੀ ਜਾਗਰਣ, ਮੁੱਲਾਂਪੁਰ ਦਾਖਾ : ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਸਾਥੀ ਮੇਜਰ ਸਿੰਘ ਭਿੱਖੀਵਿੰਡ ਅਤੇ ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਗਰੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ 6 ਅਪ੍ਰੈਲ ਨੂੰ ਰੋਸ ਧਰਨੇ ਉਪਰੰਤ ਮੰਗ ਪੱਤਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕਰ ਰਹੀ ਹੈ ਅਤੇ ਆਪਣੇ ਚਹੇਤੇ ਪੂੰਜੀਪਤੀ ਅਤੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ’ਤੇ ਲੱਗੀ ਹੋਈ ਹੈ। ਉਨ੍ਹਾਂ ਕਿਸਾਨੀ ਮੰਗਾਂ ਦਾ ਜਿਕਰ ਕਰਦਿਆਂ ਕਿਹਾ ਫਸਲਾਂ ਲਈ ਸੀ-2 ਪਲੱਸ 50 ਪ੍ਰਤੀਸ਼ਤ ’ਤੇ ਐਮ.ਐਸ.ਪੀ. ਦਾ ਕਾਨੂੰਨ, ਕਿਸਾਨ-ਮਜਦੂਰਾਂ ਦੀਆਂ ਖ਼ੁਦਕੁਸ਼ੀਆਂ ਨੂੰ ਖ਼ਤਮ ਕਰਨ ਲਈ ਮੁਕੰਮਲ ਕਰਜ਼ਾ ਮੁਆਫ਼ੀ, ਬਿਜਲੀ ਸੋਧ ਬਿਲ, ਬੀਜ ਬਿੱਲ, ਵੀਬੀ ਗ੍ਰਾਮੀਣ ਐਕਟ ਸਮੇਤ ਚਾਰ ਕਿਰਤ ਕਾਨੂੰਨਾਂ ਨੂੰ ਰੱਦ ਕਰਵਾਉਣਾ ਤੇ ਬਜ਼ੁਰਗ ਕਿਰਤੀਆਂ-ਕਿਸਾਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣਾ ਸ਼ਾਮਲ ਹਨ। ਆਗੂਆਂ ਕਿਸਾਨਾਂ ਤੇ ਮਿਹਨਤਕਸ਼ਾਂ ਨੂੰ ਅਪੀਲ ਕੀਤੀ ਕਿ ਉਹ 6 ਅਪ੍ਰੈਲ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਦਿੱਤੇ ਜਾਣ ਵਾਲੇ ਧਰਨਿਆਂ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ। ਉਨ੍ਹਾਂ ਇਹ ਵੀ ਕਿਹਾ ਕਿ ਕੁੱਲ ਹਿੰਦ ਕਿਸਾਨ ਸਭਾ ਦੀ ਸਥਾਪਨਾ 11 ਅਪ੍ਰੈਲ 1936 ਨੂੰ ਲਖਨਊ (ਉੱਤਰ ਪ੍ਰਦੇਸ਼) ਕੀਤੀ ਗਈ ਸੀ। ਕਿਸਾਨ ਸਭਾ ਦੇ ਪਹਿਲੇ ਪ੍ਰਧਾਨ ਸਾਥੀ ਸਹਿਜਾਨੰਦ ਸਰਸਵਤੀ ਅਤੇ ਪਹਿਲੇ ਜਨਰਲ ਸਕੱਤਰ ਐਨ.ਜੀ.ਰੰਗਾ ਚੁਣੇ ਗਏ ਸਨ। ਆਗੂਆਂ ਨੇ ਦੱਸਿਆ ਕਿ ਜੱਥੇਬੰਦੀ ਦਾ ਸਥਾਪਨਾ ਦਿਵਸ 11 ਅਪ੍ਰੈਲ ਨੂੰ ਪੰਜਾਬ ਭਰ ਵਿੱਚ ਸਥਾਨਕ ਪੱਧਰ ’ਤੇ ਮਨਾਇਆ ਜਾਵੇਗਾ ਤੇ ਆਗੂ ਅਤੇ ਵਰਕਰ ਆਪੋ ਆਪਣੇ ਘਰਾਂ-ਦਫਤਰਾਂ ’ਤੇ ਜੱਥੇਬੰਦੀ ਦੇ ਝੰਡੇ ਲਹਿਰਾਕੇ ਮਨਾਉਣ।