- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਹਿਮ ਖ਼ਬਰ-ਲੁਧਿਆਣਾ ’ਚ ਹੋਵੇਗੀ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ', ਕੈਲਾਸ਼ ਖੇਰ ਦੇਣਗੇ ਪੇਸ਼ਕਾਰੀ

-ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਬਾਲੀ ਨੇ ਲਿਆ ਜਾਇਜ਼ਾ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਭਗਵਾਨ ਸ਼ਿਵ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ 'ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ' 14 ਅਗਸਤ ਨੂੰ ਦਰੇਸੀ ਗਰਾਊਂਡ, ਲੁਧਿਆਣਾ ਵਿਖੇ ਹੋਵੇਗਾ। ਇਸ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਦੇਸ਼ ਦੇ ਪ੍ਰਸਿੱਧ ਗਾਇਕ ਕੈਲਾਸ਼ ਖੇਰ ਆਪਣੀ ਭਗਤੀਮਈ ਪੇਸ਼ਕਾਰੀ ਦੇਣਗੇ।ਇਹ ਜਾਣਕਾਰੀ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦਿੱਤੀ। ਬਾਲੀ ਨੇ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਨਗਰ ਨਿਗਮ ਦੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਏਡੀਸੀਪੀ (ਹੈਡਕੁਆਟਰ) ਵੈਭਵ ਸਹਿਗਲ, ਸਹਾਇਕ ਕਮਿਸ਼ਨਰ (ਜਨਰਲ) ਪਾਇਲ ਗੋਇਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੇ ਸ਼ਰਮਾ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਦੇ ਪ੍ਰਧਾਨ ਰੋਸ਼ਨ ਲਾਲ ਆਰੀਆ, ਸਨਾਤਨ ਸੇਵਾ ਸਮਿਤੀ ਲੁਧਿਆਣਾ ਤੋਂ ਕਰਨ ਢੰਡ, ਵਰਣ ਮਹਿਤਾ, ਜਤਿੰਦਰ ਸੋਨੀ, ਆਰੀਅਨ ਸੋਨੀ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲੁਧਿਆਣਾ ਵਿਖੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਤੇ ਵੱਖ-ਵੱਖ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸ਼ਰਧਾਲੂਆਂ ਦੀ ਸਹੂਲਤ, ਸੁਰੱਖਿਆ, ਆਵਾਜਾਈ ਪ੍ਰਬੰਧਨ, ਪਾਰਕਿੰਗ, ਪੀਣ ਵਾਲੇ ਪਾਣੀ, ਸਫ਼ਾਈ, ਡਾਕਟਰੀ ਸਹਾਇਤਾ ਅਤੇ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਬਾਲੀ ਨੇ ਕਿਹਾ ਕਿ ਸਮਾਗਮ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਹੈ ਅਤੇ ਇਸ ਵਿੱਚ ਹਜ਼ਾਰਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਸਮਾਗਮ ਵਿੱਚ ਸ਼ਰਧਾਲੂ ਵਜੋਂ ਸ਼ਾਮਲ ਹੋ ਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ। ਸਮਾਗਮ ਕੇਵਲ ਇੱਕ ਧਾਰਮਿਕ ਪ੍ਰੋਗਰਾਮ ਨਹੀਂ, ਸਗੋਂ ਆਸਥਾ, ਸੱਭਿਆਚਾਰ ਤੇ ਸਮਾਜਿਕ ਸਦਭਾਵਨਾ ਦਾ ਪ੍ਰਤੀਕ ਹੈ, ਜੋ ਸਮਾਜ ਵਿੱਚ ਭਾਈਚਾਰੇ, ਏਕਤਾ ਤੇ ਸਾਂਝ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ। ਪੰਜਾਬ ਸਰਕਾਰ ਸਾਰੇ ਲੁੜੀਂਦੇ ਪ੍ਰਬੰਧਾਂ ’ਚ ਸਹਿਯੋਗ ਪ੍ਰਦਾਨ ਕਰ ਰਹੀ ਹੈ, ਜਦਕਿ ਸਥਾਨਕ ਮੰਦਰ ਕਮੇਟੀਆਂ, ਧਾਰਮਿਕ ਸੰਸਥਾਵਾਂ ਤੇ ਸਮਾਜ ਸੇਵੀ ਸੰਸਥਾਵਾਂ ਆਪਸੀ ਤਾਲਮੇਲ ਨਾਲ ਸਮਾਗਮ ਨੂੰ ਸਫਲ ਬਣਾਉਣ ਲਈ ਕੰਮ ਕਰ ਰਹੇ ਹਨ। ਉਨ੍ਹਾਂ ਲੁਧਿਆਣਾ ਤੇ ਆਸ-ਪਾਸ ਦੇ ਇਲਾਕਿਆਂ ਦੇ ਸਮੂਹ ਸ਼ਰਧਾਲੂਆਂ ਨੂੰ ਪਰਿਵਾਰ ਸਮੇਤ ਇਸ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋ ਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਨ ਤੇ ਸਮਾਜਿਕ ਏਕਤਾ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਹੋਰ ਮਜ਼ਬੂਤ ਬਣਾਉਣ ਦੀ ਅਪੀਲ ਕੀਤੀ।