ਸ਼ਹੀਦ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਈਕ ਰੈਲੀ ਕੱਢਣ ਦਾ ਐਲਾਨ
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 130ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮੋਟਰਸਾਈਕਲ ਰੈਲੀ ਕੱਢਣ ਦਾ ਐਲਾਨ
Publish Date: Sat, 23 May 2026 07:12 PM (IST)
Updated Date: Sun, 24 May 2026 04:11 AM (IST)

-ਨਾਟਕ ਟੀਮ ਰੰਗ ਮੰਚ ਰੰਗ ਨਗਰੀ ਵੱਲੋਂ ਦੋ ਨਾਟਕ ‘ਸਕੈਲਪਲ ਤੇ ਖੁਸ਼ਬੂ’ ਖੇਡੇ ਜਾਣਗੇ --- ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਨੌਜਵਾਨ ਸਭਾ ਦੀ ਇੱਕ ਅਹਿਮ ਮੀਟਿੰਗ ਗਦਰੀ ਬਾਬਾ ਭਾਨ ਸਿੰਘ ਯਾਦਗਾਰ ਸੁਨੇਤ, ਭਾਈ ਰਣਧੀਰ ਸਿੰਘ ਨਗਰ ਵਿਖੇ ਹੋਈ। ਜਿਸ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 130ਵੇਂ ਜਨਮ ਦਿਹਾੜੇ ਨੂੰ ਸਮਰਪਿਤ 24 ਮਈ ਨੂੰ ਮੋਟਰਸਾਈਕਲ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਅਤੇ ਮਾਰਚ ਦੀਆਂ ਤਿਆਰੀਆਂ ਸਬੰਧੀ ਤੇ ਮਾਰਚ ਦੀ ਰੂਪ ਰੇਖਾ ਬਾਰੇ ਗੱਲਬਾਤ ਕੀਤੀ ਗਈ। ਜਾਣਕਾਰੀ ਦਿੰਦਿਆਂ ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਨੌਜਵਾਨ ਸਭਾ ਦੇ ਪ੍ਰਧਾਨ ਐਡਵੋਕੇਟ ਹਰਪ੍ਰੀਤ ਜ਼ੀਰਖ ਅਤੇ ਜਨਰਲ ਸਕੱਤਰ ਰਾਕੇਸ਼ ਆਜ਼ਾਦ ਨੇ ਕਿਹਾ ਕਿ ਇਹ ਮੋਟਰਸਾਈਕਲ ਮਾਰਚ ਗਦਰੀ ਬਾਬਾ ਭਾਨ ਸਿੰਘ ਯਾਦਗਾਰ ਤੋਂ ਸਵੇਰੇ 9 ਵਜੇ ਸ਼ੁਰੂ ਹੋ ਕੇ ਲੁਧਿਆਣੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਲੰਘਦਾ ਹੋਇਆ ਭਾਈ ਬਾਲਾ ਚੌਂਕ ਸਥਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ਤੱਕ ਜਾਵੇਗਾ। ਇਸ ਮਾਰਚ ਦਾ ਮਕਸਦ ਇਲਾਕੇ ਦੇ ਲੋਕਾਂ ਨੂੰ ਸ਼ਹੀਦ ਦੇ ਦਿਹਾੜੇ ਦੀ ਮਹੱਤਤਾ ’ਤੇ ਉਨ੍ਹਾਂ ਵੱਲੋਂ ਕੀਤੀ ਕੁਰਬਾਨੀ ਬਾਰੇ ਜਾਗਰੂਕ ਕਰਨਾ ਅਤੇ ਇਸ ਤੋਂ ਸਿੱਖਦੇ ਹੋਏ ਜ਼ਿੰਦਗੀ ਵਿੱਚ ਅੱਗੇ ਵਧਣ। ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਉਮਰ ਸ਼ਹੀਦੀ ਸਮੇਂ ਬਹੁਤ ਛੋਟੀ ਸੀ, ਪਰੰਤੂ ਉਨ੍ਹਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਨੇ ਅਤੇ ਕੁਰਬਾਨੀ ਨੇ ਉਨ੍ਹਾਂ ਨੂੰ ਹਮੇਸ਼ਾ ਲਈ ਅਮਰ ਕਰ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਮੌਕੇ ਕੀਤੇ ਜਾ ਰਹੇ ਮੋਟਰਸਾਈਕਲ ਮਾਰਚ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਦੇਣ। ਇਸ ਤੋਂ ਇਲਾਵਾ ਸ਼ਾਮ 7 ਵਜੇ ਗਦਰੀ ਬਾਬਾ ਭਾਨ ਸਿੰਘ ਯਾਦਗਾਰ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮਦਿਨ ਨੂੰ ਸਮਰਪਿਤ ਨਾਟਕਕਾਰ ਤਰਲੋਚਨ ਸਿੰਘ ਦੀ ਨਿਰਦੇਸ਼ਨਾ ਹੇਠ ਨਾਟਕ ਟੀਮ ਰੰਗ ਮੰਚ ਰੰਗ ਨਗਰੀ ਵੱਲੋਂ ਦੋ ਨਾਟਕ ‘ਸਕੈਲਪਲ ਅਤੇ ਖੁਸ਼ਬੂ’ ਖੇਡੇ ਜਾਣਗੇ। ਸ਼ਾਮ ਦੇ ਇਸ ਸਮਾਗਮ ਵਿੱਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਣਗੇ। ਇਸ ਮੌਕੇ ਮੀਟਿੰਗ ਵਿੱਚ ਸਭਾ ਦੇ ਮੀਤ ਪ੍ਰਧਾਨ ਜਗਜੀਤ ਗੁੜੇ, ਸਹਾਇਕ ਸਕੱਤਰ ਮੀਨੂੰ ਸ਼ਰਮਾ, ਖਜਾਨਚੀ ਤਜਿੰਦਰ ਕੁਮਾਰ ਤੋਂ ਇਲਾਵਾ ਪ੍ਰਤਾਪ ਸਿੰਘ, ਰਾਜੀਵ ਕੁਮਾਰ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।