- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਕਸ ਲੈਂਡ ਯੂਜ਼ ਇਲਾਕੇ ਦੇ ਕਾਰਖ਼ਾਨਿਆਂ ਨੂੰ ਉਜਾੜਨ ਤੋ ਬਚਾਉਣ ਲਈ ਸੰਘਰਸ਼ ਵਿੱਢਣ ਦਾ ਐਲਾਨ

-ਠੁਕਰਾਲ ਤੇ ਵਿਸ਼ਵਕਰਮਾ ਦੀ ਅਗਵਾਈ ’ਚ 8 ਅਕਤੂਬਰ ਨੂੰ ਜ਼ਿਲ੍ਹਾ ਉਦਯੋਗ ਕੇਂਦਰ ’ਚ ਧਰਨਾ ਲਾਉਣ ਦਾ ਫ਼ੈਸਲਾ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਮਿਕਸ ਲੈਂਡ ਯੂਜ਼ ਤਹਿਤ ਚੱਲ ਰਹੇ ਕਰੀਬ 50 ਹਜ਼ਾਰ ਕਾਰਖ਼ਾਨਿਆਂ ਦੀ ਮਿਆਦ ਸਤੰਬਰ ਵਿੱਚ ਖ਼ਤਮ ਹੋਣ ਤੋਂ ਬਾਅਦ ਇਨ੍ਹਾਂ ਕਾਰਖ਼ਾਨਿਆਂ ’ਤੇ ਉਜਾੜੇ ਦੀ ਤਲਵਾਰ ਲਟਕਣ ਦਾ ਦਾਅਵਾ ਕਰਦਿਆਂ ਸਮਾਲ ਸਕੇਲ ਮੈਨੂਫੈਕਚਰਜ਼ ਐਸੋਸੀਏਸ਼ਨ ਨੇ ਸਰਕਾਰ ਤੋਂ ਤੁਰੰਤ ਹੱਲ ਦੀ ਮੰਗ ਕੀਤੀ ਹੈ। ਇਸ ਦੌਰਾਨ ਐਸੋਸੀਏਸ਼ਨ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਯੂਸੀਪੀਐੱਮਏ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਵਿਸ਼ਵਕਰਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਦਯੋਗਪਤੀਆਂ ਨੇ ਇਸ ਮਸਲੇ ਨੂੰ ਲੈ ਕੇ 8 ਅਕਤੂਬਰ ਨੂੰ ਜ਼ਿਲ੍ਹਾ ਉਦਯੋਗ ਕੇਂਦਰ ਲੁਧਿਆਣਾ ਦੇ ਦਫ਼ਤਰ ਦੇ ਬਾਹਰ ਧਰਨਾ ਦੇਣ ਦਾ ਫ਼ੈਸਲਾ ਕੀਤਾ ਹੈ।
ਠੁਕਰਾਲ ਤੇ ਵਿਸ਼ਵਕਰਮਾ ਨੇ ਕਿਹਾ ਕਿ ਮਿਕਸ ਲੈਂਡ ਯੂਜ਼ ਦੀ ਮਿਆਦ ਖ਼ਤਮ ਹੋਣ ਕਾਰਨ ਇਸ ਤਹਿਤ ਆਉਂਦੇ ਕਾਰਖ਼ਾਨਿਆਂ ਦੇ ਸੰਚਾਲਨ ਨੂੰ ਲੈ ਕੇ ਗੰਭੀਰ ਸਥਿਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵੱਲੋਂ ਪਹਿਲਾਂ ਵੀ ਜ਼ਿਲ੍ਹਾ ਉਦਯੋਗ ਕੇਂਦਰ ਨੂੰ ਮੰਗ ਪੱਤਰ ਦੇਣ ਤੋਂ ਇਲਾਵਾ ਸਰਕਾਰ ਨਾਲ ਸੰਪਰਕ ਕਰ ਕੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਹਾਲੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਮਸਲੇ ਦਾ ਹੱਲ ਨਾ ਕੀਤਾ ਗਿਆ, ਤਾਂ ਹਜ਼ਾਰਾਂ ਸਨਅਤੀ ਇਕਾਈਆਂ ਅਤੇ ਉਨ੍ਹਾਂ ਨਾਲ ਜੁੜੇ ਲੋਕਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋ ਸਕਦੀ ਹੈ। ਮੀਟਿੰਗ ਵਿਚ ਸਰਬ-ਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਸਰਕਾਰ ਦਾ ਧਿਆਨ ਇਸ ਮਸਲੇ ਵੱਲ ਖਿੱਚਣ ਲਈ 8 ਅਕਤੂਬਰ ਨੂੰ ਜ਼ਿਲ੍ਹਾ ਸਨਅਤੀ ਕੇਂਦਰ ਦੇ ਬਾਹਰ ਰੋਸ ਧਰਨਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਧਰਨੇ ਰਾਹੀਂ ਸਰਕਾਰ ਤੋਂ ਇਨ੍ਹਾਂ ਇਲਾਕਿਆਂ ਨੂੰ ਸਨਅਤੀ ਇਲਾਕੇ ਵਜੋਂ ਘੋਸ਼ਿਤ ਕਰਨ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਇਸ ਮਸਲੇ ਦਾ ਸਥਾਈ ਹੱਲ ਹੋਣ ਤੱਕ ਸੰਘਰਸ਼ ਜਾਰੀ ਰੱਖੇਗੀ। ਮੀਟਿੰਗ ਦੌਰਾਨ ਸਵਿੰਦਰ ਸਿੰਘ ਹੂੰਝਣ, ਰਜਿੰਦਰ ਸਿੰਘ ਕਲਸੀ, ਸੁਮੇਸ਼ ਕੋਛੜ, ਗਗਨ ਸ਼ਰਮਾ, ਅਸ਼ੋਕ ਪੱਬੀ, ਪਵਨ ਢੰਡ, ਸੁਰਿੰਦਰ ਸਿੰਘ, ਸੁਖਚੈਨ ਸਿੰਘ, ਹਰਜੀਤ ਸਿੰਘ ਪਨੇਸਰ, ਰਵਿੰਦਰ ਸਿੰਘ, ਲਖਵਿੰਦਰ ਸਿੰਘ ਲਾਲੀ, ਵਿੱਕੀ ਦੁਰਗਾ, ਰਜਨੀਸ਼ ਖੁੱਲਰ, ਇੰਦਰਜੀਤ ਸਿੰਘ, ਬਲਬੀਰ ਸਿੰਘ, ਕੁਲਦੀਪ ਸਿੰਘ ਸੰਧੂ, ਦਿਨੇਸ਼ ਗੋਗੀਆ, ਦਵਿੰਦਰ ਭਟਨਾਗਰ, ਗੁਰਮੀਤ ਸਿੰਘ ਅਤੇ ਹਰਭਜਨ ਸਿੰਘ ਕੈਂਥ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ।